ਭਾਜਪਾ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਡੀਸੀ ਨੂੰ ਸੌਂਪਿਆ ਮੰਗ ਪੱਤਰ

0
101

ਸਮਾਰਟ ਰਾਸ਼ਨ ਕਾਰਡਾਂ ਨੂੰ ਰੱਦ ਕਰਨ ਵਿੱਚ ਸਿਆਸੀ ਬਦਲਾਖੋਰੀ ਦਾ ਕੀਤਾ ਵਿਰੋਧ

ਪਟਿਆਲਾ ਜ਼ਿਲ੍ਹੇ ਦੇ ਕਰੀਬ 5000 ਪਰਿਵਾਰਾਂ ਦੇ ਰਾਸ਼ਨ ਕਾਰਡ ਬਹਾਲ ਕਰਨ ਦੀ ਕੀਤੀ ਮੰਗ

ਪਟਿਆਲਾ, 17 ਅਗਸਤ

ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਡੀਸੀ ਸਾਕਸ਼ੀ ਸਾਹਨੀ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ 5000 ਤੋਂ ਵੱਧ ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਰੱਦ ਕਰਨ ਨੂੰ ਲੈ ਕੇ ਆਮ ਆਦਮੀ ਸਰਕਾਰ ਦੀ ਸਿਆਸੀ ਬਦਲਾਖੋਰੀ ਅਤੇ ਧੱਕੇਸ਼ਾਹੀ ਦਾ ਦੋਸ਼ ਲਾਇਆ ਗਿਆ।

ਮੰਗ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, “ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਸਿਆਸੀ ਬਦਲਾਖੋਰੀ ਕਾਰਨ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ 5000 ਤੋਂ ਵੱਧ ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਰੱਦ ਕਰ ਦਿੱਤੇ ਹਨ। ਇਨ੍ਹਾਂ ਪਰਿਵਾਰਾਂ ਦਾ ਸਿਰਫ਼ ਇਨ੍ਹਾਂ ਕਸੂਰ ਹੈ ਕਿ ਉਹ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਵਰਗੀਆਂ ਵਿਰੋਧੀ ਪਾਰਟੀਆਂ ਦੇ ਸਮਰਥਕ ਸੀ।”

ਉਨ੍ਹਾਂ ਅੱਗੇ ਕਿਹਾ, “ਅੱਜ ਅਸੀਂ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ ਜ਼ਿਲ੍ਹੇ ਵਿੱਚ ਹੋ ਰਹੀ ਘੋਰ ਬੇਇਨਸਾਫ਼ੀ ਬਾਰੇ ਉਨ੍ਹਾਂ ਦਾ ਧਿਆਨ ਲਿਆਂਦਾ ਗਿਆ ਹੈ।ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਜਿਨ੍ਹਾਂ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ, ਦੇ ਕੇਸਾਂ ਦੀ ਸਮੀਖਿਆ ਕਰਨ ਲਈ 5 ਵਿਅਕਤੀਆਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ। ਇਹ ਕਮੇਟੀ ਬਿਨਾਂ ਕਿਸੇ ਕਾਨੂੰਨੀ ਤਾਕਤ ਦੇ ਬਣਾਈ ਗਈ ਸੀ ਅਤੇ ਇਸ ਵਿੱਚ ਸਿਰਫ਼ ‘ਆਪ’ ਨਾਲ ਸਬੰਧਤ ਵਿਅਕਤੀ ਸ਼ਾਮਲ ਸਨ ਜਦਕਿ ਇਸ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹੋਣੇ ਚਾਹੀਦੇ ਸਨ।”

ਭਾਜਪਾ ਆਗੂ ਨੇ ਅੱਗੇ ਕਿਹਾ, “ਹੁਣ, ਆਮ ਆਦਮੀ ਪਾਰਟੀ ਸਰਕਾਰ ਦੀ ਸਿਆਸੀ ਬਦਲਾਖੋਰੀ ਕਾਰਨ, ਭਾਰਤੀ ਜਨਤਾ ਪਾਰਟੀ, ਕਾਂਗਰਸ, ਅਕਾਲੀ ਦਲ ਅਤੇ ਹੋਰ ਪਾਰਟੀਆਂ ਨਾਲ ਸਬੰਧਤ ਲਗਭਗ 5000 ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਬਿਨਾਂ ਪ੍ਰਕਿਰਿਆ ਦੀ ਪਾਲਣਾ ਕੀਤੇ ਰੱਦ ਕਰ ਦਿੱਤਾ ਗਏ ਹਨ। ਇਹ ਪਰਿਵਾਰ ਸਮਾਜ ਦੇ ਬਹੁਤ ਹੀ ਗਰੀਬ ਤਬਕੇ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਕੇਂਦਰ/ਰਾਜ ਸਰਕਾਰ ਦੀ ਸਕੀਮ ਤਹਿਤ ਆਟਾ, ਦਾਲ ਦੇ ਰੂਪ ਵਿੱਚ ਦਿੱਤੀ ਜਾ ਰਹੀ ਰਾਸ਼ਨ ਰਾਹਤ ਦੇਣ ਤੋਂ ਵਾਂਝੇ ਰੱਖਿਆ ਗਿਆ ਹੈ।”

“ਇਸ ਮੈਮੋਰੰਡਮ ਰਾਹੀਂ ਅਸੀਂ ਉਹਨਾਂ ਨੂੰ ਬੇਨਤੀ ਕੀਤੀ ਹੈ ਕਿ ਇਹਨਾਂ ਪਰਿਵਾਰਾਂ ਦੇ ਤੁਰੰਤ ਸਮਾਰਟ ਰਾਸ਼ਨ ਕਾਰਡ ਬਹਾਲ ਕਰਨ ਲਈ ਫੂਡ ਅਤੇ ਸਿਵਲ ਸਪਲਾਈ ਵਿਭਾਗ ਪਟਿਆਲਾ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ, ਅਜਿਹਾ ਨਾ ਹੋਣ ‘ਤੇ ਅਸੀਂ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕਰਾਂਗੇ।” ਉਨ੍ਹਾਂ ਨੇ ਅੱਗੇ ਕਿਹਾ।

ਜੈ ਇੰਦਰ ਕੌਰ ਦੇ ਨਾਲ ਭਾਜਪਾ ਪਟਿਆਲਾ ਦੇ ਆਗੂ ਕੇਕੇ ਮਲਹੋਤਰਾ, ਕੇਕੇ ਸ਼ਰਮਾ, ਵਿਜੇ ਕੂਕਾ, ਅਤੁਲ ਜੋਸ਼ੀ, ਸੰਜੀਵ ਸ਼ਰਮਾ ਬਿੱਟੂ, ਵਰਿੰਦਰ ਗੁਪਤਾ ਅਤੇ ਅਨਿਲ ਮੰਗਲਾ ਹਾਜ਼ਰ ਸਨ।

LEAVE A REPLY

Please enter your comment!
Please enter your name here