ਮਾਨ ਸਰਕਾਰ ਦੀ ਘਰ ਫ਼ੇਰੀ ਨਾਲ ਨਾਗਰਿਕਾਂ ਲਈ ਮੁਸ਼ਕਿਲਾਂ ‘ਚ ਵਾਧਾ ਹੋਵੇਗਾ: ਬ੍ਰਹਮਪੁਰਾ
ਸ਼੍ਰੋਮਣੀ ਅਕਾਲੀ ਦਲ 2024 ਦੀਆਂ ਚੋਣਾਂ ਵਿੱਚ ਸ਼ਾਨਦਾਰ ਵਾਪਸੀ ਕਰੇਗਾ: ਬ੍ਰਹਮਪੁਰਾ
ਤਰਨ ਤਾਰਨ 11 ਦਸੰਬਰ 2023: ( ) ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਆਲੋਚਨਾ ਕੀਤੀ ਹੈ। ਸ੍ਰ. ਬ੍ਰਹਮਪੁਰਾ ਨੇ ਇਸ ਸਕੀਮ ਨੂੰ ਧੋਖੇ ਦਾ ਨਵਾਂ ਰੂਪ ਦੱਸਿਆ ਹੈ।
ਸ੍ਰ. ਬ੍ਰਹਮਪੁਰਾ ਨੇ ਆਪਣੇ ਹਲਕੇ ਪਿੰਡ ਦੇਉਂ ਦੀ ਫ਼ੇਰੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ ਸਕੀਮ ਤਹਿਤ ਮੁਹੱਈਆ ਕਰਵਾਇਆ ਗਿਆ ਹੈਲਪਲਾਈਨ ਨੰਬਰ 1076 ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਇਸ ਵਿਸ਼ੇ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਜਿਹੜੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਹ ਪਿਛਲੀ ਅਕਾਲੀ ਸਰਕਾਰ ਵੇਲੇ ਬਿਨਾਂ ਰਿਸ਼ਵਤ ਦੇ ਉਪਲਬਧ ਸਨ। ਹਾਲਾਂਕਿ, ਉਨ੍ਹਾਂ ਦਾਅਵਾ ਕੀਤਾ ਕਿ ਹੁਣ ਨਾਗਰਿਕਾਂ ਨੂੰ ਉਹਨਾਂ ਸੇਵਾਵਾਂ ਲਈ ਰਿਸ਼ਵਤ ਦੇਣੀ ਪਵੇਗੀ।
ਇਸ ਸਕੀਮ ਦਾ ਮਜ਼ਾਕ ਉਡਾਉਂਦੇ ਹੋਏ ਬ੍ਰਹਮਪੁਰਾ ਨੇ ਟਿੱਪਣੀ ਕਰਦਿਆਂ ਕਿਹਾ ਕਿ, “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” – “ਭਗਵੰਤ ਮਾਨ ਸਰਕਾਰ, ਹੁਣ ਤੁਹਾਡੇ ਘਰ ਆ ਕੇ ਕਰੇਗੀ ਪ੍ਰੇਸ਼ਾਨ”।
ਸ੍ਰ. ਬ੍ਰਹਮਪੁਰਾ ਨੇ ਅੱਗੇ ਦੋਸ਼ ਲਾਇਆ ਕਿ ਉਨ੍ਹਾਂ ਦੇ ਹਲਕੇ ਦੇ ਇੱਕ ਵਿਅਕਤੀ ਨੇ ਇਸ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਨੰਬਰ ਮੌਜੂਦ ਨਾ ਹੋਣ ਕਾਰਨ ਉਸ ਨੂੰ ਨਿਰਾਸ਼ਾ ਹੀ ਹੱਥ ਲੱਗੀ। ਉਨ੍ਹਾਂ ਸਵਾਲ ਕੀਤਾ ਕੀ ਇਹ ਦਿੱਲੀ ਦਾ ਉਹੀ ਮਾਡਲ ਹੈ ਜੋ ‘ਆਪ’ ਪੰਜਾਬ ‘ਚ ਲਿਆਉਣਾ ਚਾਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ‘ਆਪ’ ਵੱਖ-ਵੱਖ ਪਹਿਲੂਆਂ ਵਿੱਚ ਅਸਫ਼ਲ ਰਹੀ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਪਸੰਦ ਨਹੀਂ ਕਰਦੇ ਹਨ।
ਸ੍ਰ. ਬ੍ਰਹਮਪੁਰਾ ਨੇ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਪੰਜਾਬ ਵਿੱਚੋਂ ਆਮ ਆਦਮੀ ਪਾਰਟੀ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਲੀਡਰਸ਼ਿਪ ‘ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਸ਼ਾਨਦਾਰ ਨਤੀਜੇ ਹਾਸਲ ਹੋਣਗੇ।
ਸ੍ਰ. ਬ੍ਰਹਮਪੁਰਾ ਨੇ ਪੰਜਾਬੀਆਂ ਦੇ ਸਰੋਤਾਂ ਨੂੰ ਬਰਬਾਦ ਕਰਨ ਲਈ ‘ਆਪ’ ਦੀ ਆਲੋਚਨਾ ਕੀਤੀ ਅਤੇ ‘ਆਪ’ ‘ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਲੋਕਾਂ ਨੂੰ ਧੋਖਾ ਦੇਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਆਮ ਆਦਮੀ ਪਾਰਟੀ ਆਪਣੀਆਂ ਕੋਝੀ ਚਾਲਾਂ ਤੋਂ ਮੂਰਖ਼ ਨਹੀਂ ਬਣਾ ਸਕਦੀ, ਪੰਜਾਬ ਦੇ ਲੋਕ ਸਮਝਦਾਰ ਹਨ।