ਭਗਵੰਤ ਮਾਨ ਝੂਠੇ ਵਾਅਦੇ ਕਰਨ ਵਿੱਚ ਮਾਹਿਰ : ਜੈਵੀਰ ਸ਼ੇਰਗਿੱਲ

0
202

‘ਆਪ’ ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ‘ਵਾਈਟ ਪੇਪਰ’ ਜਾਰੀ ਕਰੇ
ਚੰਡੀਗੜ੍ਹ, 16 ਅਗਸਤ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੂਠੇ ਵਾਅਦੇ ਕਰਨ ਵਿਚ ਮਾਹਿਰ ਦੱਸਦਿਆਂ, ਕਿਹਾ ਕਿ ਮੁੱਖ ਮੰਤਰੀ ਵਲੋਂ ਬੀਤੇ ਦਿਨ ਪਟਿਆਲਾ ਵਿਖੇ ਆਜ਼ਾਦੀ ਦਿਵਸ ਮੌਕੇ ਦਿੱਤੇ ਆਪਣੇ ਭਾਸ਼ਣ ਦੌਰਾਨ ਪੰਜਾਬ ਨੂੰ ਅਗਲੇ ਆਜ਼ਾਦੀ ਦਿਹਾੜੇ ਤੱਕ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਦਾਅਵਾ ਉਨ੍ਹਾਂ ਦੀਆਂ (ਮਾਨ ਦੀ) ਖੋਖਲੀਆਂ ਗੱਲਾਂ ਨੂੰ ਸਪੱਸ਼ਟ ਤੌਰ ‘ਤੇ ਉਜਾਗਰ ਕਰਦਾ ਹੈ, ਜਿਨ੍ਹਾਂ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ 3 ਮਹੀਨਿਆਂ ਦੇ ਅੰਦਰ ਨਸ਼ੇ ਨੂੰ ਖਤਮ ਕਰ ਦੇਣਗੇ।

ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੇ ਖਤਰਨਾਕ ਰੂਪ ਧਾਰਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਮਾਨ ਸਰਕਾਰ ਆਪਣੇ ਕਾਰਜਕਾਲ ਦਾ ਡੇਢ ਸਾਲ ਪੂਰਾ ਕਰ ਲਵੇਗੀ ਅਤੇ ਇਹ ਸ਼ਰਮਨਾਕ ਹੈ ਕਿ ਮੁੱਖ ਮੰਤਰੀ ਨੂੰ ਨਸ਼ਿਆਂ ਦੇ ਖਾਤਮੇ ਲਈ ਅਜੇ ਹੋਰ ਸਾਲ ਦੀ ਲੋੜ ਹੈ। ਉਹ ਮਾਨ ਤੋਂ ਪੁੱਛਣਾ ਚਾਹੁੰਦੇ ਸਨ ਕਿ ਉਨ੍ਹਾਂ ਦੀ ਸਰਕਾਰ ਹੁਣ ਤੱਕ ਕੀ ਕਰ ਰਹੀ ਸੀ। ਸ਼ੇਰਗਿੱਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਨਾਲ ਨਜਿੱਠਣ ਲਈ ਸਰਕਾਰ ਦੀ ਗੈਰ-ਸੰਜੀਦਗੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸੱਤਾ ਵਿਚ ਇੰਨਾ ਸਮਾਂ ਬਿਤਾਉਣ ਤੋਂ ਬਾਅਦ ਵੀ ਮੁੱਖ ਮੰਤਰੀ ਕੋਲ ਇਸ ਤੋਂ ਵੱਧ ਕਹਿਣ ਨੂੰ ਕੁਝ ਨਹੀਂ ਹੈ ਕਿ ਨਸ਼ੇ ਖਿਲਾਫ ਕਾਰਵਾਈ ਕਰਨ ਦਾ ਖਾਕਾ ਤਿਆਰ ਹੈ।

ਸ਼ੇਰਗਿੱਲ ਨੇ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਆਪ’ ਸਰਕਾਰ ਦੀ ਦੋਸ਼-ਖੇਡ ਦੀ ਸਿਆਸਤ ਅਤੇ ਪੰਜਾਬ ਪ੍ਰਤੀ ਉਦਾਸੀਨ ਰਵੱਈਆ ਸੂਬੇ ‘ਚ ਨਸ਼ਾਖੋਰੀ ਅਤੇ ਤਸਕਰੀ ਦੀ ਅੱਗ ਨੂੰ ਭੜਕਾ ਰਿਹਾ ਹੈ। ਪੰਜਾਬ ਭਾਜਪਾ ਦੇ ਪਰਮਾਨੇਂਟ ਇਨਵਾਇਟੀ ਮੈਂਬਰ ਸ਼ੇਰਗਿੱਲ ਨੇ ਦੁੱਖ ਪ੍ਰਗਟ ਕੀਤਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਭਿਆਨਕ ਕਾਰਜਕਾਲ ਦੌਰਾਨ ਨਸ਼ਿਆਂ ਦੇ ਓਵਰਡੋਜ਼ ਨਾਲ 200 ਤੋਂ ਵੱਧ ਮੌਤਾਂ ਹੋਈਆਂ ਹਨ। ਸਮੱਸਿਆ ਦੀ ਗੰਭੀਰਤਾ ਇਸ ਗੱਲ ਤੋਂ ਜ਼ਾਹਰ ਹੁੰਦੀ ਹੈ ਕਿ ਲਗਭਗ ਹਰ ਦੂਜੇ ਦਿਨ ਸੂਬੇ ਦੇ ਕਿਸੇ ਨਾ ਕਿਸੇ ਜ਼ਿਲੇ ‘ਚੋਂ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ। ਜਿਸ ‘ਤੇ ਉਨ੍ਹਾਂ ਸਵਾਲ ਕੀਤਾ ਕਿ ‘ਆਪ’ ਸਰਕਾਰ ਵੱਲੋਂ ਕੀਤੇ ਬਦਲਾਅ ਦਾ ਵਾਅਦਾ ਕਿੱਥੇ ਹੈ।

ਸ਼ੇਰਗਿੱਲ ਨੇ ਅੱਗੇ ਕਿਹਾ ਕਿ ‘ਆਪ’ ਸਰਕਾਰ ਨਸ਼ਿਆਂ ਅਤੇ ਖਾਸ ਕਰਕੇ ਚਿੱਟੇ ਵਿਰੁੱਧ ਕੋਈ ਠੋਸ ਕਾਰਵਾਈ ਕਰਨ ‘ਚ ਨਾਕਾਮ ਰਹੀ ਹੈ, ਜੋ ਸੂਬੇ ਲਈ ਘਾਤਕ ਸਿੱਧ ਹੋ ਰਿਹਾ ਹੈ। ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਨਾਲ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਮੁੱਖ ਮੰਤਰੀ ਨੂੰ ਠੋਸ ਅੰਕੜੇ ਪੇਸ਼ ਕਰਨ ਲਈ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ ਨਸ਼ਿਆਂ ਦੇ ਕਾਰੋਬਾਰ ‘ਚ ਕਿੰਨੀਆਂ ਵੱਡੀਆਂ ਮੱਛੀਆਂ ਫੜੀਆਂ ਹਨ।

ਜ਼ਿਕਰਯੋਗ ਹੈ ਕਿ 6 ਦਸੰਬਰ, 2022 ਨੂੰ ਸੁਪਰੀਮ ਕੋਰਟ ਨੇ ਵੀ ਪੰਜਾਬ ਸਰਕਾਰ ਦੀ ਡਰੱਗ ਤਸਕਰੀ ਨਾਲ ਨਜਿੱਠਣ ‘ਚ ਨਾਕਾਮੀ ਲਈ ਖਿਚਾਈ ਕੀਤੀ ਸੀ। ਇਸ ਤੋਂ ਇਲਾਵਾ 11 ਅਗਸਤ, 2023 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਸੇਵਨ ਵਿੱਚ ਹੋ ਰਹੇ ਵਾਧੇ ‘ਤੇ ਚਿੰਤਾ ਪ੍ਰਗਟਾਈ ਸੀ। ਸ਼ੇਰਗਿੱਲ ਨੇ ਕਿਹਾ ਕਿ ਨਸ਼ਿਆਂ ਦੇ ਪ੍ਰਸਾਰ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਨ ਦੀ ਬਜਾਏ ‘ਆਪ’ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨਸ਼ਿਆਂ ਅਤੇ ਇਸ ਦੀ ਤਸਕਰੀ ਨੂੰ ਵਧਾ ਰਹੀ ਹੈ।

ਸ਼ੇਰਗਿੱਲ ਨੇ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਬੱਚਿਆਂ ‘ਤੇ ਵੀ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ 1 ਫਰਵਰੀ 2023 ਨੂੰ ਪੰਜਾਬ ਦੇ ਰਾਜਪਾਲ ਨੇ ਵੀ ਕਿਹਾ ਸੀ ਕਿ ਪੰਜਾਬ ਦੇ ਸਕੂਲਾਂ ਵਿੱਚ ਨਸ਼ਾ ਦਾਖਲ ਹੋ ਗਿਆ ਹੈ। ਰਾਜਪਾਲ ਨੇ ਤਾਂ ਇੱਥੋਂ ਤੱਕ ਕਿਹਾ ਸੀ ਕਿ ਜਦੋਂ ਵੀ ਉਹ ਪਿੰਡਾਂ ਦਾ ਦੌਰਾ ਕਰਦੇ ਹਨ ਤਾਂ ਲੋਕ ਉਨ੍ਹਾਂ ਨੂੰ ਦੱਸਦੇ ਹਨ ਕਿ ਕਰਿਆਨੇ ਵਾਂਗ ਜਨਰਲ ਸਟੋਰਾਂ ‘ਤੇ ਨਸ਼ੇ ਉਪਲਬਧ ਹਨ। ਭਾਜਪਾ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਤੋਂ ਇਸ ਵਾਰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਮੰਗ ਕੀਤੀ ਹੈ।

ਸ਼ੇਰਗਿੱਲ ਨੇ ਆਪਣੀ ਮੰਗ ਨੂੰ ਦੁਹਰਾਇਆ ਕਿ ‘ਆਪ’ ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਚੁੱਕੇ ਜਾ ਰਹੇ ਕਦਮਾਂ ‘ਤੇ ‘ਵਾਈਟ ਪੇਪਰ’ ਲਿਆਵੇ।

LEAVE A REPLY

Please enter your comment!
Please enter your name here