ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼;

0
36

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ
– ਤੁਰਕੀ ਅਧਾਰਤ ਹੈਰੋਇਨ ਸਮੱਗਲਰ ਨਵਪ੍ਰੀਤ ਉਰਫ ਨਵ ਇਸ ਸਿੰਡੀਕੇਟ ਦਾ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ
– ਸਿੰਡੀਕੇਟ ਦਾ ਨੈਟਵਰਕ 5 ਦੇਸ਼ਾਂ – ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਅਤੇ ਸਥਾਨਕ ਨੈਟਵਰਕ ਦੋ ਸੂਬਿਆਂ – ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਫੈਲਿਆ: ਡੀਜੀਪੀ ਪੰਜਾਬ
– ਪੁਲਿਸ ਨੇ ਸਤਨਾਮ ਸਿੰਘ ਕੋਲੋਂ 8 ਕਿਲੋ ਹੈਰੋਇਨ, ਜਦਕਿ ਬਾਕੀ 40 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਉਸਦੀ ਧੀ ਅਤੇ ਜਵਾਈ ਕੋਲੋਂ ਕੀਤੀ ਬਰਾਮਦ: ਸੀਪੀ ਜਲੰਧਰ ਸਵਪਨ ਸ਼ਰਮਾ
ਚੰਡੀਗੜ੍ਹ/ਜਲੰਧਰ, 29 ਅਪ੍ਰੈਲ:
ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ ਮੈਂਬਰਾਂ ਨੂੰ 48 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ,  ਨਵਾਂਸ਼ਹਿਰ ਜੋ ਮੌਜੂਦਾ ਸਮੇਂ ਹੁਸ਼ਿਆਰਪੁਰ ਦੇ ਸੁਭਾਸ਼ ਨਗਰ ਵਿਖੇ ਰਹਿ ਰਿਹਾ ਹੈ; ਉਸ ਦੀ ਧੀ ਅਮਨ ਰੋਜ਼ੀ ਅਤੇ ਉਸ ਦੇ ਜਵਾਈ ਹਰਦੀਪ ਸਿੰਘ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਤਿੰਨ ਲਗਜ਼ਰੀ ਕਾਰਾਂ, ਜਿਨ੍ਹਾਂ ਵਿਚ ਟੋਇਟਾ ਇਨੋਵਾ, ਮਹਿੰਦਰਾ ਐਕਸਯੂਵੀ ਅਤੇ ਹੁੰਡਈ ਵਰਨਾ ਸ਼ਾਮਲ ਹਨ, ਜ਼ਬਤ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਕਬਜ਼ੇ ਵਿਚੋਂ ਕੈਸ਼ ਕਾਉਂਟਿੰਗ ਮਸ਼ੀਨ ਵੀ ਬਰਾਮਦ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਡਰੱਗ ਸਿੰਡੀਕੇਟ ਦਾ ਨੈਟਵਰਕ 5 ਦੇਸ਼ਾਂ – ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਅਤੇ ਸਥਾਨਕ ਨੈਟਵਰਕ ਦੋ ਸੂਬਿਆਂ – ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਫੈਲਿਆ ਹੋਇਆ ਹੈ ਅਤੇ ਇਹ ਸਿੰਡੀਕੇਟ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਦੀ ਇਸ ਖੇਪ ਨੂੰ ਭਾਰਤ ਵਿੱਚ ਭੇਜਣ ਲਈ ਗੁਜਰਾਤ ਦੇ ਸਮੁੰਦਰੀ ਮਾਰਗ ਅਤੇ ਜੰਮੂ-ਕਸ਼ਮੀਰ ਦੇ ਮੈਦਾਨੀ ਰਸਤੇ ਦੀ ਵਰਤੋਂ ਕੀਤੀ ਗਈ ਸੀ।
ਡੀਜੀਪੀ ਨੇ ਦੱਸਿਆ ਕਿ ਤੁਰਕੀ ਅਧਾਰਤ ਹੈਰੋਇਨ ਸਮੱਗਲਰ, ਜਿਸ ਦੀ ਪਛਾਣ ਨਵਪ੍ਰੀਤ ਸਿੰਘ ਉਰਫ ਨਵ ਵਜੋਂ ਹੋਈ ਹੈ, ਇਸ ਸਿੰਡੀਕੇਟ ਦਾ ਮਾਸਟਰਮਾਈਂਡ ਹੈ। ਜ਼ਿਕਰਯੋਗ ਹੈ ਕਿ 2021 ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਜ਼ਬਤ ਕੀਤੀ 350 ਕਿਲੋ ਹੈਰੋਇਨ ਦੀ ਤਸਕਰੀ ਵਿੱਚ ਨਵਪ੍ਰੀਤ ਸ਼ਾਮਲ ਸੀ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ
ਵਾਈ-ਪੁਆਇੰਟ ਭਗਤ ਸਿੰਘ ਕਾਲੋਨੀ ਬਾਈਪਾਸ ਨੇੜੇ ਵਿਸ਼ੇਸ਼ ਨਾਕਾ ਲਗਾਇਆ ਗਿਆ ਅਤੇ ਚੈਕਿੰਗ ਦੌਰਾਨ ਟੋਇਟਾ ਇਨੋਵਾ ਕਾਰ ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.08-ਡੀ.ਐਸ.-2958 ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਟੀਮਾਂ ਨੇ ਉਸਨੂੰ ਕਾਬੂ ਕਰ ਲਿਆ ਅਤੇ ਉਸਦੇ ਵਾਹਨ ਦੀ ਤਲਾਸ਼ੀ ਲੈਣ ’ਤੇ ਗੱਡੀ ਦੇ ਅੰਦਰ ਰੱਖੇ ਬੈਗ ਵਿੱਚ ਛੁਪਾ ਕੇ ਰੱਖੀ 8 ਕਿਲੋ ਹੈਰੋਇਨ ਬਰਾਮਦ ਹੋਈ।
ਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਸਤਨਾਮ ਨੇ ਖੁਲਾਸਾ ਕੀਤਾ ਕਿ ਉਸਦੀ ਧੀ ਅਮਨ ਰੋਜ਼ੀ ਵਿੱਤੀ ਰਿਕਾਰਡ ਦੀ ਸਾਂਭ ਸੰਭਾਲ ਕਰਦੀ ਸੀ ਅਤੇ ਉਸਦਾ ਜਵਾਈ ਹਰਦੀਪ ਸਿੰਘ ਵੱਖ-ਵੱਖ ਜ਼ਿਲਿ੍ਹਆਂ ਵਿੱਚ ਹੈਰੋਇਨ ਦੀ ਵੰਡ ਦਾ ਕੰਮ ਕਰਦਾ ਸੀ ਅਤੇ ਆਉਣ-ਜਾਣ ਲਈ ਉਹ ਅਕਸਰ ਵੱਖ-ਵੱਖ ਵਾਹਨਾਂ ਦੀ ਵਰਤੋਂ ਕਰਦਾ ਸੀ।
ਉਨ੍ਹਾਂ ਦੱਸਿਆ ਕਿ ਇਸ ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਵਾਂ ਸ਼ੱਕੀਆਂ ਨੂੰ ਨਕੋਦਰ, ਜਲੰਧਰ ਰੋਡ ਤੋਂ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ 40 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ, ਦੋ ਵਾਹਨ ਅਤੇ ਕੈਸ਼ ਕਾਊਂਟਿੰਗ ਮਸ਼ੀਨ ਬਰਾਮਦ ਕੀਤੀ।
ਉਨ੍ਹਾਂ ਦੱਸਿਆ ਕਿ ਹੋਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਸਾਲ 2017 ’ਚ ਨਸ਼ੇ ਨਾਲ ਸਬੰਧਤ ਮਾਮਲੇ ਵਿੱਚ ਹੁਸ਼ਿਆਰਪੁਰ ਜੇਲ ‘ਚ ਕੈਦ ਦੌਰਾਨ ਦੋਸ਼ੀ ਸਤਨਾਮ ਸਿੰਘ ਨੇ ਨਸ਼ੇ ਦੇ ਵੱਡੇ ਸਰਗਨਿਆਂ ਨਾਲ ਹੱਥ ਮਿਲਾਇਆ ਅਤੇ ਜ਼ਮਾਨਤ ਮਿਲਣ ਉਪਰੰਤ ਵੱਡੀ ਮਾਤਰਾ ’ਚ ਹੈਰੋਇਨ ਮੰਗਵਾਉਣੀ ਸ਼ੁਰੂ ਕਰ ਦਿੱਤੀ ।
ਦੱਸਣਯੋਗ ਹੈ ਕਿ ਸਾਲ 2023 ਵਿੱਚ, ਸਤਨਾਮ ਦੇ ਪੁੱਤਰ ਮਨਜੀਤ ਸਿੰਘ ਨੂੰ ਵੀ ਜੰਮੂ ਵਿੱਚ ਇੱਕ ਹੋਰ ਡਰੱਗ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਸਦਕਾ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ, ਪੈਸੇ, ਵਾਹਨਾਂ ਅਤੇ ਹੋਰ ਸਮਾਨ ਦੀ ਬਰਾਮਦਗੀ ਹੋਈ ਸੀ।
———–
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
– ਸਟਾਫ਼ ਲਈ ਪੀਣ ਵਾਲਾ ਪਾਣੀ, ਛਾਂ, ਵੇਟਿੰਗ ਏਰੀਆ ਅਤੇ ਸਾਫ਼-ਸੁਥਰੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼
– ਪੋਲਿੰਗ ਸਟਾਫ਼ ਨੂੰ ਸਮੇਂ-ਸਿਰ ਦਿੱਤਾ ਜਾਵੇ ਮਾਣ ਭੱਤਾ: ਸਿਬਿਨ ਸੀ
– ਮਹਿਲਾਵਾਂ ਅਤੇ ਦਿਵਿਆਂਗ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕਰਨ ਲਈ ਕਿਹਾ
ਚੰਡੀਗੜ੍ਹ, 29 ਅਪ੍ਰੈਲ:
ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੋਲਿੰਗ ਸਟਾਫ਼ ਦੀ ਭਲਾਈ ਅਤੇ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ, 2024 ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਦਿਨਾਂ ਦੌਰਾਨ ਗਰਮੀ ਸਿਖ਼ਰ ’ਤੇ ਹੋਵੇਗੀ। ਇਸ ਲਈ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਨਾਲ ਸਬੰਧਤ ਹੋਰ ਸੈਂਟਰਾਂ ਉੱਤੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਜਿੱਥੇ ਛਾਂ, ਪੀਣ ਵਾਲਾ ਪਾਣੀ, ਵੇਟਿੰਗ ਏਰੀਆ, ਪੁਰਸ਼ਾਂ ਅਤੇ ਮਹਿਲਾਵਾਂ ਲਈ ਸਾਫ਼-ਸੁਥਰੇ ਪਖਨਿਆਂ ਦੇ ਸੁਚਾਰੂ ਪ੍ਰਬੰਧ ਹੋਣ।
ਉਨ੍ਹਾਂ ਅੱਗੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਪੱਤਰ ਵਿੱਚ ਅਧਿਕਾਰੀਆਂ ਨੂੰ ਸਾਰੇ ਸਿਖਲਾਈ ਸਥਾਨਾਂ, ਡਿਸਪਰਸਲ ਤੇ ਕੁਲੈਕਸ਼ਨ ਸੈਂਟਰਾਂ, ਪੋਲਿੰਗ ਸਟੇਸ਼ਨਾਂ ’ਤੇ ਲੋੜੀਂਦੀਆਂ ਦਵਾਈਆਂ (ਓ.ਆਰ.ਐਸ. ਘੋਲ ਆਦਿ) ਅਤੇ ਪੈਰਾ ਮੈਡੀਕਲ ਸਟਾਫ ਦੀ ਤਾਇਨਾਤੀ ਕਰਨ ਲਈ ਕਿਹਾ ਹੈ। ਇਹ ਨਿਰਦੇਸ਼ ਵੀ ਦਿੱਤੇ ਗਏ ਹਨ ਸਟਾਫ਼ ਲਈ ਕੂਲਰ, ਰਿਫਰੈਸ਼ਮੈਂਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ, ਗਰਮੀ ਤੋਂ ਰਾਹਤ ਲਈ ਟੈਟਾਂ ਦਾ ਢੁਕਵਾਂ ਪ੍ਰਬੰਧ, ਸੰਕੇਤਕ ਚਿੰਨ੍ਹਾਂ ਦੀ ਵਿਵਸਥਾ ਅਤੇ ਪੋਲਿੰਗ ਪਾਰਟੀ ਦੇ ਕੁਲੈਕਸ਼ਨ ਸੈਂਟਰਾਂ ’ਤੇ ਪਹੁੰਚਣ ਅਤੇ ਪੋਲਿੰਗ ਸਮੱਗਰੀ ਸੌਂਪਣ ਤੋਂ ਬਾਅਦ ਪੋਲਿੰਗ ਸਟਾਫ਼ ਨੂੰ ਘਰ ਛੱਡਣ ਲਈ ਆਵਾਜਾਈ ਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਮੁੱਖ ਚੋਣ ਅਧਿਕਾਰੀ ਨੇ ਚੋਣ ਸਮੱਗਰੀ ਜਮ੍ਹਾਂ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨ ’ਤੇ ਪੋਲਿੰਗ ਸਟਾਫ਼, ਮਾਈਕਰੋ ਆਬਜ਼ਰਵਰਾਂ ਅਤੇ ਸੁਰੱਖਿਆ ਸਟਾਫ਼ (ਪੁਲਿਸ ਅਤੇ ਸੀ.ਏ.ਪੀ.ਐਫ. ਦੋਵੇਂ) ਲਈ ਬਿਸਤਰਿਆਂ, ਰਿਫਰੈਸ਼ਮੈਂਟ, ਸਾਫ਼-ਸੁਥਰੇ ਪਖਾਨੇ ਅਤੇ ਮੈਡੀਕਲ ਸੁਵਿਧਾਵਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਜਿੱਥੇ ਪੋਲਿੰਗ ਸਟੇਸ਼ਨ ਸਕੂਲਾਂ ਤੋਂ ਇਲਾਵਾ ਕਿਸੇ ਹੋਰ ਜਗ੍ਹਾ ਸਥਿਤ ਹਨ, ਵਿੱਚ ਅਧਿਕਾਰੀਆਂ ਨੂੰ ਪੋਲਿੰਗ ਪਾਰਟੀਆਂ ਦੇ ਖਾਣੇ ਦਾ ਢੁਕਵਾਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ । ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਗਰਮੀ ਸਬੰਧੀ ਚੇਤਾਵਨੀ ਦੇ ਮੱਦੇਨਜ਼ਰ ਵੋਟਰ ਪੋਲਿੰਗ ਸਟੇਸ਼ਨਾਂ ’ਤੇ ਦੇਰੀ ਨਾਲ ਪਹੁੰਚ ਸਕਦੇ ਹਨ ਅਤੇ ਸ਼ਾਮ 6.00 ਵਜੇ ਤੋਂ ਬਾਅਦ ਵੀ ਵੋਟਿੰਗ ਲਈ ਕਤਾਰ ਲੱਗਣ ਦੀ ਸੰਭਾਵਨਾ ਹੈ, ਜਿਸ ਕਰਕੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਰੋਸ਼ਨੀ ਲਈ ਬਿਜਲੀ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਪੋਲਿੰਗ ਸਟਾਫ ਦੀ ਤਾਇਨਾਤੀ ਦੌਰਾਨ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੋਟ ਵਾਲੀਆਂ ਸ਼੍ਰੇਣੀਆਂ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਲੈਣ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਮਹਿਲਾ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾਣੀ ਹੈ। ਮੁੱਖ ਚੋਣ ਅਧਿਕਾਰੀ ਨੇ ਪੱਤਰ ਵਿੱਚ ਕਿਹਾ ਕਿ ਜਿੱਥੇ ਛੋਟੇ ਬੱਚੇ ਤੇ ਬਜ਼ੁਰਗ ਅਤੇ ਹੋਰ ਵਿਅਕਤੀ ਜਿਨ੍ਹਾਂ ਨੂੰ ਦੇਖਭਾਲ ਦੀ ਲੋੜ ਹੈ, ਦੀ ਡਿਊਟੀ ਸਬੰਧੀ ਮਾਮਲਿਆਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇ।
ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਡਿਊਟੀ ਸਟਾਫ਼ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਚੋਣ ਡਿਊਟੀ ’ਤੇ ਤਾਇਨਾਤ ਸਾਰੇ ਚੋਣ ਅਮਲੇ ਨੂੰ ਈ.ਡੀ.ਸੀ. (ਇਲੈਕਸ਼ਨ ਡਿਊਟੀ ਸਰਟੀਫਿਕੇਟ) ਅਤੇ ਪੀ.ਬੀ (ਪੋਸਟਲ ਬੈਲਟ) ਵਾਸਤੇ ਫਾਰਮ ਮੁਹੱਈਆ ਕਰਵਾਏ ਜਾਣ ਅਤੇ ਵੋਟਰ ਸੁਵਿਧਾ ਕੇਂਦਰਾਂ ਰਾਹੀਂ ਉਨ੍ਹਾਂ ਦੀ ਸਮੇਂ ਸਿਰ ਵੋਟਿੰਗ ਕਰਵਾਈ ਜਾਵੇ।

LEAVE A REPLY

Please enter your comment!
Please enter your name here