ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ

0
17

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ

ਮੁਲਾਜ਼ਮਾਂ ਦੇ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ; 3,189 ਕਰਮਚਾਰੀਆਂ ਨੂੰ ਮਿਲੇਗਾ ਲਾਭ

ਕੈਬਨਿਟ ਮੰਤਰੀ ਵੱਲੋਂ 4,000 ਤੋਂ ਵੱਧ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ ਪ੍ਰਤੀ ਮੁਲਾਜ਼ਮ 10,000 ਰੁਪਏ ਦੇਣ ਦਾ ਐਲਾਨ

ਚੰਡੀਗੜ੍ਹ, 26 ਅਕਤੂਬਰ:

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ.  ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ ਅਤੇ 3,189 ਕਰਮਚਾਰੀਆਂ ਨੂੰ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਟਰਾਂਸਪੋਰਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਕਰਮਚਾਰੀਆਂ ਦੀਆਂ ਵਿੱਤੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਨੇ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਲਈ ਅਕਤੂਬਰ 2022 ਤੋਂ ਅਗਸਤ 2023 ਤੱਕ ਦੇ 5 ਫ਼ੀਸਦੀ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੇ ਬਕਾਏ ਦੀ ਇਹ ਵੰਡ ਤਿੰਨ ਪੜਾਵਾਂ ਵਿੱਚ ਕੀਤੀ ਜਾਵੇਗੀ, ਜਿਸ ਤਹਿਤ ਲਗਭਗ 1.15 ਕਰੋੜ ਰੁਪਏ ਦੀ ਕਿਸ਼ਤ 3,189 ਕਰਮਚਾਰੀਆਂ ਨੂੰ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਕੀ ਦੀਆਂ ਕਿਸ਼ਤਾਂ ਲਈ ਜਨਵਰੀ ਅਤੇ ਮਾਰਚ 2025 ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਤੰਬਰ 2023 ਤੋਂ ਬਾਅਦ ਕਰਮਚਾਰੀਆਂ ਦੀਆਂ ਵਧੀਆਂ ਹੋਈਆਂ ਤਨਖ਼ਾਹਾਂ ਨਿਰਧਾਰਤ ਸਮਾਂ-ਸੀਮਾ ਅੰਦਰ ਜਾਰੀ ਕੀਤੀਆਂ ਜਾ ਰਹੀਆਂ ਹਨ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਰਮਚਾਰੀਆਂ ਦੀ ਭਲਾਈ ਹਿੱਤ ਇੱਕ ਹੋਰ ਪਹਿਲਕਦਮੀ ਤਹਿਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪਨਬੱਸ ਨੇ ਆਪਣੇ ਲਗਭਗ 4,052 ਆਊਟਸੋਰਸ ਅਤੇ ਠੇਕਾ ਆਧਾਰਤ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ 10,000 ਰੁਪਏ ਪ੍ਰਤੀ ਮੁਲਾਜ਼ਮ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਐਡਵਾਂਸ ਉਨ੍ਹਾਂ ਦੀ ਅਕਤੂਬਰ 2024 ਦੀ ਤਨਖ਼ਾਹ ਵਿੱਚੋਂ ਦਿੱਤਾ ਜਾਵੇਗਾ ਅਤੇ ਬਾਅਦ ਵਿੱਚ ਉਸੇ ਮਹੀਨੇ ਦੀ ਤਨਖ਼ਾਹ ਵਿੱਚੋਂ ਇਸ ਨੂੰ ਐਡਜਸਟ ਕਰ ਲਿਆ ਜਾਵੇਗਾ।

ਟਰਾਂਸਪੋਰਟ ਮੰਤਰੀ ਨੇ ਕਰਮਚਾਰੀਆਂ ਦੀ ਭਲਾਈ ਲਈ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਪਹਿਲਕਦਮੀਆਂ ਕਰਮਚਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀਆਂ ਗਈਆਂ ਹਨ।

———–

LEAVE A REPLY

Please enter your comment!
Please enter your name here