ਪੰਜਾਬ ‘ਚ 12 ਤੋਂ 3 ਵਜੇ ਤੱਕ 14 ਥਾਂਵਾਂ ‘ਤੇ ਰੇਲਾਂ ਦਾ ਚੱਕਾ ਰਿਹਾ ਜਾਮ
ਭਾਜਪਾ ਮੋਦੀ ਸਰਕਾਰ ਦੁਆਰਾ ਦਿੱਲੀ ਜਾ ਰਹੇ ਕਿਸਾਨਾਂ ਵਿਰੁੱਧ ਤਸ਼ੱਦਦ ਬੰਦ ਕਰਨ ਅਤੇ ਕਿਸਾਨੀ ਮੰਗਾਂ ਮੰਨੇ ਜਾਣ ਲਈ ਸੰਘਰਸ਼
ਕੇਂਦਰ ਸਰਕਾਰ ਵਿਰੁੱਧ 16 ਫ਼ਰਵਰੀ ਨੂੰ ਪੇਂਡੂ ਭਾਰਤ ਬੰਦ ਦਾ ਸੱਦਾ ਪੂਰੇ ਜ਼ੋਰ ਸ਼ੋਰ ਨਾਲ ਲਾਗੂ ਕਰਨ ਦਾ ਸੱਦਾ
ਚੰਡੀਗੜ੍ਹ, 1ਕਿਯੂ ਏਕਤਾ ਡਕੌਂਦਾ (ਧਨੇਰ) ਦੇ ਸਾਂਝੇ ਸੱਦੇ ‘ਤੇ ਹੱਕੀ ਕਿਸਾਨ ਮੰਗਾਂ ਲਈ ਦਿੱਲੀ ਵੱਲ ਜਾ ਰਹੇ ਕਿਸਾਨਾਂ ਦਾ ਸੰਘਰਸ਼ੀ ਹੱਕ ਤਸ਼ੱਦਦ ਰਾਹੀਂ ਕੁਚਲਣ ਵਿਰੁੱਧ ਰੋਸ ਪ੍ਰਗਟ ਕਰਨ ਲਈ ਅੱਜ ਪੰਜਾਬ ਭਰ ਵਿੱਚ 12 ਤੋਂ 3 ਵਜੇ ਤੱਕ 14 ਥਾਵਾਂ ‘ਤੇ ਰੇਲਾਂ ਜਾਮ ਅਤੇ 6 ਥਾਂਵਾਂ ਤੇ ਟੌਲ ਫ੍ਰੀ ਕੀਤੇ ਗਏ। ਜੇਠੂਕੇ, ਬੁਢਲਾਡਾ, ਬਰਨਾਲਾ, ਸੁਨਾਮ, ਮਾਨਸਾ, ਸੰਗਰੂਰ, ਘੱਲ ਕਲਾਂ, ਮਲੋਟ, ਜਗਰਾਓਂ, ਭੁੱਚੋ ਮੰਡੀ, ਅੰਮ੍ਰਿਤਸਰ ਵੱਲਾਪੁਲ, ਰਾਜਪੁਰਾ, ਗੁਰੂਹਰਸਹਾਏ ਤੇ ਫਾਜ਼ਿਲਕਾ ਰੇਲ ਜਾਮ ਅਤੇ ਫਿਰੋਜ਼ਪੁਰ, ਮੁਕਤਸਰ, ਫਰੀਦਕੋਟ, ਮਲੇਰਕੋਟਲਾ, ਕਪੂਰਥਲਾ ਤੇ ਮੋਹਾਲੀ ਵਿਖੇ ਟੌਲ ਫ੍ਰੀ ਕੀਤੇ ਗਏ।
ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀਆਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਹਰਨੇਕ ਸਿੰਘ ਮਹਿਮਾ ਵੱਲੋਂ ਪ੍ਰੈੱਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਇਸ ਸੰਘਰਸ਼ ਵਿੱਚ ਭਾਰਤ ਨੂੰ ਸਾਮਰਾਜੀ ਸੰਸਾਰ ਵਪਾਰ ਸੰਸਥਾ ਵਿੱਚੋਂ ਬਾਹਰ ਕੱਢਣ, ਸਾਰੀਆਂ ਫਸਲਾਂ ਦੀ ਐਮ ਐਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਲਖੀਮਪੁਰ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ, ਕਿਸਾਨਾਂ ਮਜ਼ਦੂਰਾਂ ਨੂੰ ਬੁਢਾਪਾ ਪੈਨਸ਼ਨ, ਪੂਰੀ ਭਰਪਾਈ ਵਾਲੀ ਫ਼ਸਲੀ ਬੀਮਾ ਸਕੀਮ ਆਦਿ ਕੀਤੀਆਂ ਜਾ ਰਹੀਆਂ ਭਖਦੀਆਂ ਕਿਸਾਨੀ ਮੰਗਾਂ ਮੰਨੇ ਜਾਣ ਵਰਗੀਆਂ ਕਿਸਾਨੀ ਮੰਗਾਂ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਬੁਲਾਰਿਆਂ ਵਲੋਂ ਭਾਜਪਾ ਦੀ ਕੇਂਦਰੀ ਅਤੇ ਹਰਿਆਣਾ ਸਰਕਾਰਾਂ ਵੱਲੋਂ ਕਿਸਾਨਾਂ ਦਾ ਸੰਘਰਸ਼ ਕਰਨ ਦਾ ਸੰਵਿਧਾਨਕ ਜਮਹੂਰੀ ਹੱਕ ਕੁਚਲਣ ਲਈ ਅੱਥਰੂ ਗੈਸ, ਲਾਠੀਚਾਰਜ ਤੇ ਡ੍ਰੋਨ ਰਾਹੀਂ ਗੋਲੀਬਾਰੀ ਤੋਂ ਇਲਾਵਾ ਸੜਕਾਂ ਉੱਤੇ ਕੰਧਾਂ ਕੱਢਣ ਤੇ ਕਿੱਲ ਗੱਡਣ ਵਰਗੇ ਤਾਨਾਸ਼ਾਹੀ ਹੱਥਕੰਡਿਆਂ ਦੀ ਵਰਤੋਂ ਦੀ ਸਖ਼ਤ ਨਿਖੇਧੀ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਕਾਲ਼ੇ ਖੇਤੀ ਕਾਨੂੰਨ ਰੱਦ ਕਰਾਉਣ ਵਾਲਾ ਦਿੱਲੀ ਘੋਲ਼ ਮੁਲਤਵੀ ਕਰਨ ਮੌਕੇ ਮੋਦੀ ਸਰਕਾਰ ਵੱਲੋਂ ਲਿਖ਼ਤੀ ਭਰੋਸੇ ਦੇ ਬਾਵਜੂਦ ਕੋਈ ਇੱਕ ਵੀ ਮੰਗ ਲਾਗੂ ਨਾ ਕਰਨਾ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਸਾਮਰਾਜ ਪੱਖੀ ਕਿਰਦਾਰ ਨੂੰ ਨੰਗਾ ਕਰਦਾ ਹੈ। ਮੰਗ ਕੀਤੀ ਕਿ ਉਹ ਸਾਰੀਆਂ ਮੰਗਾਂ ਲਾਗੂ ਕਰਨ ਤੋਂ ਇਲਾਵਾ ਸਾਰੇ ਪੁਆੜਿਆਂ ਦੀ ਜੜ ਸੰਸਾਰ ਵਪਾਰ ਸੰਸਥਾ ਵਿੱਚੋਂ ਭਾਰਤ ਨੂੰ ਬਾਹਰ ਕੱਢਣ ਦੀ ਮੰਗ ਵੀ ਮੰਨੀ ਜਾਵੇ।
ਆਗੂਆਂ ਨੇ ਕਿਹਾ ਕਿ ਇਹਦੀਆਂ ਨੀਤੀਆਂ ਖੇਤੀ/ਪੇਂਡੂ ਸੱਭਿਆਚਾਰ ਨੂੰ ਤਬਾਹ ਕਰ ਰਹੀਆਂ ਹਨ। ਇਸੇ ਹੀ ਤਰ੍ਹਾਂ ਜਨਤਕ ਖੇਤਰ ਦੇ ਸਿਹਤ, ਸਿੱਖਿਆ, ਰੇਲਵੇ, ਕੋਲਾ ਖਾਣਾਂ, ਬੈਂਕ, ਬੀਮਾ, ਊਰਜਾ, ਜਹਾਜ਼ ਰਾਨੀ ਵਰਗੇ ਅਦਾਰੇ ਅਡਾਨੀ ਅੰਬਾਨੀ ਨੂੰ ਕੌਡੀਆਂ ਦੇ ਭਾਅ ਵੇਚ ਰਹੀ ਹੈ। ਮੋਦੀ ਹਕੂਮਤ ਨੂੰ ਪੰਜਾਬ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਕੰਧ ਤੇ ਲਿਖਿਆ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ ਕਿ ਹਕੂਮਤੀ ਜਬਰ ਸੰਘਰਸ਼ ਕਰਨ ਵਾਲੇ ਕਾਫ਼ਲਿਆਂ ਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦਾ, ਸਗੋਂ ਇਹ ਜਬਰ ਸੰਘਰਸ਼ਾਂ ਦੀ ਖ਼ੁਰਾਕ ਬਣ ਜਾਇਆ ਕਰਦਾ ਹੈ। ਆਗੂਆਂ ਕਿਹਾ ਕਿ ਸਾਡਾ ਸੰਘਰਸ਼ ਹਰ ਕਿਸਮ ਦੀ ਕੁਰਬਾਨੀ ਦੇਕੇ ਵੀ ਜਾਰੀ ਰਹੇਗਾ ਅਤੇ ਮੋਦੀ ਹਕੂਮਤ ਨੂੰ ਕਿਸਾਨਾਂ -ਮਜਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਮਜਬੂਰ ਕਰੇਗਾ। ਆਗੂਆਂ ਨੇ ਮੋਦੀ ਸਰਕਾਰ ਦੇ ਤਾਨਾਸ਼ਾਹੀ ਜਾਬਰ ਹੱਲੇ ਵਿਰੁੱਧ 16 ਫਰਬਰੀ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਦੀ ਜ਼ੋਰਦਾਰ ਅਪੀਲ ਕੀਤੀ।
ਅੱਜ ਦੇ ਧਰਨਿਆਂ ਨੂੰ ਸੰਬੋਧਨ ਕਰਤਾ ਮੁੱਖ ਆਗੂਆਂ ਵਿੱਚ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਿੰਦਰ ਕੌਰ ਬਿੰਦੂ, ਗੁਰਦੀਪ ਸਿੰਘ ਰਾਮਪੁਰਾ, ਹਰੀਸ਼ ਨੱਢਾ ਤੇ ਅੰਮ੍ਰਿਤਪਾਲ ਕੌਰ ਤੋਂ ਇਲਾਵਾ ਹੋਰ ਸੂਬਾ/ਜ਼ਿਲ੍ਹਾ/ਬਲਾਕ ਪੱਧਰੇ ਆਗੂ ਸ਼ਾਮਲ ਸਨ।