ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ

0
155

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ: ਚੇਤਨ ਸਿੰਘ ਜੌੜਾਮਾਜਰਾ

ਚੇਤਨ ਸਿੰਘ ਜੌੜਾਮਾਜਰਾ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਕੇਂਦਰੀ ਸੈਨਿਕ ਬੋਰਡ ਦੀ ਮੀਟਿੰਗ ਵਿੱਚ ਸ਼ਾਮਲ ਹੋਏ
ਚੰਡੀਗੜ੍ਹ, 11 ਅਪ੍ਰੈਲ:
ਮੁੱਖ ਮੰਤਰੀ ਪੰਜਾਬ ਦੀ ਤਰਫੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਹੋਈ ਕੇਂਦਰੀ ਸੈਨਿਕ ਬੋਰਡ ਦੀ 31ਵੀਂ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਹ ਮੀਟਿੰਗ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਰਾਜਾਂ ਦੇ ਮੰਤਰੀਆਂ, ਰੱਖਿਆ ਮੰਤਰਾਲੇ ਦੇ ਉੱਚ ਅਧਿਕਾਰੀਆਂ ਅਤੇ ਕੇਂਦਰੀ ਸੈਨਿਕ ਬੋਰਡ, ਸਬੰਧਤ ਰਾਜ ਸੈਨਿਕ ਬੋਰਡਾਂ ਦੇ ਹੋਰ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ।
ਇਸ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕ ਸਾਡੀ ਕੌਮੀ ਸੰਪਤੀ ਹਨ। ਉਨ੍ਹਾਂ ਕਿਹਾ ਕਿ ਮਾਤ ਭੂਮੀ ਦੀ ਰੱਖਿਆ, ਰਾਸ਼ਟਰ ਨਿਰਮਾਣ ਅਤੇ ਹੋਰ ਕਈ ਕੁਦਰਤੀ ਆਫ਼ਤਾਂ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ। ਕੋਵਿਡ-19 ਦੌਰਾਨ ਉਨ੍ਹਾਂ ਦੇ ਯੋਗਦਾਨ ਤੋਂ ਹਰ ਕੋਈ ਵਾਕਫ਼ ਹੈ। ਉਨ੍ਹਾਂ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਸ਼ਲਾਘਾ ਕੀਤੀ ਜੋ ਸਾਡੀਆਂ ਸਰਹੱਦਾਂ ਦੀ ਰਾਖੀ ਲਈ ਹਮੇਸ਼ਾ ਬਹਾਦਰੀ ਨਾਲ ਲੜੇ। ਰੱਖਿਆ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ|
ਇਸ ਮੌਕੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਘੱਟ ਉਮਰ ਵਿੱਚ ਸੇਵਾਮੁਕਤ ਹੋਏ ਸਾਬਕਾ ਸੈਨਿਕਾਂ ਲਈ ਕੀਤੇ ਜਾਣ ਵਾਲੇ ਪੁਨਰਵਾਸ ਦੇ ਯਤਨਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਡੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਰੱਖਿਆ ਮੰਤਰੀ ਨੇ ਸਾਬਕਾ ਸੈਨਿਕ ਭਾਈਚਾਰੇ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਸਾਬਕਾ ਸੈਨਿਕਾਂ ਲਈ ਸਾਰੀਆਂ ਨੌਕਰੀਆਂ ਵਿੱਚ 13 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰਨ ਤੋਂ ਇਲਾਵਾ ਉਨ੍ਹਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਤੇ ਢੁੱਕਵਾਂ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

LEAVE A REPLY

Please enter your comment!
Please enter your name here