ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ; ਪੁਲਿਸ ਨਾਲ ਹੋਈ ਧੱਕਾ-ਮੁੱਕੀ

0
393

* ਪ੍ਰਸ਼ਾਸਨ ਵੱਲੋਂ ਪੈਨਲ ਮੀਟਿੰਗ ਦਾ ਭਰੋਸਾ ਦੇਣ ਤੋਂ ਬਾਅਦ ਸ਼ਾਂਤ ਹੋਏ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਧਰਨਾ ਸਮਾਪਤ

ਮੋਰਿੰਡਾ, (ਦਲਜੀਤ ਕੌਰ ਭਵਾਨੀਗੜ੍ਹ)-ਪਿਛਲੇ ਲੰਮੇ ਸਮੇਂ ਤੋਂ ਆਪਣੇ ਰੁਜ਼ਾਗਰ ਦੀ ਮੰਗ ਨੂੰ ਲੈ ਕੇ ਸੜਕਾਂ ਉਤੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਲੰਘੇ ਦਿਨ ਮੋਰਿੰਡਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿੱਚ ਇਕੱਠੇ ਹੋਏ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਜਦੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਾ ਸ਼ੁਰੂ ਕੀਤਾ ਤਾਂ ਪੁਲਿਸ ਵੱਲੋਂ ਲਗਾਈਆਂ ਭਾਰੀ ਰੋਕਾਂ ਨੇ ਉਨ੍ਹਾਂ ਨੂੰ ਰਾਹ ਵਿੱਚ ਰੋਕ ਲਿਆ। ਇਸ ਦੌਰਾਨ ਪੁਲਿਸ ਨਾਲ ਬੇਰੁਜ਼ਗਾਰ ਅਧਿਆਪਕਾਂ ਦੀ ਬਹਿਸ਼ਬਾਜ਼ੀ ਵੀ ਹੋਈ। ਬੇਰੁਜ਼ਗਾਰ ਅਧਿਆਪਕਾਂ ਨੇ ਉਸੇ ਥਾਂ ਸੜਕ ਉਤੇ ਜਾਮ ਲਗਾ ਦਿੱਤਾ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ 12 ਅਕਤੂਬਰ ਨੂੰ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਦਾ ਜਲਦੀ ਇਸ਼ਤਿਹਾਰ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪ੍ਰੰਤੂ ਅਜੇ ਤੱਕ ਲਾਰੇ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਕੈਪਟਨ ਵਾਂਗ ਚੰਨੀ ਸਰਕਾਰ ਵੀ ਲਾਰੇ ਲਗਾ ਰਹੀ ਹੈ। ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਦੱਸਿਆ ਕਿ ਇਸ ਮੌਕੇ ਬੇਰੁਜ਼ਗਾਰਾਂ ਦੀ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ ਤੇ ਪੁਲਿਸ ਵੱਲੋਂ ਮਹਿਲਾ ਬੇਰੁਜਗਾਰ ਅਧਿਆਪਕਾਂ ਨਾਲ ਬਦਸਲੂਕੀ ਕੀਤੀ ਗਈ। ਇਸ ਮੌਕੇ ਬੇਰੁਜ਼ਗਾਰ ਅਧਿਆਪਕ ਆਗੂਆਂ ਵੱਲੋਂ ਵੱਲੋਂ ਪੰਜਾਬੀ, ਹਿੰਦੀ, ਸਮਾਜਿਕ ਸਿੱਖਿਆ ਦੀਆਂ 9000 ਅਸਾਮੀਆਂ ਸਮੇਤ ਬਾਕੀ ਵਿਸ਼ਿਆਂ ਦੀ 18000 ਅਧਿਆਪਕਾਂ ਦੀਆਂ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਕੀਤੀ ਗਈ। ਪ੍ਰਸ਼ਾਸਨ ਵੱਲੋਂ ਜੱਥੇਬੰਦੀ ਨੂੰ 25 ਅਕਤੂਬਰ ਦੀ ਮੁੱਖ ਮੰਤਰੀ ਚੰਨੀ ਨਾਲ ਦੇਣ ਮੀਟਿੰਗ ਕਰਵਾਉਣ ਦਾ ਭਰੋਸਾ ਦੇਣ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਸਮੇਂ ਬਲਰਾਜ ਫਰੀਦਕੋਟ, ਲਖਵਿੰਦਰ ਮੁਕਤਸਰ, ਗੁਰਪਰੀਤ ਸਿੰਘ ਬਠਿੰਡਾ, ਬਲਕਾਰ ਮਾਨਸਾ, ਸੰਦੀਪ ਗਿੱਲ, ਅਮਨ ਸੇਖਾ, ਕਿਰਨ ਕੌਰ ਮਾਲੇਰਕੋਟਲਾ, ਅਮਨ ਬਠਿੰਡਾ ਤੋਂ ਇਲਾਵਾ ਡੀਟੀਐੱਫ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ, ਰੇਸ਼ਮ ਖੇਮੂਆਣਾ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here