ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ ‘ਤੇ ‘ਆਪ’ ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ
ਭਾਜਪਾ ਹੁਣ ਭਾਰਤੀ ਜਨਤਾ ਪਾਰਟੀ ਨਹੀਂ ਰਹੀ, ਸਗੋਂ ਬਲਾਤਕਾਰੀ ਜਨਤਾ ਪਾਰਟੀ ਬਣ ਗਈ ਹੈ- ਆਪ ਬੁਲਾਰੇ ਨੀਲ ਗਰਗ
ਇਕ ਪਾਸੇ ਭਾਜਪਾ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਦਿੰਦੀ ਹੈ, ਦੂਜੇ ਪਾਸੇ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਦੀ ਹੈ – ਨੀਲ ਗਰਗ
ਚੰਡੀਗੜ੍ਹ, 3 ਮਈ
ਭਾਰਤੀ ਮਹਿਲਾ ਕੁਸ਼ਤੀ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਘਿਰੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਪੁੱਤਰ ਅਤੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਪੋਤੇ ਐਚਡੀ ਰੇਵੰਨਾ ਨੂੰ ਸੈਂਕੜੇ ਔਰਤਾਂ ਦੇ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ।
ਸ਼ੁੱਕਰਵਾਰ ਨੂੰ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਤੋਂ ਸਿਰਫ਼ ਦੇਸ਼ ਦੇ ਸੰਵਿਧਾਨ ਨੂੰ ਖ਼ਤਰਾ ਹੀ ਨਹੀਂ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਉਸ ਤੋਂ ਖਤਰਾ ਹੈ। ਭਾਜਪਾ ਹੁਣ ਭਾਰਤੀ ਜਨਤਾ ਪਾਰਟੀ ਨਹੀਂ ਰਹੀ, ਇਹ ਹੁਣ ਬਲਾਤਕਾਰੀ ਜਨਤਾ ਪਾਰਟੀ ਬਣ ਗਈ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਜਪਾ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਦਿੰਦੀ ਹੈ ਅਤੇ ਦੂਜੇ ਪਾਸੇ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਲੋਕਾਂ ਨੂੰ ਲੋਕ ਸਭਾ ਦੀਆਂ ਟਿਕਟਾਂ ਦੇ ਕੇ ਉਤਸ਼ਾਹਿਤ ਕਰਦੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਮਹਿਲਾ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਕਈ ਮਹੀਨਿਆਂ ਤੱਕ ਵਿਰੋਧ ਕੀਤਾ, ਪਰ ਭਾਜਪਾ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਨਾ ਤਾਂ ਕਿਸੇ ਭਾਜਪਾ ਆਗੂ ਨੇ, ਨਾ ਕਿਸੇ ਮੰਤਰੀ ਨੇ, ਨਾ ਹੀ ਪ੍ਰਧਾਨ ਮੰਤਰੀ ਨੇ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਇੱਕ ਵੀ ਸ਼ਬਦ ਬੋਲਿਆ। ਹੁਣ ਇਸ ਦੇ ਉਲਟ ਉਨ੍ਹਾਂ ਦੇ ਪੁੱਤਰ ਨੂੰ ਲੋਕ ਸਭਾ ਦੀ ਟਿਕਟ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਬ੍ਰਿਜਭੂਸ਼ਨ ਸ਼ਰਨ ਸਿੰਘ ਦੇ ਪੁੱਤਰ ਨੂੰ ਲੋਕ ਸਭਾ ਟਿਕਟ ਦੇਣਾ ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਦਾ ਹੀ ਅਪਮਾਨ ਨਹੀਂ ਹੈ, ਸਗੋਂ ਇਹ ਭਾਰਤ ਦੀਆਂ ਸਮੂਹ ਔਰਤਾਂ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਭਾਜਪਾ ਦੀਆਂ ਹਰਕਤਾਂ ਨੂੰ ਦੇਖ ਰਹੀ ਹੈ। ਇਸ ਚੋਣ ਵਿੱਚ ਦੇਸ਼ ਦੇ ਲੋਕ ਖਾਸ ਕਰਕੇ ਔਰਤਾਂ ਭਾਜਪਾ ਨੂੰ ਕਰਾਰਾ ਜਵਾਬ ਦੇਣਗੀਆਂ।