ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਫਗਵਾੜਾ ਪ੍ਰਸ਼ਾਸਨ ਵੱਲੋਂ ਅੱਜ ਵੋਟਰਾਂ ਨੂੰ ਆਪਣੇ ਵੋਟਰ ਆਈ.ਡੀ ਕਾਰਡਾਂ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਸਹੂਲਤ ਲਈ ਵਿਸ਼ੇਸ਼ ਬੂਥ ਪੱਧਰੀ ਕੈਂਪ ਲਗਾਇਆ ਗਿਆ ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਭਵਿੱਖ ਵਿੱਚ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੇ ਅੱਜ ਫਗਵਾੜਾ ਦੇ ਸਾਰੇ 227 ਪੋਲਿੰਗ ਬੂਥਾਂ ‘ਤੇ 1.93 ਲੱਖ ਵੋਟਰਾਂ ਦੀ ਸਹੂਲਤ ਲਈ ਇਹ ਕੈਂਪ ਲਗਾਏ। ਇਨ੍ਹਾਂ ਕੈਂਪਾਂ ਦੌਰਾਨ ਤਾਇਨਾਤ ਕੀਤੇ ਗਏ ਸਟਾਫ਼ ਨੇ ਲੋਕਾਂ ਨੂੰ ਆਪਣੇ ਫਾਰਮ ਭਰ ਕੇ ਲੋਕਾਂ ਦੀ ਸਹੂਲਤ ਪ੍ਰਦਾਨ ਕੀਤੀ ਜਿਸ ਨਾਲ ਉਹ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੇ ਯੋਗ ਹੋ ਗਏ। ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ: ਨਯਨ ਜੱਸਲ ਨੇ ਵੀ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਚੱਲ ਰਹੀ ਪ੍ਰਕਿਰਿਆ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਦੇਸ਼ ਵਿੱਚ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਈਵਾਲ ਬਣਨ। ਉਨ੍ਹਾਂ ਕਿਹਾ ਕਿ ਇਹ ਕੈਂਪ ਦੇਸ਼ ਵਿੱਚ ਲੋਕਤੰਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਹ ਕੈਂਪ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਲਗਾਏ ਜਾ ਰਹੇ ਹਨ ਕਿ ਵੋਟਰ ਸੂਚੀ ਵਿੱਚ ਸ਼ਾਮਲ ਹਰੇਕ ਯੋਗ ਵੋਟਰ ਆਪਣਾ ਆਧਾਰ ਕਾਰਡ ਵੋਟਰ ਆਈ.ਡੀ. ਕਾਰਡ ਨਾਲ ਲਿੰਕ ਕਰਵਾਉਣ।ਉਨ੍ਹਾਂ ਅੱਗੇ ਕਿਹਾ ਕਿ ਸਾਰੇ ਵੋਟਰਾਂ ਦੇ ਆਧਾਰ ਕਾਰਡਾਂ ਨੂੰ ਉਨ੍ਹਾਂ ਦੇ ਵੋਟਰ ਸ਼ਨਾਖਤੀ ਕਾਰਡਾਂ ਨਾਲ ਜੋੜਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਡਾ: ਜੱਸਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਵੱਡੀ ਪੱਧਰ ‘ਤੇ ਸਫ਼ਲ ਬਣਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਹ ਵੋਟਰ ਦਾ ਅਧਿਕਾਰ ਹੈ ਕਿ ਉਹ ਆਪਣੇ ਕਾਰਡ ਨੂੰ ਵੋਟਰ ਆਈਡੀ ਨਾਲ ਲਿੰਕ ਕਰਵਾਉਣ ਜਾਂ ਨਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਕੋਲ ਆਧਾਰ ਕਾਰਡ ਨਹੀਂ ਹਨ, ਉਹ ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਬੈਠੇ ਬੂਥ ਲੈਵਲ ਅਫ਼ਸਰਾਂ ਕੋਲ ਫਾਰਮ 6-ਬੀ ਜਮ੍ਹਾਂ ਕਰਵਾ ਸਕਦੇ ਹਨ।