ਮੁੱਖ ਮੰਤਰੀ ਦਫਤਰ, ਪੰਜਾਬ
ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ
ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਸੌਗਾਤ, ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਸਰਬਸੰਮਤੀ ਨਾਲ ਪਾਸ
31 ਜੁਲਾਈ, 2024 ਤੱਕ 500 ਗਜ਼ ਤੱਕ ਦੇ ਖਰੀਦੇ ਪਲਾਟ ਲਈ ਹੁਣ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ
ਸੋਧ ਦਾ ਮਕਸਦ ਆਮ ਲੋਕਾਂ ਦੇ ਪਲਾਟ ਰੈਗੂਲਰ ਕਰਨਾ ਨਾ ਕਿ ਗੈਰ-ਕਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਨਾ
ਮੁੱਖ ਮੰਤਰੀ ਵੱਲੋਂ ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਦੌਰਾਨ ਗੈਰ-ਕਨੂੰਨੀ ਕਲੋਨੀਆਂ ਦੀ ਪੁਸ਼ਤਪਨਾਹੀ ਕਰਨ ਲਈ ਵਿਰੋਧੀ ਆਗੂਆਂ ਦੀ ਸਖਤ ਅਲੋਚਨਾ
ਗੈਰ-ਕਨੂੰਨੀ ਕਲੋਨੀਆਂ ਕੱਟਣ ਵਾਲਿਆਂ ਨੂੰ 25 ਲੱਖ ਤੋਂ 5 ਕਰੋੜ ਤੱਕ ਹੋਵੇਗਾ ਜੁਰਮਾਨਾ
ਸੋਧ ਮੁਤਾਬਕ ਗੈਰ-ਕਨੂੰਨੀ ਕਾਲੋਨਾਈਜਰਾਂ ਨੂੰ ਇਕ ਸਾਲ ਦੀ ਬਜਾਏ 10 ਸਾਲ ਤੱਕ ਦੀ ਸਜਾ ਦੀ ਵਿਵਸਥਾ
ਚੰਡੀਗੜ੍ਹ, 3 ਸਤੰਬਰ:
ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਦਿਆਂ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ।
ਵਿਧਾਨ ਸਭਾ ਦੇ ਸਦਨ ਵਿੱਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੋਧ ਦਾ ਮਕਸਦ ਜਿੱਥੇ ਗੈਰ-ਕਨੂੰਨੀ ਕਲੋਨੀਆਂ ਉਤੇ ਸ਼ਿਕੰਜਾ ਕੱਸਣਾ ਹੈ, ਉਥੇ ਹੀ ਛੋਟੇ ਪਲਾਟ ਮਾਲਕਾਂ ਨੂੰ ਰਾਹਤ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਸ ਸੋਧ ਨਾਲ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਖਤਮ ਹੋ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀਆਂ ਉਤੇ ਰੋਕ ਲੱਗੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੋਧ ਕਸੂਰਵਾਰ ਲੋਕਾਂ ਲਈ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਮਨੋਰਥ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਸੋਧ ਮੁਤਾਬਕ ਕੋਈ ਵੀ ਵਿਅਕਤੀ ਜਿਸ ਨੇ ਮਿਤੀ 31 ਜੁਲਾਈ, 2024 ਤੱਕ ਅਣ-ਅਧਿਕਾਰਤ ਕਲੋਨੀ ਵਿੱਚ ਸਥਿਤ 500 ਵਰਗ ਗਜ ਤੱਕ ਦੇ ਖੇਤਰ ਲਈ, ਇੱਕ ਪਾਵਰ ਆਫ ਅਟਾਰਨੀ, ਸਟੈਂਪ ਪੇਪਰ ‘ਤੇ ਵੇਚਣ ਲਈ ਇਕਰਾਰਨਾਮਾ ਜਾਂ ਕੋਈ ਹੋਰ ਅਜਿਹਾ ਦਸਤਾਵੇਜ ਜਿਸ ਨੂੰ ਸਰਕਾਰ ਨੋਟੀਫਿਕੇਸਨ ਦੁਆਰਾ ਨਿਰਧਾਰਤ ਕਰ ਸਕਦੀ ਹੈ, ਰਾਹੀਂ ਇਕਰਾਰਨਾਮਾ ਕੀਤਾ ਹੈ, ਉਸ ਰਕਬੇ ਲਈ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜਾਇਦਾਦ ਦਾ ਮਾਲਕ ਆਪਣੇ ਪਲਾਟ ਦੀ ਰਜਿਸਟਰੀ ਸਬੰਧਤ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਕੋਲ ਕਰਵਾ ਸਕਦਾ ਹੈ ਅਤੇ ਅਜਿਹੇ ਰਕਬੇ ਨੂੰ ਰਜਿਸਟਰ ਕਰਵਾਉਣ ਸਬੰਧੀ ਇਹ ਛੋਟ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸਨ ਰਾਹੀਂ ਨੋਟੀਫਾਈ ਕੀਤੀ ਗਈ ਮਿਤੀ ਤੱਕ ਲਾਗੂ ਹੋਵੇਗੀ। ਇਸ ਰਜਿਸਟ੍ਰੇਸਨ ਲਈ ਮਕਾਨ ਉਸਾਰੀ ਤੇ ਸਹਿਰੀ ਵਿਕਾਸ ਵਿਭਾਗ ਦੀ ਸਬੰਧਤ ਵਿਕਾਸ ਅਥਾਰਟੀ ਜਾਂ ਸਥਾਨਕ ਸਰਕਾਰ ਵਿਭਾਗ ਦੀ ਸਬੰਧਤ ਸਥਾਨਕ ਸਹਿਰੀ ਸੰਸਥਾ ਤੋਂ ਐਨ.ਓ.ਸੀ. ਪ੍ਰਾਪਤ ਕਰਨ ਦੀ ਜਰੂਰਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਕਰੀ ਦਸਤਾਵੇਜ ਦੀ ਸੂਚਨਾ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਵੱਲੋਂ ਸਬੰਧਤ ਅਥਾਰਟੀ ਨੂੰ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਉਪਰੋਕਤ ਅਨੁਸਾਰ ਦਿੱਤੀ ਗਈ ਛੋਟ ਦੀ ਨੋਟੀਫਾਈ ਕੀਤੀ ਗਈ ਮਿਤੀ ਬੀਤ ਜਾਣ ਉਪਰੰਤ ਵੀ ਜੇਕਰ ਇਸ ਜਾਇਦਾਦ ਨੂੰ ਅੱਗੇ ਵੰਡਿਆ ਨਹੀਂ ਗਿਆ ਹੈ ਤਾਂ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਵੱਲੋਂ ਅਜਿਹੀ ਜਾਇਦਾਦ ਦੇ ਸਬੰਧ ਵਿੱਚ ਅਗਲੀਆਂ ਵਿਕਰੀ ਡੀਡਾਂ ਨੂੰ ਸਬੰਧਤ ਵਿਕਾਸ ਅਥਾਰਟੀਆਂ/ਸਥਾਨਕ ਸਰਕਾਰ ਦੀ ਸੂਚਨਾ ਹਿੱਤ ਰਜਿਸਟਰ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਐਕਟ ਅਧੀਨ ਰਜਿਸਟਰਡ ਕੋਈ ਵੀ ਵਿਅਕਤੀ ਜਾਂ ਪ੍ਰਮੋਟਰ ਜਾਂ ਉਸ ਦਾ ਏਜੰਟ ਅਤੇ ਕੋਈ ਵੀ ਹੋਰ ਪ੍ਰਮੋਟਰ, ਜੋ ਬਿਨਾਂ ਕਿਸੇ ਵਾਜਬ ਕਾਰਨ ਦੇ, ਐਕਟ ਦੀ ਧਾਰਾ-5 ਦੇ ਉਪਬੰਧਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦਾ ਹੈ ਜਾਂ ਉਲੰਘਣਾ ਕਰਦਾ ਹੈ ਤਾਂ ਦੋਸੀ ਪਾਏ ਜਾਣ ‘ਤੇ ਉਸ ਨੂੰ ਘੱਟੋ-ਘੱਟ 25 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ ਜਿਸ ਨੂੰ ਪੰਜ ਕਰੋੜ ਰੁਪਏ ਤੱਕ ਵਧਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਸ ਨੂੰ ਘੱਟੋ-ਘੱਟ ਪੰਜ ਸਾਲ ਦੀ ਕੈਦ ਦੀ ਸਜਾ ਦਿੱਤੀ ਜਾਵੇਗੀ ਜਿਸ ਨੂੰ ਦਸ ਸਾਲ ਤੱਕ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੈਰ-ਕਨੂੰਨੀ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਲੁੱਟ ਕੀਤੀ ਅਤੇ ਉਨ੍ਹਾਂ ਨੇ ਬਿਨਾਂ ਮਨਜ਼ੂਰੀ ਤੋਂ ਕਲੋਨੀਆਂ ਵੇਚ ਦਿੱਤੀਆਂ ਜਦਕਿ ਇਹ ਕਲੋਨੀਆਂ ਸਟਰੀਟ ਲਾਈਟਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਸੱਖਣੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਵੱਸ ਹੋਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਲੋੜੀਦੀਆਂ ਸਹੂਲਤਾਂ ਹਾਸਲ ਕਰਨ ਲਈ ਖੱਜਲ-ਖੁਆਰ ਹੁੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਾਲੋਨਾਈਜਰ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਦੇ ਹਨ ਪਰ ਉਨ੍ਹਾਂ ਦੀਆਂ ਗਲਤ ਕਾਰਵਾਈਆਂ ਦਾ ਖਮਿਆਜਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਿੰਨ ਵਾਰ ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕੀਤਾ ਜਦਕਿ ਹਰ ਵਾਰ ਇਹ ਸਰਤ ਲਾਈ ਗਈ ਸੀ ਕਿ ਇਹ ਰਾਹਤ ਆਖਰੀ ਵਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ ਦੇ ਸਭ ਤੋਂ ਤਜਰਬੇਕਾਰ ਮੁੱਖ ਮੰਤਰੀਆਂ ਵਿੱਚੋਂ ਇੱਕ ਹੋਣ ਕਾਰਨ ਉਨ੍ਹਾਂ ਨੇ ਇਹ ਫੈਸਲਾ ਆਮ ਲੋਕਾਂ ਦੇ ਪਲਾਟਾਂ ਨੂੰ ਕਾਨੂੰਨੀ ਜਾਮਾ ਪਹਿਨਾਉਣ ਲਈ ਲਿਆ ਹੈ, ਨਾ ਕਿ ਗੈਰ-ਕਾਨੂੰਨੀ ਕਲੋਨੀਆਂ ਨੂੰ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿਵੇਸਕਾਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਦੀ ਸਹੂਲਤ ਦੇਣ ਲਈ ਰੰਗਦਾਰ ਅਸਟਾਮ ਪੇਪਰ ਪੇਸ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਯਕੀਨੀ ਹੋਵੇਗਾ ਕਿ ਜਮੀਨ ਦੀ ਵਰਤੋਂ ਸਿਰਫ ਉਸ ਮਕਸਦ ਲਈ ਹੀ ਕੀਤੀ ਜਾਵੇ, ਜਿਸ ਲਈ ਨਿਵੇਸਕਾਂ ਨੇ ਪ੍ਰਵਾਨਗੀਆਂ ਮੰਗੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਲੰਮੇ ਕੁਸਾਸਨ ਦੌਰਾਨ ਨਾਜਾਇਜ ਕਾਲੋਨੀਆਂ ਵਿੱਚ ਵਾਧਾ ਹੋਇਆ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਨਾਜਾਇਜ ਕਾਲੋਨਾਈਜਰਾਂ ਦੀ ਸਰਪ੍ਰਸਤੀ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਨਾਲ ਉਨ੍ਹਾਂ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਨੂੰ ਗਲਤੀ ਨਾਲ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਲਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਭੋਲੇ-ਭਾਲੇ ਲੋਕਾਂ ਨੇ ਆਪਣਾ ਪੈਸਾ ਘਰ ਬਣਾਉਣ ਲਈ ਲਾਇਆ ਸੀ ਪਰ ਨਾਜਾਇਜ ਕਾਲੋਨੀਆਂ ਕਾਰਨ ਮੁਸਕਲਾਂ ਵਿੱਚ ਘਿਰ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਕਾਲੋਨਾਈਜਰਾਂ ਨੂੰ ਪਨਾਹ ਦੇਣ ਵਾਲੇ ਆਗੂਆਂ ਨੂੰ ਜਨਤਾ ਕਦੇ ਵੀ ਮੁਆਫ ਨਹੀਂ ਕਰੇਗੀ ਅਤੇ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਬਾਹਰ ਦਾ ਦਰਵਾਜਾ ਦਿਖਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਗੂ ਆਪਣੇ ਕੀਤੇ ਮਾੜੇ ਕੰਮਾਂ ਦੀ ਮੁਆਫੀ ਮੰਗ ਰਹੇ ਹਨ, ਜਦੋਂ ਕਿ ਉਨ੍ਹਾਂ ਨੂੰ ਖੁਦ ਨਹੀਂ ਪਤਾ ਕਿ ਉਨ੍ਹਾਂ ਨੇ ਕਿਹੜੀ ਗਲਤੀ ਕੀਤੀ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਇਹ ਆਗੂ ਹੁਣ ਆਪਣੇ ਕੀਤੇ ਦੀ ਮਾਫੀ ਮੰਗ ਰਹੇ ਹਨ ਪਰ ਇਨ੍ਹਾਂ ਨੂੰ ਇਕ ਗੱਲ ਚੇਤੇ ਰੱਖਣੀ ਚਾਹੀਦੀ ਹੈ ਕਿ ਗਲਤੀਆਂ ਲਈ ਤਾਂ ਮੁਆਫੀ ਮੰਗੀ ਜਾ ਸਕਦੀ ਹੈ ਪਰ ਗੁਨਾਹ ਮੁਆਫ ਨਹੀਂ ਹੁੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਵਿਰੁੱਧ ਘਿਨਾਉਣੇ ਅਪਰਾਧ ਕੀਤੇ ਹਨ, ਜਿਨ੍ਹਾਂ ਨੂੰ ਕਦੇ ਵੀ ਮੁਆਫ ਨਹੀਂ ਕੀਤਾ ਜਾ ਸਕਦਾ।
———-