ਬੇਰੁਜ਼ਗਾਰ ਈ ਟੀ ਟੀ ਟੈੱਟ ਪਾਸ ਅਧਿਆਪਕ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

0
418

* ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਵਿੱਚ ਛੋਟ ਦੇਵੇ ਪੰਜਾਬ ਸਰਕਾਰ
ਖਰੜ, (ਦਲਜੀਤ ਕੌਰ ਭਵਾਨੀਗੜ੍ਹ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ 24 ਵੇਂ ਦਿਨ ਵੀ ਦੇਸੂਮਾਜਰਾ ਵਿਖੇ ਪਰਮ ਫ਼ਾਜਿਲਕਾ ਤੇ ਅਮਨ ਫ਼ਾਜਿਲਕਾ ਟੈਂਕੀ ਦੇ ਉੱਪਰ ਡਟੇ ਰਹੇ ਤੇ ਮਰਨ ਵਰਤ ਤੇ ਬੈਠੇ ਬਲਵਿੰਦਰ ਫਿਰੋਜ਼ਪੁਰ ਦਾ ਮਰਨ ਵਰਤ ਅੱਜ ਚੌਥੇ ਦਿਨ ਵਿੱਚ ਦਾਖਿਲ ਹੋ ਚੁੱਕਿਆ ਹੈ, ਲਗਾਤਾਰ ਚਾਰ ਦਿਨਾਂ ਤੋਂ ਮਰਨ ਵਰਤ ਕਰਕੇ ਬਲਵਿੰਦਰ ਫ਼ਿਰੋਜ਼ਪੁਰ ਦੀ ਹਾਲਤ ਨਾਜ਼ੁਕ ਹੁੰਦੀ ਜਾ ਰਹੀ ਹੈ। ਇਸ ਮੌਕੇ ਮੌਜੂਦ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੁਰਿੰਦਰਪਾਲ ਗੁਰਦਾਸਪੁਰ, ਵਿਸ਼ਾਲ ਸ਼ਰਮਾ, ਗੁਲਸ਼ਨ ਕੁਮਾਰ, ਮਨੀਸ਼ ਕੁਮਾਰ, ਸਪਨਾ ਰਾਣੀ, ਰੇਖਾ ਰਾਣੀ, ਸੁਨੀਤਾ ਨਾਗਪਾਲ ਤੇ ਰੁਬਨਦੀਪ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਜਿਹੜੀ ਘਰ-ਘਰ ਨੌਕਰੀ ਦੇ ਵਾਅਦੇ ਨੂੰ ਲੈ ਕੇ ਸੱਤਾ ਵਿੱਚ ਆਈ ਸੀ, ਅੱਜ ਉਸ ਸਰਕਾਰ ਦਾ ਜਾਣ ਦਾ ਸਮਾਂ ਵੀ ਆ ਚੁੱਕਿਆ ਹੈ, ਪਰ ਕਾਂਗਰਸ ਸਰਕਾਰ ਨੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਬੇਰੁਜ਼ਗਾਰਾਂ ਦੀ ਆਵਾਜ਼ ਨੂੰ ਦਬਾਉਣ ਲਈ ਨਿੱਤ ਡਾਗਾਂ ਨਾਲ ਕੁੱਟਿਆ, ਝੂਠੇ ਪਰਚੇ ਦਰਜ ਕੀਤੇ ਤੇ ਟੈਂਕੀ ’ਤੇ ਚੜ੍ਹਨ ਲਈ ਮਜਬੂਰ ਕੀਤਾ ਹੈ। ਬੇਰੁਜ਼ਗਾਰ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਨਾ ਨਿਕਲਣ ਕਰਕੇ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਉਮਰ ਹੱਦ ਨੂੰ ਪਾਰ ਕਰ ਚੁੱਕੇ ਹਨ ਤੇ ਸਰਕਾਰ ਵੱਲੋਂ ਉਨ੍ਹਾਂ ਨੌਜਵਾਨਾਂ ਨੂੰ ਉਮਰ ਹੱਦ ਦੇ ਵਿੱਚ ਛੋਟ ਨਹੀਂ ਦਿੱਤੀ ਜਾ ਰਹੀ ਹੈ। ਸਰਕਾਰ ਨੂੰ ਅਸੀਂ ਅਪੀਲ ਕਰਦੇ ਹਾਂ ਕਿ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਇੱਕ ਮੌਕਾ ਦਿੱਤਾ ਜਾਵੇ। ਇਸ ਮੌਕੇ ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇੇ ਤੁਰੰਤ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੀ 16 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਉਸ ਦੀ ਜਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।

LEAVE A REPLY

Please enter your comment!
Please enter your name here