ਸਨਮਾਨ ਮਿਲਣ ਨਾਲ ਜ਼ਿੰਮੇਵਾਰੀ ‘ਚ ਹੋਰ ਵਾਧਾ ਹੋਇਆ: ਡਾ. ਕਿਰਪਾਲ ਸਿੰਘ
ਸੰਗਰੂਰ,
ਪੁਲਿਸ ਲਾਇਨ ਸੰਗਰੂਰ ਵਿਖੇ ਗਣਤੰਤਰ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੂੰ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਸਨਮਾਨ ਪੱਤਰ ਤੇ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਇਹ ਸਨਮਾਨ ਸਿਰਫ ਉਨ੍ਹਾਂ ਦਾ ਨਿੱਜੀ ਨਹੀਂ ਹੈ, ਸਗੋਂ ਜ਼ਿਲ੍ਹੇ ਦੇ ਸਮੁੱਚੇ ਸਿਹਤ ਵਿਭਾਗ ਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਸਮੂਹ ਮੈਡੀਕਲ, ਪੈਰਾਮੈਡੀਕਲ ਸਮੇਤ ਹਰ ਕੇਡਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਬਿਹਤਰੀਨ ਸਿਹਤ ਸਹੂਲਤਾਂ ਸਦਕਾ ਹੈ। ਉਨ੍ਹਾਂ ਕਿਹਾ ਕਿ ਸਨਮਾਨ ਮਿਲਣ ਨਾਲ ਉਨ੍ਹਾਂ ਦੀ ਜਿਮੇਵਾਰੀ ਵਿੱਚ ਹੋਰ ਵਾਧਾ ਹੋਇਆ ਹੈ ਅਤੇ ਉਹ ਹੋਰ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਸੰਗਰੂਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰਹਿਣਗੇ।
ਇਸ ਮੌਕੇ ਡਾ. ਚਮਨਦੀਪ ਸਿੰਘ ਰੇਖੀ, ਡਾ. ਹਰਪ੍ਰੀਤ ਕੌਰ ਰੇਖੀ ਅਤੇ ਡਾ. ਰਮਨਵੀਰ ਕੌਰ ਬੋਪਾਰਾਏ ਨੂੰ ਵੀ ਸਿਵਲ ਸਰਜਨ ਦੀ ਅਗਵਾਈ ਵਿੱਚ ਸਨਮਾਨਿਤ ਕੀਤਾ ਗਿਆ।