ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਰਾਜ ਵਿੱਚ ਭ੍ਰਿਸ਼ਟਾਚਾਰ ਸਿੱਖਰਾਂ ਤੇ ਪਹੁੰਚ ਗਿਆ ਹੈ-ਗਰਚਾ
ਰਾਜਪੁਰਾ, 12 ਨਵੰਬਰ ( )
ਹਾਲ ਦੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਲੀਡਰਸ਼ਿਪ ਦੀ ਪੰਜਾਬ ਦੇ ਕੰਮਕਾਜ ਵਿੱਚ ਲਗਾਤਾਰ ਵਧਦੀ ਜਾ ਰਹੀ ਦਖਲਅੰਦਾਜ਼ੀ ਨਾਲ ਇਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਕਿ ਪੰਜਾਬ ਸਰਕਾਰ ਨੂੰ ਦਿੱਲੀ ਦਰਬਾਰ ਵੱਲੋਂ ਰਿਮੋਟ ਨਾਲ ਚਲਾਇਆ ਜਾ ਰਿਹਾ ਹੈ ਅਤੇ ਭਗਵੰਤ ਮਾਨ ਸਿਰਫ਼ ਨਾਮ ਦੇ ਮੁੱਖ ਮੰਤਰੀ ਹਨ। ਦਿੱਲੀ ਲੀਡਰਸ਼ਿਪ ਵੱਲੋਂ ਪੰਜਾਬ ਸਰਕਾਰ ਤੇ ਆਪਣਾ ਪ੍ਰਭਾਵ ਵਧਾਇਆ ਜਾ ਰਿਹਾ ਹੈ ਅਤੇ ਲਗਭਗ ਪੂਰੀ ਤਰ੍ਹਾਂ ਨਾਲ ਕੰਟਰੋਲ ਉਨ੍ਹਾਂ ਕੋਲ ਹੈ, ਇਸ ਵਜ੍ਹਾ ਕਰਕੇ ਪੰਜਾਬ ਵਿੱਚ ਅਸੰਤੁਸ਼ਟੀ ਲਗਾਤਾਰ ਵੱਧ ਰਹੀ ਹੈ। ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਇਸ ਨੂੰ ਲੈਕੇ ਗੱਲਬਾਤ ਕਰਦੇ ਹੋਏ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਹਰ ਵਾਰ ਆਪਣੇ ਵਿਰੋਧੀਆਂ ਦਾ ਮਜ਼ਾਕ ਉਡਾਉਂਦੇ ਚੁਟਕਲਿਆਂ ਨਾਲ ਜਿਹੜੇ ਭਗਵੰਤ ਮਾਨ ਨਿਸ਼ਾਨੇਬਾਜ਼ੀ ਕਰਦੇ ਰਹਿੰਦੇ ਹਨ ਅੱਜ ਉਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਦੇ ਰਾਜ ਵਿੱਚ ਭ੍ਰਿਸ਼ਟਾਚਾਰ ਸਿੱਖਰਾਂ ਤੇ ਪਹੁੰਚ ਗਿਆ ਹੈ, ਲੋਕਾਂ ਨੂੰ ਆਪਣੇ ਕੰਮਾਂ ਲਈ ਦਫਤਰਾਂ ਵਿੱਚ ਧੱਕੇ ਖਾਣ ਲਈ ਮਜ਼ਬੂਰ ਹੋਣਾ ਪੈ ਰਿਹਾ ਸੱਤਾ ਤੇ ਕਾਬਜ ਸਿਆਸਤਦਾਨਾਂ ਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਸਿੱਧੀ ਲੁੱਟ ਕੀਤੀ ਜਾ ਰਹੀ ਹੈ। ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੈਕੇ ਲਗਾਤਾਰ ਰੋਸ ਵੱਧਦਾ ਜਾ ਰਿਹਾ ਹੈ। ਇਸ ਮੌਕੇ ਤੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ, ਹਰਪ੍ਰੀਤ ਸਿੰਘ ਸੋਹਲ ਤੇ ਰਾਜਵੰਤ ਸਿੰਘ ਸੰਧੂ ਆਦਿ ਵੀ ਮੌਜੂਦ ਸਨ।