ਬੀਕੇਯੂ-ਏਕਤਾ ਡਕੌਂਦਾ ਵੱਲੋਂ ਕਿਸਾਨ-ਮਹਾਪੰਚਾਇਤਾਂ ‘ਚ ਸ਼ਮੂਲੀਅਤ ਲਈ ਵੱਖ-ਵੱਖ ਜ਼ਿਲ੍ਹਿਆਂ ‘ਚ ਮੀਟਿੰਗਾਂ

0
20

ਬੀਕੇਯੂ-ਏਕਤਾ ਡਕੌਂਦਾ ਵੱਲੋਂ ਕਿਸਾਨ-ਮਹਾਪੰਚਾਇਤਾਂ ‘ਚ ਸ਼ਮੂਲੀਅਤ ਲਈ ਵੱਖ-ਵੱਖ ਜ਼ਿਲ੍ਹਿਆਂ ‘ਚ ਮੀਟਿੰਗਾਂ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ 4 ਨੂੰ ਟੋਹਾਣਾ ਅਤੇ 9 ਜਨਵਰੀ ਨੂੰ ਮੋਗਾ ਵਿਖੇ ਹੋਣਗੀਆਂ ਕਿਸਾਨ-ਮਹਾਪੰਚਾਇਤਾਂ

ਚੰਡੀਗੜ੍ਹ, 2 ਜਨਵਰੀ, 2025 :

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ 4 ਜਨਵਰੀ ਨੂੰ ਟੌਹਾਣਾ (ਹਰਿਆਣਾ) ਅਤੇ 9 ਜਨਵਰੀ ਨੂੰ ਮੋਗਾ ਵਿਖੇ ਹੋਣ ਵਾਲੀਆਂ ਕਿਸਾਨ-ਮਹਾਪੰਚਾਇਤਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਨੇ ਦੱਸਿਆ ਕਿ ਇਸ ਮੰਤਵ ਲਈ ਸੰਗਰੂਰ, ਬਰਨਾਲਾ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਹਾਲੀ, ਮਾਨਸਾ, ਲੁਧਿਆਣਾ, ਫਿਰੋਜ਼ਪੁਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ‘ਚ ਲਾਮਬੰਦੀ ਲਈ ਮੀਟਿੰਗਾਂ ਹੋ ਚੁੱਕੀਆਂ ਹਨ।

ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖ਼ਿਲਾਫ਼, ਕਿਸਾਨਾਂ ਦੀ ਕਰਜ਼ਾ ਮੁਕਤੀ, ਐਮਐਸਪੀ ਤੇ ਸਾਰੀਆਂ ਫਸਲਾਂ ਦੀ ਖ੍ਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਅਤੇ ਦਿੱਲੀ ਅੰਦੋਲਨ ਵੇਲੇ ਦੀਆਂ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 04 ਜਨਵਰੀ 2025 ਨੂੰ ਹਰਿਆਣਾ ਦੇ ਟੋਹਾਣਾ ਸ਼ਹਿਰ ਵਿਖੇ ਅਤੇ 9 ਜਨਵਰੀ ਨੂੰ ਮੋਗਾ ਵਿਖੇ ਵਿਸ਼ਾਲ ਕਿਸਾਨ ਕਾਨਫਰੰਸਾਂ ਕਰਨ ਦਾ ਐਲਾਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਹਨਾਂ ਕਿਸਾਨ ਕਾਨਫਰੰਸਾਂ ਵਿੱਚ ਪੂਰੇ ਜ਼ੋਰ ਨਾਲ ਸ਼ਮੂਲੀਅਤ ਕਰੇਗੀ। ਇਸ ਤੋਂ ਇਲਾਵਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਾਣ ਬੁੱਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ। ਜਥੇਬੰਦੀ ਨੇ ਮੰਗ ਕੀਤੀ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਤੁਰੰਤ ਗੱਲਬਾਤ ਸ਼ੁਰੂ ਕਰੇ, ਦਿੱਲੀ ਜਾਣ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਤੇ ਜਬਰ ਬੰਦ ਕਰੇ ਅਤੇ ਐੱਮਐੱਸਪੀ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਮੰਨੇ।

ਵੱਖ-ਵੱਖ ਥਾਵਾਂ ‘ਤੇ ਕੁਲਵੰਤ ਸਿੰਘ ਕਿਸ਼ਨਗੜ, ਅਮਨਦੀਪ ਸਿੰਘ ਲਲਤੋਂ, ਹਰੀਸ਼ ਨੱਢਾ ਲਾਧੂਕਾ, ਮੱਖਣ ਸਿੰਘ ਭੈਣੀ ਬਾਘਾ, ਬੀਬੀ ਅੰਮ੍ਰਿਤਪਾਲ ਕੌਰ, ਜਗਤਾਰ ਸਿੰਘ ਦੇਹੜਕਾ, ਜਗੀਰ ਸਿੰਘ ਫਿਰੋਜ਼ਪੁਰ, ਜਸਕਰਨ ਸਿੰਘ ਮੋਰਾਂਵਾਲੀ, ਕੁਲਵੰਤ ਸਿੰਘ ਮਾਨ, ਹਰਵਿੰਦਰ ਸਿੰਘ ਕੋਟਲੀ, ਹਰਮੀਤ ਸਿੰਘ ਫਾਜ਼ਿਲਕਾ, ਰਣਧੀਰ ਸਿੰਘ ਭੱਟੀਵਾਲ, ਲਖਵੀਰ ਸਿੰਘ ਅਕਲੀਆ, ਗੁਰਦੀਪ ਸਿੰਘ ਖੁੱਡੀਆਂ, ਸੁਖਚੈਨ ਸਿੰਘ ਰਾਜੂ, ਬੂਟਾ ਖਾਨ ਮਲੇਰ ਕੋਟਲਾ, ਰਾਣਾ ਹਰਜਿੰਦਰ ਸਿੰਘ ਸੈਦੋਵਾਲ, ਗੁਲਜਾਰ ਸਿੰਘ ਕਬਰਵੱਛਾ ਅਤੇ ਜੁਗਰਾਜ ਸਿੰਘ ਹਰਦਾਸਪੁਰਾ ਨੇ ਇਹਨਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਮੋਦੀ ਹਕੂਮਤ ਦੀ ਖੇਤੀ ਖੇਤਰ ਨੂੰ ਵਿਸ਼ਵ ਵਪਾਰ ਸੰਸਥਾ ਦੀਆਂ ਸ਼ਰਤਾਂ ਤਹਿਤ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨੀਤੀ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਅਤੇ ਤੇਜ਼ ਕਰਨ ਦੀ ਲੋੜ ਤੇ ਜ਼ੋਰ ਦਿੱਤਾ।

LEAVE A REPLY

Please enter your comment!
Please enter your name here