ਬੀਕੇਯੂ ਉਗਰਾਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੂੰ ਜਾਂਦੀ ਸੜਕ ਦੇ ਇੱਕ ਪਾਸੇ ਦਾ ਘਿਰਾਓ ਸ਼ੁਰੂ

0
250

ਪੱਕੇ ਮੋਰਚੇ ਦੇ ਬਾਰ੍ਹਵੇਂ ਦਿਨ ਅੱਜ ਕਿਸਾਨਾਂ ਦਾ ਭਾਰੀ ਇਕੱਠ ਜੁੜਿਆ ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ

ਬੀਕੇਯੂ ਉਗਰਾਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੂੰ ਜਾਂਦੀ ਸੜਕ ਦੇ ਇੱਕ ਪਾਸੇ ਦਾ ਘਿਰਾਓ ਸ਼ੁਰੂ
ਪੱਕੇ ਮੋਰਚੇ ਦੇ ਬਾਰ੍ਹਵੇਂ ਦਿਨ ਅੱਜ ਕਿਸਾਨਾਂ ਦਾ ਭਾਰੀ ਇਕੱਠ ਜੁੜਿਆ
ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 20 ਅਕਤੂਬਰ, 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੀਤੇ ਗਏ ਸਖ਼ਤ ਐਕਸ਼ਨ ਦਾ ਐਲਾਨ ਲਾਗੂ ਕਰਦਿਆਂ ਪੰਜਾਬ ਸਰਕਾਰ ਦੁਆਰਾ ਮੰਨੀਆਂ ਮੰਗਾਂ ਲਾਗੂ ਕਰਨ ‘ਚ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਅੱਜ ਤੋਂ ਮੁੱਖ ਮੰਤਰੀ ਦੀ ਕੋਠੀ ਨੂੰ ਜਾਂਦੀ ਸੜਕ ਦੇ ਇੱਕ ਪਾਸੇ ਦਾ ਘਿਰਾਓ ਸ਼ੁਰੂ ਕਰ ਦਿੱਤਾ ਗਿਆ।
ਅੱਜ ਹਜ਼ਾਰ ਤੋਂ ਵੱਧ ਔਰਤਾਂ ਤੇ ਭਾਰੀ ਗਿਣਤੀ ਨੌਜਵਾਨਾਂ ਸਮੇਤ ਹਜ਼ਾਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਪੰਜ ਦਿਨ ਪਹਿਲਾਂ ਭੇਜੇ ਗਏ ਯਾਦ ਪੱਤਰ ਦੇ ਹੁੰਗਾਰੇ ਵਜੋਂ ਅਜੇ ਵੀ ਸਰਕਾਰ ਵੱਲੋਂ ਸਥਾਨਕ ਅਧਿਕਾਰੀਆਂ ਰਾਹੀਂ “ਆਲ਼ੇ ਕੌਡੀ ਛਿੱਕੇ ਕੌਡੀ” ਵਾਲ਼ਾ ਟਾਲਮਟੋਲ ਵਤੀਰਾ ਅਪਣਾਇਆ ਹੋਇਆ ਹੈ। ਇੱਥੋਂ ਤੱਕ ਕਿ ਚਾਰ ਦਿਨ ਪਹਿਲਾਂ ਮੋਰਚੇ ਦੇ ਸਥਾਨ ‘ਤੇ ਰਾਤ ਨੂੰ ਸੱਪ ਲੜਨ ਕਾਰਨ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਦੇ ਵਾਰਸਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਇੱਕ ਜੀਅ ਨੂੰ ਪੱਕੀ ਨੌਕਰੀ ਤੋਂ ਇਲਾਵਾ ਪ੍ਰਵਾਰ ਜ਼ਿੰਮੇ ਖੜ੍ਹੇ ਸਾਰੇ ਕਰਜ਼ੇ ਦੇ ਖਾਤਮੇ ਬਾਰੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਲਈ ਨਿਰਵਿਵਾਦ ਲਾਗੂ ਹੋ ਰਹੀ ਮੰਗ ਬਾਰੇ ਵੀ ਚੁੱਪ ਧਾਰੀ ਹੋਈ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਜੇਕਰ ਮਾਨ ਸਰਕਾਰ ਦਾ ਇਹੀ ਵਤੀਰਾ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੜਕ ਦਾ ਦੂਜਾ ਪਾਸਾ ਵੀ ਜਾਮ ਕਰ ਦਿੱਤਾ ਜਾਵੇਗਾ ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਦੀ ਕੋਠੀ ਦੇ ਮੁਕੰਮਲ ਘਿਰਾਓ ਸਮੇਂ ਇਸ ਸੜਕ ‘ਤੇ ਵਸੀ ਹੋਈ ਗਰੀਨ ਕਲੋਨੀ ਦੇ ਵਾਸੀ ਆਮ ਲੋਕਾਂ ਦੀ ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ।
ਇਸ ਮੌਕੇ ਕਿਸਾਨਾਂ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਠੋਸ ਸੁਝਾਵਾਂ ਸਮੇਤ ਯਾਦ ਪੱਤਰ ‘ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀ ਦੀ ਖੇਤੀ ਲਈ ਪੂਰੀ ਪੂਰੀ ਵਰਤੋਂ ਦਾ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਤੁਰਤ ਦਿੱਤਾ ਜਾਵੇ। ਇਸਦੀ ਨਾਂ-ਮਾਤਰ ਵਰਤੋਂ ਬਾਰੇ 27 ਜੁਲਾਈ 2022 ਨੂੰ ਲੋਕ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਦੇ ਵੇਰਵੇ ਜਨਤਕ ਕੀਤੇ ਜਾਣ। ਜ਼ੀਰੇ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਦੀਪ ਮਲਹੋਤਰਾ ਦੀ ਸ਼ਰਾਬ ਫੈਕਟਰੀ ਦਾ ਪ੍ਰਦੂਸ਼ਣ ਰੋਕਣ ਬਾਰੇ ਜਥੇਬੰਦੀ ਨਾਲ ਬਣੀ ਸਹਿਮਤੀ ਅਨੁਸਾਰ ਇਸ ਫੈਕਟਰੀ ਨੂੰ ਤੁਰਤ ਬੰਦ ਕੀਤਾ ਜਾਵੇ। ਪੀਣ ਵਾਲੇ ਪਾਣੀ ਦੀ ਸਪਲਾਈ ਦੇ ਨਿੱਜੀਕਰਨ ਬਾਰੇ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਸੰਸਾਰ ਬੈਂਕ ਨਾਲ ਕੀਤੇ ਸਮਝੌਤੇ ਰੱਦ ਕਰਨ ਅਤੇ ਪੀਣ ਵਾਲੇ ਸਾਫ਼ ਪਾਣੀ ਲਈ ਸਰਕਾਰੀ ਜਲ ਸਪਲਾਈ ਪ੍ਰਬੰਧ ਪਹਿਲਾਂ ਵਾਂਗ ਮੁੜ ਬਹਾਲ ਕਰਨ ਬਾਰੇ ਠੋਸ ਰੋਡ ਮੈਪ ਬਣਾਉਣ ਦਾ ਵਚਨ ਦਿੱਤਾ ਜਾਵੇ। ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਜਬਰੀ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਚਾਰ ਜ਼ਿਲ੍ਹਿਆਂ ਵਿੱਚ ਲਗਾਤਾਰ ਧਰਨੇ ਲਾਈ ਬੈਠੇ ਕਿਸਾਨਾਂ ਨੂੰ ਮੀਟਿੰਗ ਵਿੱਚ ਤਹਿ ਹੋਏ ਤਰੀਕੇ ਮੁਤਾਬਕ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਸਿਰੇ ਲਾ ਕੇ ਘਰੀਂ ਤੋਰਿਆ ਜਾਵੇ।ਆਪਣੀ ਜ਼ਮੀਨ ਨੂੰ ਨਿਰਵਿਘਨ ਪੱਧਰ/ਨੀਵੀਂ ਕਰਨ ਲਈ ਵਾਹੀਯੋਗ ਜ਼ਮੀਨ ਨੂੰ ਮਾਈਨਿੰਗ ਕਾਨੂੰਨ ‘ਚੋਂ ਬਾਹਰ ਕੱਢਿਆ ਜਾਵੇ। ਝੋਨੇ ਦੇ ਔਸਤ ਝਾੜ ਅਤੇ ਕਾਸ਼ਤ ਗਰਦੌਰੀ ਦੀਆਂ ਸ਼ਰਤਾਂ ਰੱਦ ਕਰਕੇ ਅਤੇ ਨਮੀ 22% ਕਰਕੇ ਨਿਰਵਿਘਨ ਖਰੀਦ ਦੀ ਗਰੰਟੀ ਕੀਤੀ ਜਾਵੇ। ਝੋਨੇ ਦੀ ਥਾਂ ਸੌਣੀ ਦੀਆਂ ਹੋਰ ਫ਼ਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਮਿਥ ਕੇ ਪੂਰੀ ਖ੍ਰੀਦ ਦੀ ਕਾਨੂੰਨੀ ਗਰੰਟੀ ਲਈ ਠੋਸ ਰੋਡ ਮੈਪ ਲਿਆਉਣ ਦਾ ਵਾਅਦਾ ਕੀਤਾ ਜਾਵੇ। ਕੁਦਰਤੀ ਕਰੋਪੀਆਂ ਜਾਂ ਨਵੇਂ ਨਵੇਂ ਰੋਗਾਂ ਸੁੰਡੀਆਂ ਨਾਲ ਹੋਏ ਸਾਰੀਆਂ ਫਸਲਾਂ ਦੇ ਖਰਾਬੇ ਦੀ ਰਹਿੰਦੀ ਗਰਦੌਰੀ ਤੁਰੰਤ ਮੁਕੰਮਲ ਕਰਕੇ ਤਹਿਸ਼ੁਦਾ ਮੁਆਵਜ਼ੇ ਕਾਸ਼ਤਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਵੰਡਣ ਦਾ ਕੰਮ ਤੁਰੰਤ ਨਿਪਟਾਇਆ ਜਾਵੇ। ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਦੇਣ, ਭੰਗਾਲਾ(ਫਾਜਿਲਕਾ) ਵਿਖੇ 1300 ਏਕੜ ਰਕਬੇ ਨੂੰ ਬੰਦ ਪਏ ਨਹਿਰੀ ਪਾਣੀ ਦੀ ਸਪਲਾਈ ਬਹਾਲ ਕਰਨ ਅਤੇ ਅਬਾਦਕਾਰਾਂ ਨੂੰ ਨਾ ਉਜਾੜਨ ਦੇ ਮੀਟਿੰਗ ਵਿੱਚ ਨਿੱਬੜੇ ਠੋਸ ਕੇਸਾਂ ਦੇ ਨਿਪਟਾਰੇ ਲਈ ਲੋੜੀਂਦੇ ਲਿਖਤੀ ਦਸਤਾਵੇਜ਼ ਸੌਂਪੇ ਜਾਣ। ਬਿਨਾਂ ਸਾੜੇ ਪਰਾਲੀ ਦੇ ਨਿਪਟਾਰੇ ਲਈ 200 ਪ੍ਰਤੀ ਕੁਇੰਟਲ ਬੋਨਸ ਦੇਣਾ ਤਾਂ ਦੂਰ ਦੀ ਗੱਲ ਰਹੀ, ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਨ ਦੀ ਖ਼ੁਦ ਮੰਨੀ ਹੋਈ ਮੰਗ ਨੂੰ ਠੋਸ ਰੂਪ ਵਿੱਚ ਲਾਗੂ ਕਰਨ ਬਾਰੇ ਲਿਖਤੀ ਹਦਾਇਤਨਾਮਾ ਜਾਰੀ ਕੀਤਾ ਜਾਵੇ।
ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਕੇਂਦਰ ਸਰਕਾਰ ਦੁਆਰਾ ਕਣਕ ਦੇ ਐੱਮ ਐੱਸ ਪੀ ਵਿੱਚ ਕੀਤਾ ਗਿਆ ਨਿਗੂਣਾ ਵਾਧਾ ਰੱਦ ਕਰਦਿਆਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਲਾਭਕਾਰੀ ਐੱਮ ਐੱਸ ਪੀ ਮਿਥਣ ਦੀ ਮੰਗ ਕੀਤੀ। ਉਨ੍ਹਾਂ ਨੇ ਕਿਸਾਨਾਂ ਮਜ਼ਦੂਰਾਂ ਨੂੰ ਚੌਕਸ ਕੀਤਾ ਕਿ ਪੰਜਾਬ ਦੇ ਕੁੱਝ ਖਾਨਦਾਨੀ ਫਿਰਕਾਪ੍ਰਸਤ ਆਗੂਆਂ ਅਤੇ ਕੁੱਝ ਭਟਕੇ ਹੋਏ ਨੌਜਵਾਨਾਂ ਵੱਲੋਂ ਲੋਕਾਂ ਦੇ ਭਖਦੇ ਮਸਲਿਆਂ ਤੋਂ ਧਿਆਨ ਭਟਕਾ ਕੇ ਸਾਮਰਾਜੀ ਹਿਤਾਂ ਨੂੰ ਪ੍ਰਣਾਈਆਂ ਹੋਈਆਂ ਕੇਂਦਰੀ ਤੇ ਪੰਜਾਬ ਸਰਕਾਰਾਂ ਨੂੰ ਸੰਘਰਸ਼ ਦੀ ਫੇਟ ਤੋਂ ਬਚਾਉਣ ਲਈ ਲੋਕਾਂ ‘ਚ ਪਾਟਕ ਪਾਉਣ ਦੀ ਨੀਤੀ ਦੀ ਸਖ਼ਤ ਨਿੰਦਾ ਕੀਤੀ। ਇਸੇ ਤਰ੍ਹਾਂ ਐੱਸ ਵਾਈ ਐੱਲ ਨਹਿਰ ਜਾਂ ਚੰਡੀਗੜ੍ਹ ਵਰਗੇ ਭਰਾਤਰੀ ਭਾਵ ਨਾਲ ਹੱਲ ਹੋ ਸਕਣ ਵਾਲੇ ਮੁੱਦਿਆਂ ਨੂੰ ਬੇਲੋੜਾ ਵਾਦ-ਵਿਵਾਦ ਬਣਾ ਕੇ ਉਭਾਰਨ ਦੀ ਵੀ ਸਖ਼ਤ ਅਲੋਚਨਾ ਕੀਤੀ। ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਜਥੇਬੰਦੀ ਦੀ ਧਰਮ ਨਿਰਪੱਖਤਾ ਅਤੇ ਵੋਟ ਸਿਆਸਤ ਤੋਂ ਨਿਰਲੇਪਤਾ ਦੀ ਨੀਤੀ ਉੱਤੇ ਪਹਿਰਾ ਦੇਣ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੇ ਜਾਣ ਤੱਕ ਮੋਰਚੇ ਵਿੱਚ ਡਟੇ ਰਹਿਣ ਦਾ ਸੱਦਾ ਦਿੱਤਾ।
ਔਰਤ ਵਿੰਗ ਦੀ ਆਗੂ ਹਰਿੰਦਰ ਕੌਰ ਬਿੰਦੂ ਨੇ ਇਨ੍ਹਾਂ ਭਖੇ ਹੋਏ ਮੁੱਦਿਆਂ ਦੇ ਔਰਤਾਂ ਦੀ ਹੋਣੀ ਅਤੇ ਸਮਾਜਿਕ ਬਰਾਬਰੀ ਨਾਲ ਗਹਿਰੇ ਸੰਬੰਧਾਂ ਨੂੰ ਉਭਾਰਿਆ। ਭਰਾਤਰੀ ਜਥੇਬੰਦੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਨੇ ਕਿਸਾਨਾਂ ਮਜ਼ਦੂਰਾਂ ਦੀ ਸੰਘਰਸ਼ ਏਕਤਾ ਉੱਤੇ ਜ਼ੋਰ ਦਿੱਤਾ ਅਤੇ ਆਪਣੀ ਜਥੇਬੰਦੀ ਵੱਲੋਂ ਕਿਸਾਨ ਘੋਲ਼ ਦੀ ਡਟਵੀਂ ਹਮਾਇਤ ਜਾਰੀ ਰੱਖਣ ਦਾ ਐਲਾਨ ਕੀਤਾ। ਅੱਜ ਸਟੇਜ ਸਕੱਤਰ ਦੀ ਭੂਮਿਕਾ ਸ਼ਿੰਗਾਰਾ ਸਿੰਘ ਮਾਨ ਨੇ ਨਿਭਾਈ ਅਤੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਨ ਵਾਲੇ ਹੋਰ ਬੁਲਾਰਿਆਂ ਵਿੱਚ ਰੂਪ ਸਿੰਘ ਛੰਨਾਂ ਜਨਕ ਸਿੰਘ ਭੁਟਾਲ ਅਤੇ ਜਗਤਾਰ ਸਿੰਘ ਕਾਲਾਝਾੜ ਸ਼ਾਮਲ ਸਨ।

LEAVE A REPLY

Please enter your comment!
Please enter your name here