ਬਠਿੰਡਾ ਨਗਰ ਨਿਗਮ ਦੀ ਪਲਾਸਟਿਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦੀ ਪਹਿਲ

0
201
ਪਲਾਸਟਿਕ ਦੀ ਵਰਤੋਂ ਕਰਨ ਨਾਲ ਸੜਕਾਂ ਦੇ ਨਿਰਮਾਣ ਉਤੇ ਲਾਗਤ ਆਵੇਗੀ ਘੱਟ: ਡਾ. ਨਿੱਜਰ
ਪਲਾਸਟਿਕ ਰਹਿੰਦ-ਖੂੰਹਦ ਦੀ ਸਮੱਸਿਆਂ ਨਿਪਟਾਉਣ ਵਿੱਚ ਵੀ ਮਿਲੇਗੀ ਸਫਲਤਾ
ਚੰਡੀਗੜ, 28 ਅਕਤੂਬਰ:
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਇਸ ਦੀ ਵਿਕਾਸ ਕਾਰਜਾਂ ਵਿੱਚ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਨਗਰ ਨਿਗਮ ਬਠਿੰਡਾ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਪਲਾਸਿਟਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਸਟਾਫ ਵੱਲੋਂ ਸੜਕ ਦੇ ਨਿਰਮਾਣ ਵਿੱਚ ਪਲਾਸਟਿਕ ਦੀ ਵਰਤੋਂ ਦੀ ਸ਼ੁਰੂਆਤ ਨਾਲ ਪਲਾਸਟਿਕ ਦੀ ਰਹਿੰਦ-ਖੂੰਹਦ ਦਾ ਸਾਰਥਿਕ ਹੱਲ ਵੀ ਲੱਭ ਲਿਆ ਗਿਆ ਹੈ ਅਤੇ ਇਸ ਨਾਲ ਲਾਗਤ ਵੀ ਘੱਟ ਆਉਦੀ ਹੈ। ਉਨਾਂ ਦੱਸਿਆ ਕਿ ਬਠਿੰਡਾ ਵਿਖੇ ਜੁਝਾਰ ਸਿੰਘ ਨਗਰ ਰੋਡ ਬਾਜਵਾ ਘਰ ਤੋਂ ਮੇਨ ਗਲੀ ਤੱਕ ਅਤੇ ਗਲੀ ਨੰ. 3- ਏ ਜੁਝਾਰ ਸਿੰਘ ਨਗਰ ਵਿਖੇ ਪਲਾਸਟਿਕ ਰਹਿੰਦ-ਖੂੰਹਦ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗਲੀ ਨੰਬਰ 3 ਬੀ ਜੁਝਾਰ ਸਿੰਘ ਨਗਰ ਵਿਖੇ ਪਲਾਸਟਿਕ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਉਨਾਂ ਦੱਸਿਆ ਕਿ 1000 ਰਨਿੰਗ ਫੁੱਟ ਲੰਬੀ ਸੜਕ ਦੇ ਨਿਰਮਾਣ ਵਿੱਚ ਬਿੱਟੂਮੈਨ ਵਿੱਚ 8 ਫੀਸਦੀ ਪਲਾਸਟਿਕ ਰਹਿੰਦ-ਖੂੰਹਦ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਪਲਾਸਟਿਕ ਦੀ ਵਰਤੋਂ ਸੜਕਾਂ ਦੇ ਨਿਰਮਾਣ ਲਈ ਕਰਨ ਨਾਲ ਪਲਾਸਟਿਕ ਰਹਿੰਦ-ਖੂੰਹਦ ਦੀ ਸਮੱਸਿਆ ਦਾ ਨਿਪਟਾਰਾ ਕਰਨ ਵਿੱਚ ਸਫਲਤਾ ਮਿਲੇਗੀ ਜਿਸ ਨਾਲ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਦੂਸ਼ਣ ਰਹਿਤ ਬਣਾਇਆ ਜਾ ਸਕੇਗਾ। ਉਹਨਾਂ ਦੱਸਿਆ ਕਿ ਇਸ ਨਾਲ ਸੜਕਾਂ ਨੂੰ ਪਹਿਲਾਂ ਨਾਲੋਂ ਵਧੀਆ ਕੁਆਲਿਟੀ ਦਾ ਬਣਾਇਆ ਜਾ ਸਕੇਗਾ। ਇਸ ਦੇ ਨਾਲ ਹੀ ਸੜਕਾਂ ਬਣਾਉਣ ਦੀ ਲਾਗਤ ਵੀ ਘੱਟ ਆਵੇਗੀ। ਉਹਨਾਂ ਦੱਸਿਆ ਕਿ ਇਸਦੇ ਤਤਕਾਲ ਨਤੀਜੇ ਤਸੱਲੀਬਖਸ਼ ਹਨ। ਜਲਦ ਹੀ ਹੋਰ ਕਮੇਟੀ/ਕਾਰਪੋਰੇਸ਼ਨ ਵਿੱਚ ਪਲਾਸਟਿਕ ਦੀ ਵਰਤੋਂ ਸੜਕਾਂ ਦੇ ਕੰਮ ਵਿੱਚ ਕੀਤੀ ਜਾਵੇਗੀ।

LEAVE A REPLY

Please enter your comment!
Please enter your name here