ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

0
182

ਰੁਜ਼ਗਾਰ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਮਜ਼ਬੂਤ ਉਦਯੋਗਿਕ ਖੇਤਰ: ਅਮਨ ਅਰੋੜਾ

ਦੋਵੇਂ ਕੈਬਨਿਟ ਮੰਤਰੀਆਂ ਨੇ ਰੋਲਰ ਫਲੋਰ ਮਿੱਲਰ ਇੰਡਸਟਰੀ ਦੀਆਂ ਮੰਗਾਂ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ

ਚੰਡੀਗੜ੍ਹ, 28 ਜੁਲਾਈ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਖੇਤਰ ਵਿੱਚ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਨ ‘ਤੇ ਜ਼ੋਰ ਦਿੱਤਾ ਹੈ ਅਤੇ ਉਦਯੋਗ ਇਸ ਦਾ ਬਹੁਤ ਅਹਿਮ ਹਿੱਸਾ ਹਨ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰੋਲਰ ਫਲੋਰ ਮਿੱਲਰਜ਼ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ‘ਦ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ ਪੰਜਾਬ ਦੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸੂਬੇ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕੀਤਾ ਜਾ ਸਕੇ। ਮੰਤਰੀ ਨੇ ਇਸ ਗੱਲ ‘ਤੇ ਵੀ ਖੁਸ਼ੀ ਜ਼ਾਹਰ ਕੀਤੀ ਕਿ 30 ਸਾਲਾਂ ਬਾਅਦ ਪੰਜਾਬ ਵਿੱਚ ਅਜਿਹਾ ਸਮਾਗਮ ਕਰਵਾਇਆ ਜਾ ਰਿਹਾ ਹੈ।

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮਜ਼ਬੂਤ ਉਦਯੋਗਿਕ ਖੇਤਰ ਨਾ ਸਿਰਫ਼ ਸੂਬੇ ਦੀ ਆਰਥਿਕਤਾ ਨੂੰ ਚਲਾਉਂਦਾ ਹੈ ਸਗੋਂ ਰੁਜ਼ਗਾਰ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਰੋਲਰ ਫਲੋਰ ਮਿੱਲ ਉਦਯੋਗ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਰੋਲਰ ਫਲੋਰ ਮਿਲਿੰਗ ਇੰਡਸਟਰੀ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਵੀ ਰੱਖੀਆਂ ਜਿਨ੍ਹਾਂ ਵਿੱਚ ਸਾਰੀਆਂ ਮੰਡੀਆਂ ਲਈ ਇੱਕ ਹੀ ਲਾਇਸੈਂਸ ਲੈਣ ਲਈ ਬੈਂਕ ਗਾਰੰਟੀ ਦੀ ਸ਼ਰਤ ਨੂੰ ਹਟਾਉਣ, ਉਦਯੋਗ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਗਠਿਤ ਕਰਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਅਤੇ ਉਦਯੋਗ ਦੀ ਬਿਹਤਰ ਭਾਈਵਾਲੀ ਅਤੇ ਕਣਕ ਦੀਆਂ ਵਿਸ਼ੇਸ਼ ਕਿਸਮਾਂ ਨੂੰ ਉਤਸ਼ਾਹਿਤ ਕਰਨ ਲਈ ਯੋਜਨਾਵਾਂ ਤਿਆਰ ਅਤੇ ਲਾਗੂ ਕਰਨ ਬਾਰੇ ਮੰਗ ਸ਼ਾਮਲ ਹੈ। ਦੋਵਾਂ ਮੰਤਰੀਆਂ ਨੇ ਮੰਗਾਂ ਨੂੰ ਬਿਹਤਰ ਢੰਗ ਨਾਲ ਵਿਚਾਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ ਪੰਜਾਬ ਤੋਂ ਧਰਮਿੰਦਰ ਸਿੰਘ ਗਿੱਲ (ਪ੍ਰਧਾਨ), ਅਨਿਲ ਪੋਪਲੀ (ਮੀਤ ਪ੍ਰਧਾਨ), ਦੀਨਮ ਸੂਦ (ਜਨਰਲ ਸਕੱਤਰ), ਵਿਪਨ ਮਿੱਤਲ (ਵਿੱਤ ਸਕੱਤਰ) ਅਤੇ ਸ਼ੁਭਮ ਗੋਇਲ (ਜੁਆਇੰਟ ਸਕੱਤਰ) ਸ਼ਾਮਲ ਸਨ।

LEAVE A REPLY

Please enter your comment!
Please enter your name here