ਬੀਕੇਯੂ ਡਕੌਂਦਾ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਅੱਗੇ ਦਿਨ-ਰਾਤ ਦਾ ਧਰਨਾ ਲਗਾਉਣ ਦਾ ਫੈਸਲਾ

0
188

ਬਰਨਾਲਾ, 6 ਸਤੰਬਰ, 2023: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸਾਹਿਬ ਸਿੰਘ ਬਡਬਰ, ਹਰਮੰਡਲ ਸਿੰਘ ਜੋਧਪੁਰ,ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਅਮਰਜੀਤ ਕੌਰ, ਸੁਖਵਿੰਦਰ ਸਿੰਘ ਉੱਪਲੀ, ਅਮਰਜੀਤ ਸਿੰਘ ਠੁੱਲੀਵਾਲ ਅਤੇ ਰਾਮ ਸਿੰਘ ਸ਼ਹਿਣਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਐੱਸਕੇਐੱਮ ਵੱਲੋਂ 11-12-13 ਤਿੰਨ ਰੋਜ਼ਾ ਧਰਨਿਆਂ ਸਬੰਧੀ ਗੰਭੀਰ ਵਿਚਾਰ ਚਰਚਾ ਕੀਤੀ ਗਈ। ਜੱਥੇਬੰਦੀ ਵੱਲੋਂ ਵਿਚਾਰਨ ਉਪਰੰਤ ਫੈਸਲਾ ਕੀਤਾ ਗਿਆ ਕਿ ਭਾਕਿਯੂ ਏਕਤਾ ਡਕੌਂਦਾ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ ਐੱਸਕੇਐੱਮ ਦੇ ਸੱਦੇ ਨੂੰ ਲਾਗੂ ਕਰਦਿਆਂ ਭਾਜਪਾ ਦੇ ਆਗੂ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਰਿਹਾਇਸ਼ ਅੱਗੇ ਵਿਸ਼ਾਲ ਤਿੰਨ ਰੋਜ਼ਾ ਧਰਨਾ ਦਿੱਤਾ ਜਾਵੇਗਾ, ਕਿਉਂਕਿ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਆਮ ਲੋਕਾਂ ਦੀ ਪੰਜਾਬ ਅਤੇ ਕੇਂਦਰ ਸਰਕਾਰ ਦੋਵਾਂ ਨੇ ਹੀ ਬਾਂਹ ਨਹੀਂ ਫੜੀ, ਉਨ੍ਹਾਂ ਦੇ ਰਹਿਮੋ ਕਰਮ ਤੇ ਛੱਡ ਦਿੱਤਾ ਹੈ। ਕੁੰਭਕਰਨੀ ਨੀਂਦ ਸੁੱਤੇ ਕੇਂਦਰੀ ਅਤੇ ਸੂਬਾਈ ਹਾਕਮਾਂ ਨੂੰ ਜਗਾਉਣ ਅਤੇ ਮੁਆਵਜ਼ਾ ਹਾਸਲ ਕਰਨ ਲਈ ਇਹ ਵਿਸ਼ਾਲ ਤਿੰਨ ਰੋਜ਼ਾ ਧਰਨੇ ਦਿੱਤੇ ਜਾਣਗੇ।

ਆਗੂਆਂ ਨੇ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਅੰਦਰ ਨਸ਼ਿਆਂ ਦੀ ਅਲਾਮਤ ਦਾ ਮਹੱਤਵਪੂਰਨ ਮਸਲਾ ਵੀ ਵਿਚਾਰਿਆ ਗਿਆ। ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਆਮ ਲੋਕਾਂ ਨੂੰ ਸ਼ਾਮਿਲ ਕਰਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਜਥੇਬੰਦਕ ਅਦਾਰਿਆਂ ਦੀ ਮਜ਼ਬੂਤੀ ਲਈ ਨਵੇਂ ਸਿਰਿਉਂ ਜਥੇਬੰਦਕ ਚੋਣਾਂ ਦੇ ਅਮਲ ਨੂੰ ਤੇਜ਼ ਕਰਕੇ ਪਿੰਡ ਪੱਧਰੀ ਮੈਂਬਰਸ਼ਿਪ ਕਰਕੇ ਤਿੰਨੇ ਬਲਾਕਾਂ ਦੀ ਚੋਣ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਸਮੇਂ ਬਾਬੂ ਸਿੰਘ ਖੁੱਡੀ ਕਲਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਕਾਲਾ ਜੈਦ, ਅਮਨਦੀਪ ਰਾਏਸਰ, ਕੁਲਵਿੰਦਰ ਸਿੰਘ ਉੱਪਲੀ, ਰਾਣਾ ਸਿੰਘ ਉੱਪਲੀ, ਸੁਖਦੇਵ ਸਿੰਘ, ਕੁਲਵੰਤ ਸਿੰਘ ਹੰਢਿਆਇਆ, ਕੁਰੜ, ਭਾਗ ਸਿੰਘ ਕੁਰੜ, ਅਮਰਜੀਤ ਸਿੰਘ ਠੁੱਲੀਵਾਲ, ਜਰਨੈਲ ਸਿੰਘ ਖੁੱਡੀਕਲਾਂ, ਬੂਟਾ ਸਿੰਘ ਫਰਵਾਹੀ ਅਤੇ ਬਲਵੰਤ ਸਿੰਘ ਠੀਕਰੀਵਾਲਾ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਹੱਕੀ ਸੰਘਰਸ਼ਾਂ ਨੂੰ ਕੁਚਲਣ ਲਈ ਐਸਮਾ ਲਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ।

LEAVE A REPLY

Please enter your comment!
Please enter your name here