ਚੰਡੀਗੜ੍ਹ, (ਸਾਂਝੀ ਸੋਚ ਬਿਊਰੋ) – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਦੇ 15 ਜਿਲਿ੍ਹਆਂ ਵਿੱਚ ਡੀ.ਸੀ. ਅਤੇ ਐੱਸ ਡੀ ਐੱਮ ਦਫ਼ਤਰਾਂ ਅੱਗੇ ਦਿਨ-ਰਾਤ ਦੇ ਪੱਕੇ ਧਰਨੇ ਸੱਤਵੇਂ ਦਿਨ ਵੀ ਲਗਾਤਾਰ ਜਾਰੀ ਰਹੇ। ਅੱਜ ਦੇ ਧਰਨਿਆਂ ਦੀ ਸ਼ੁਰੂਆਤ ਸਾਮਰਾਜ ਵਿਰੋਧੀ ਜਾਨਹੂਲਵੀਂ ਲੜਾਈ ਵਿੱਚ ਮਿਥ ਕੇ ਅੰਗਰੇਜ਼ ਸਾਮਰਾਜੀਆਂ ਨਾਲ ਸਿੱਧੇ ਮੱਥੇ ਟੱਕਰਨ ਤੇ ਹੱਸ ਕੇ ਜਾਨ ਵਾਰਨ ਵਾਲੇ ਸਿਰਲੱਥ ਯੋਧੇ ਊਧਮ ਸਿੰਘ ਦਾ ਜਨਮ ਦਿਹਾੜਾ ਮਨਾਉਣ ਰਾਹੀਂ ਕੀਤੀ ਗਈ।
ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨਾਲ 23 ਦਸੰਬਰ ਨੂੰ ਹੋਈ ਗੱਲਬਾਤ ਸਮੇਂ ਨਰਮੇ ਅਤੇ ਝੋਨੇ ਦੀ ਫਸਲੀ ਤਬਾਹੀ ਦਾ ਮੁਆਵਜਾ ਛੇਤੀ ਤੋਂ ਛੇਤੀ ਵੰਡਣ, ਨਿੱਜੀ ਖੰਡ ਮਿੱਲਾਂ ਨੂੰ ਵੇਚੇ ਗੰਨੇ ਦਾ ਵੀ ਪੂਰਾ ਰੇਟ 360 ਰੁਪਏ ਪ੍ਰਤੀ ਕੁਇੰਟਲ ਦੀ ਗਰੰਟੀ ਕਰਨ, ਐਲਾਨੀ ਗਈ 3-3 ਲੱਖ ਰੁਪਏ ਦੀ ਰਾਹਤ ਅਤੇ ਨੌਕਰੀ ਸਮੇਤ ਕਰਜ਼ਾ ਮਾਫ਼ੀ ਤੋਂ ਵਾਂਝੇ ਰਹਿ ਗਏ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਬੇਲੋੜੀਆਂ ਸ਼ਰਤਾਂ ਖ਼ਤਮ ਕਰਕੇ ਇਹ ਰਾਹਤਾਂ ਹਫ਼ਤੇ ਦੇ ਵਿੱਚ ਵਿੱਚ ਦੇਣ, 5 ਏਕੜ ਤੱਕ ਮਾਲਕੀ ਵਾਲੇ ਕਿਸਾਨਾਂ ਨੂੰ 2 ਲੱਖ ਰੁਪਏ ਦੀ ਕਰਜ਼ਾ ਮਾਫ਼ੀ ਬਿਨਾਂ ਸ਼ਰਤ ਯਕੀਨੀ ਬਣਾਉਣ, ਅੰਦੋਲਨਕਾਰੀ ਕਿਸਾਨਾਂ ਵਿਰੁੱਧ ਦਰਜ ਸਾਰੇ ਪੁਲਿਸ ਕੇਸ ਵੀ ਹਫ਼ਤੇ ਦੇ ਅੰਦਰ ਅੰਦਰ ਵਾਪਸ ਲੈਣ ਆਦਿ ਵਾਅਦੇ ਕੀਤੇ ਗਏ ਸਨ। ਸ੍ਰੀ ਚੰਨੀ ਵੱਲੋਂ 30 ਦਸੰਬਰ ਨੂੰ ਮੁੜ ਗੱਲਬਾਤ ਦਾ ਵਾਅਦਾ ਵੀ ਕੀਤਾ ਗਿਆ ਸੀ।
ਬੁਲਾਰਿਆਂ ਵੱਲੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਸਾਰੇ ਕਿਸਾਨਾਂ ਮਜ਼ਦੂਰਾਂ ਕਿਰਤੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਨੇ ਦਸੰਬਰ ਵਾਲੇ ਵਾਅਦੇ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਧਰਨਿਆਂ ਨੂੰ ਹੋਰ ਵਿਸ਼ਾਲ ਤੇ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਅੱਜ ਦੇ ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਜਸਵਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਪਿੱਥੋ ਅਤੇ ਗੁਰਪ੍ਰੀਤ ਕੌਰ ਬਰਾਸ ਸ਼ਾਮਲ ਸਨ।