ਬੀਕੇਯੂ ਉਗਰਾਹਾਂ ਨੇ ਐੱਮਐੱਸਪੀ ਸਮੇਤ ਕਿਸਾਨਾਂ-ਮਜ਼ਦੂਰਾਂ ਦੇ ਭਖਦੇ ਮਸਲਿਆਂ ਸਬੰਧੀ ਸੰਸਦ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਦੇ ਨਾਂ ਸੌਂਪੇ ਮੰਗ ਪੱਤਰ

0
126

ਪੰਜਾਬ ਦੇ 7 ਸੰਸਦ ਮੈਂਬਰਂ ਨੂੰ ਦਸਤੀ ਅਤੇ 2 ਨੂੰ ਦਰਵਾਜ਼ੇ ਉੱਤੇ ਚਿਪਕਾ ਕੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪੇ
ਚੰਡੀਗੜ੍ਹ, 29 ਮਈ, 2023: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਭਖਦੇ ਮਸਲਿਆਂ ਸਬੰਧੀ ਪੰਜਾਬ ਦੇ 7 ਸੰਸਦ ਮੈਂਬਰਾਂ ਨੂੰ ਦਸਤੀ ਅਤੇ 2 ਨੂੰ ਦਰਵਾਜ਼ੇ ਉੱਤੇ ਚਿਪਕਾ ਕੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪੇ ਗਏ।

ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਕਾਰਵਾਈ ਵਿੱਚ 7 ਸੰਸਦ ਮੈਂਬਰਾਂ ਮੁਹੰਮਦ ਸਦੀਕ,ਪ੍ਰਨੀਤ ਕੌਰ, ਗੁਰਜੀਤ ਸਿੰਘ ਔਜਲਾ, ਸੰਨੀ ਦਿਓਲ, ਜਸਵੀਰ ਸਿੰਘ ਡਿੰਪਾ, ਨਵਰੀਤ ਬਿੱਟੂ ਅਤੇ ਸੁਸ਼ੀਲ ਰਿੰਕੂ ਨੂੰ ਦਸਤੀ ਅਤੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੂੰ ਉਡੀਕਣ ਦੇ ਬਾਵਜੂਦ ਮਿਥੇ ਸਮੇਂ ਉੱਤੇ ਨਾ ਪੁੱਜਣ ਕਾਰਨ ਘਰ ਦੇ ਦਰਵਾਜ਼ੇ ਉੱਤੇ ਚਿਪਕਾ ਕੇ ਚੋਣ ਹਲਕੇ ਵਾਰ 17 ਜ਼ਿਲ੍ਹਿਆਂ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਭਾਰੀ ਗਿਣਤੀ ਔਰਤਾਂ ਸਮੇਤ ਜਨਤਕ ਇਕੱਠ ਕਰਕੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪੇ। ਇਨ੍ਹਾਂ ਮੰਗਾਂ ਵਿੱਚ ਡਾ: ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ, C2 + 50% ਫਾਰਮੂਲੇ ਅਨੁਸਾਰ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਅਤੇ ਮੁਕੰਮਲ ਖਰੀਦ ਦੀ ਗਰੰਟੀ ਦੇਣ ਵਾਲਾ ਕਾਨੂੰਨ ਬਣਾਇਆ ਜਾਵੇ। ਇਸ ਸੰਬੰਧੀ ਬਣਾਈ ਗਈ ਕਮੇਟੀ ਦੀਆਂ ਨਿਯਤ ਸ਼ਰਤਾਂ ਐੱਸ.ਕੇ.ਐੱਮ. ਦੀਆਂ ਸ਼ਰਤਾਂ ਦੇ ਉਲਟ ਹਨ, ਇਸ ਲਈ ਇਹ ਭੰਗ ਕਰਕੇ ਇੱਕ ਨਵੀਂ ਕਮੇਟੀ ਬਣਾਈ ਜਾਵੇ ਜਿਸ ਵਿੱਚ ਕੀਤੇ ਗਏ ਵਾਅਦੇ ਅਨੁਸਾਰ ਐਸ.ਕੇ.ਐਮ ਦੇ ਨੁਮਾਇੰਦੇ ਵੀ ਸ਼ਾਮਲ ਕੀਤੇ ਜਾਣ। ਖੇਤੀ ਦੀਆਂ ਲਾਗਤਾਂ ਵਧਣ ਅਤੇ ਫਸਲਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਾਰਨ, ਭਾਰਤ ਦੇ 80 ਪ੍ਰਤੀਸ਼ਤ ਤੋਂ ਵੱਧ ਕਿਸਾਨ ਤੇ ਖੇਤ ਮਜ਼ਦੂਰ ਜਾਨਲੇਵਾ ਕਰਜ਼ਿਆਂ ਵਿੱਚ 4 ਲੱਖ ਤੋਂ ਵੱਧ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਚੁੱਕੇ ਹਨ। ਇਸ ਲਈ ਅਸੀਂ ਸਾਰੇ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨ ਦੀ ਮੰਗ ਕਰਦੇ ਹਾਂ। ਬਿਜਲੀ ਸੋਧ ਬਿੱਲ, 2020 ਨੂੰ ਤੁਰੰਤ ਵਾਪਸ ਲਿਆ ਜਾਵੇ। ਲਖੀਮਪੁਰ ਖੀਰੀ ਯੂ ਪੀ ‘ਚ ਤਿਕੋਨੀਆ ਵਿਖੇ 3 ਅਕਤੂਬਰ 2021 ਨੂੰ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਕਤਲੇਆਮ ਦੇ ਮੁੱਖ ਸਾਜ਼ਿਸ਼ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਜੇਲ੍ਹ ਭੇਜਿਆ ਜਾਵੇ। ਇਸ ਮੌਕੇ ਝੂਠੇ ਕੇਸ ਵਿੱਚ ਫਸਾ ਕੇ ਜੇਲ੍ਹੀਂ ਡੱਕੇ ਬੇਕਸੂਰ ਚਾਰ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਦਰਜ ਕੀਤੇ ਝੂਠੇ ਕੇਸ ਤੁਰੰਤ ਵਾਪਸ ਲਏ ਜਾਣ। ਸਰਕਾਰ ਜ਼ਖਮੀ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਆਪਣਾ ਵਾਅਦਾ ਪੂਰਾ ਕਰੇ। ਸੋਕੇ, ਹੜ੍ਹ, ਭਾਰੀ ਮੀਂਹ/ਤੂਫ਼ਾਨ, ਨਕਲੀ ਬੀਜਾਂ/ਰਸਾਇਣਾਂ ਨਾਲ ਜਾਂ ਫਸਲੀ ਬਿਮਾਰੀਆਂ ਆਦਿ ਕਾਰਨ ਹੋਏ ਨੁਕਸਾਨ ਦੀ ਪੂਰੀ ਪੂਰੀ ਭਰਪਾਈ ਵਾਸਤੇ ਸਾਰੀਆਂ ਫਸਲਾਂ ਲਈ ਵਿਆਪਕ ਅਤੇ ਪ੍ਰਭਾਵੀ ਸਰਕਾਰੀ ਫਸਲ ਬੀਮਾ ਯੋਜਨਾ ਲਾਗੂ ਕੀਤੀ ਜਾਵੇ। ਸਾਰੇ ਦਰਮਿਆਨੇ, ਛੋਟੇ ਅਤੇ ਸੀਮਾਂਤ ਮਰਦ ਅਤੇ ਔਰਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ 10,000 ਰੁਪਏ ਪ੍ਰਤੀ ਮਹੀਨਾ ਕਿਸਾਨ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਦਿੱਲੀ ਕਿਸਾਨ ਅੰਦੋਲਨ ਦੌਰਾਨ ਦਿੱਲੀ ਅਤੇ ਹੋਰ ਰਾਜਾਂ ਜਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕਿਸਾਨਾਂ ਵਿਰੁੱਧ ਮੜ੍ਹੇ ਗਏ ਝੂਠੇ ਕੇਸ ਤੁਰੰਤ ਵਾਪਸ ਲਏ ਜਾਣ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ ਜਾਵੇ ਅਤੇ ਦਿੱਲੀ ਬਾਰਡਰ ‘ਤੇ ਸ਼ਹੀਦ ਕਿਸਾਨਾਂ ਦੀ ਯਾਦਗਾਰ ਬਣਾਉਣ ਲਈ ਜ਼ਮੀਨ ਐਲਾਟ ਕੀਤੀ ਜਾਵੇ।

ਇਸ ਮੌਕੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਆਗੂਆਂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ ਅਤੇ ਜਗਤਾਰ ਸਿੰਘ ਕਾਲਾਝਾੜ ਸਮੇਤ ਔਰਤ ਆਗੂ ਹਰਿੰਦਰ ਕੌਰ ਬਿੰਦੂ ਕਮਲਦੀਪ ਕੌਰ ਬਰਨਾਲਾ, ਮਨਦੀਪ ਕੌਰ ਬਾਰਨ, ਜਸਵੀਰ ਕੌਰ ਉਗਰਾਹਾਂ ਤੋਂ ਇਲਾਵਾ ਜ਼ਿਲ੍ਹਾ ਬਲਾਕ ਪੱਧਰੇ ਆਗੂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਦਿੱਲੀ ਕਿਸਾਨ ਘੋਲ਼ ਮੁਲਤਵੀ ਕਰਨ ਮੌਕੇ 9 ਦਸੰਬਰ 2021 ਨੂੰ, ਸ਼੍ਰੀ ਸੰਜੇ ਅਗਰਵਾਲ, ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਇੱਕ ਪੱਤਰ (ਸਕੱਤਰ/AFW/2021/Mis/1) ਲਿਖ ਕੇ ਕਈ ਮੁੱਦਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਅੱਜ 17 ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਸਰਕਾਰ ਨੇ ਕਿਸਾਨ ਮੰਗਾਂ ਨੂੰ ਅਣਗੌਲਿਆਂ ਕੀਤਾ ਤਾਂ ਆਉਂਦੇ ਸਮੇਂ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਮੁਤਾਬਕ ਕਿਸਾਨ ਘੋਲ਼ ਹੋਰ ਤੇਜ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here