ਭਾਰਤ-ਬੰਦ ਦੇ ਸੱਦੇ ਨੂੰ ਭਵਾਨੀਗੜ੍ਹ ‘ਚ ਭਰਵਾਂ ਹੁੰਗਾਰਾ; ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ਤੇ ਚੱਕਾ-ਜਾਮ

0
60
ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੇ ਭਾਰਤ ਬੰਦ ਦੇ ਸੱਦੇ ਤੇ ਭਵਾਨੀਗੜ੍ਹ ‘ਚ ਚੰਡੀਗੜ੍ਹ-ਬਠਿੰਡਾ ਕੌਮੀ ਮਾਰਗ ਜਾਮ
ਭਵਾਨੀਗੜ੍ਹ,
ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਅਤੇ ਦੇਸ਼ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਭਵਾਨੀਗੜ੍ਹ ਸ਼ਹਿਰ ਮੁਕੰਮਲ ਤੌਰ ਬੰਦ ਰਿਹ ਅਤੇ ਭਾਰਤ ਬੰਦ ਦੇ ਸੱਦੇ ਤਹਿਤ ਜੱਥੇਬੰਦੀਆਂ ਵੱਲੋਂ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ਨੂੰ ਬੰਦ ਕਰਕੇ ਰੋਸ ਧਰਨਾ ਦਿੱਤਾ ਗਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਤੇ ਗੁਰਮੀਤ ਸਿੰਘ ਭੱਟੀਵਾਲ, ਬੀਕੇਯੂ ਰਾਜੇਵਾਲ ਦੇ ਗੁਰਮੀਤ ਸਿੰਘ ਕਪਿਆਲ, ਬੀਕੇਯੂ ਉਗਰਾਹਾਂ ਦੇ ਮਨਜੀਤ ਸਿੰਘ ਘਰਾਚੋਂ, ਬੀਕੇਯੂ ਡਕੌਂਦਾ ਧਨੇਰ ਦੇ ਰਣਧੀਰ ਸਿੰਘ ਭੱਟੀਵਾਲ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਡੀਟੀਐੱਫ ਦੇ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਕੁਲਵੰਤ ਖਨੌਰੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਅੰਦਰ ਫਾਸ਼ੀਵਾਦੀ ਹੱਲ ਤਹਿਤ ਦੇਸ਼ ਨੂੰ ਇੱਕ ਰੰਗ ਵਿਚ ਰੰਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤਹਿਤ ਦੇਸ਼ ਦੇ ਮੁਸਲਮਾਨਾਂ ਘੱਟ ਗਿਣਤੀਆਂ, ਦਲਿਤਾਂ, ਕਮਿਊਨਿਸਟਾਂ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਨੂੰ ਅੰਨੇਵਾਹ ਕੁਚਲਿਆ ਜਾ ਰਿਹਾ ਹੈ। ਦੂਸਰੇ ਪਾਸੇ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਦੇਸ਼ ਦੇ ਮਜ਼ਦੂਰਾਂ ਕਿਸਾਨਾਂ ਖਿਲਾਫ ਕਾਲੇ ਕਾਨੂੰਨ ਬਣਾਏ ਜਾ ਰਹੇ ਹਨ। ਡੰਡੇ ਦੇ ਜ਼ੋਰ ਨਾਲ ਲੋਕਾਂ ਦੀ ਆਵਾਜ਼ ਬੰਦ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸੇ ਹੱਲੇ ਤਹਿਤ ਪਹਿਲਾਂ ਐਨ ਆਰ ਸੀ, ਸੀ. ਏ. ਏ., ਕਿਸਾਨ ਵਿਰੋਧੀ ਤਿੰਨ ਕਾਲ਼ੇ ਕਾਨੂੰਨ, ਬਿਜਲੀ ਬਿੱਲ 2020, ਚਾਰ ਲੇਬਰ ਕੋਡ ਤੇ ਨਵੀਂ ਸਿੱਖਿਆ ਨੀਤੀ ਤਹਿਤ ਦੇਸ਼ ਅੰਦਰ ਭਗਵਾਂਕਰਨ ਤੇ ਕਾਰਪੋਰੇਟ ਘਰਾਣਿਆਂ ਦੀ ਸੇਵਾ ਕੀਤੀ ਜਾ ਰਹੀ ਹੈ। ਹੱਕ ਮੰਗਦੇ ਲੋਕਾਂ ਉਪਰ ਜ਼ਬਰ ਢਾਹਿਆ ਜਾ ਰਿਹਾ ਹੈ। ਇਸ ਜ਼ਬਰ ਖ਼ਿਲਾਫ਼ ਅੱਜ ਪੁਰਾ ਦੇਸ਼ ਇੱਕ ਪਲੇਟਫਾਰਮ ਤੇ ਇਕਠੇ ਹੋ ਕੇ ਸੰਘਰਸ਼ ਦੇ ਮੈਦਾਨ ਵਿਚ ਨਿੱਤਰਿਆ ਹੈ, ਜਿਸ ਤਹਿਤ ਭਾਰਤ ਬੰਦ ਦੇ ਸੱਦੇ ਨੂੰ ਪੁਰੇ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ। ਅੱਜ ਦੇ ਬੰਦ ਤਹਿਤ ਜਿੱਥੇ ਸੜਕੀ ਆਵਾਜਾਈ ਠੱਪ ਰਹੀ, ਉੱਥੇ ਸ਼ਹਿਰੀ ਅਤੇ ਪੇਂਡੂ ਦੁਕਾਨਦਾਰਾਂ ਵੱਲੋਂ ਦੁਕਾਨਾਂ ਬੰਦ ਰੱਖਕੇ ਪੂਰਾ ਸਮੱਰਥਨ ਦਿਤਾ ਗਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜੱਥੇਬੰਦੀਆਂ ਦੇ ਬੁਲਾਰੇ ਆਗੂਆਂ ਨੇ ਮੰਗ ਕੀਤੀ ਕਿ ਸਾਰੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ੍ਰੀਦ ਦੀ ਗਰੰਟੀ ਲਈ ਲਾਜ਼ਮੀ ਲਈ ਕਾਨੂੰਨ ਬਣਾਇਆ ਜਾਵੇ, ਲਖ਼ੀਮਪੁਰ ਖ਼ੀਰੀ ਕਾਂਡ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ ਕੀਤੇ ਜਾਣ, ਚਾਰ ਲੇਬਰ ਕੋਡਾਂ, ਟਰਾਂਸਪੋਰਟ ਦੇ ਹਿੱਟ ਐਂਡ ਰਨ ਕਾਨੂੰਨ ਸਮੇਤ ਸਾਰੇ ਕਾਲ਼ੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ, ਕਾਰਪੋਰੇਟ ਨੀਤੀਆਂ ਤਹਿਤ ਜਨਤਕ ਖੇਤਰ ਦਾ ਉਜਾੜਾ ਬੰਦ ਕੀਤਾ ਜਾਵੇ ਅਤੇ ਨੌਜਵਾਨਾਂ ਲਈ ਪੱਕੇ ਰੁਜ਼ਗਾਰ ਦਾ ਪ੍ਰਬੰਧ ਹੋਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕੀਤੀ ਜਾਵੇ। ਇਸ ਮੌਕੇ ਬੁਲਾਰਿਆਂ ਨੇ ਸ਼ੰਭੂ-ਬਾਰਡਰ ‘ਤੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਜਾ ਰਹੇ ਜ਼ਬਰ ਅਤੇ ਕੇਂਦਰ-ਸਰਕਾਰ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਇੰਟਰਨੈੱਟ ‘ਤੇ ਪਾਬੰਦੀ ਲਾ ਕੇ ਸਿਰਜੇ ਤਾਨਾਸ਼ਾਹੀ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ।
ਇਸ ਮੌਕੇ ਉਪਰੋਕਤ ਤੋਂ ਬਿਨਾਂ ਆੜਤੀਆਂ ਐਸੋਸੀਏਸ਼ਨ ਭਵਾਨੀਗੜ੍ਹ ਦੇ ਪ੍ਰਧਾਨ ਪ੍ਰਦੀਪ ਮਿੱਤਲ, ਆਸਾ ਵਰਕਰ ਫੈਡਰੇਸ਼ਨ ਦੀ ਸੂਬਾ ਪ੍ਰਧਾਨ ਰਾਣੋਂ ਖੇੜੀਂ ਗਿੱਲਾਂ, ਆਦਰਸ਼ ਸਕੂਲ ਅਧਿਆਪਕ ਯੂਨੀਅਨ ਦੇ ਅਮਰਜੋਤ ਜੋਸ਼ੀ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਕਰਮਜੀਤ ਨਦਾਮਪੁਰ, ਟਰੱਕ ਯੂਨੀਅਨ ਭਵਾਨੀਗੜ੍ਹ ਦੇ ਗੁਰਪ੍ਰੀਤ ਸਿੰਘ ਫੱਗੂਵਾਲਾ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਡਾ. ਧਰਮਪਾਲ ਸਿੰਘ, ਪੀ ਜੀ ਆਈ ਨਰਸ ਸਟਾਫ ਦੇ ਅਮਨਦੀਪ ਕੌਰ ਤੋਂ ਬਿਨਾਂ ਬੀ ਕੇ ਯੂ ਡਕੌਂਦਾ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਭੱਟੀਵਾਲ, ਅਜੈਬ ਸਿੰਘ ਸੰਘਰੇੜੀ, ਜਸਪਾਲ ਸਿੰਘ ਘਰਾਚੋਂ, ਸੁਖਵਿੰਦਰ ਸਿੰਘ ਬਟੜਿਆਣਾ, ਹਰਦੀਪ ਸਿੰਘ ਨਕਟੇ, ਅਮਰਜੋਤ ਸਿੰਘ, ਕੁਲਵਿੰਦਰ ਸਿੰਘ ਮਾਂਝਾ, ਰਘਬੀਰ ਸਿੰਘ ਭਵਾਨੀਗੜ੍ਹ, ਦਰਬਾਰਾ ਸਿੰਘ ਨਾਗਰਾ, ਬੀ ਪੀ ਈ ਓ ਗਿਆਨ ਸਿੰਘ ਭਵਾਨੀਗੜ੍ਹ ਆਦਿ ਨੇ ਸੰਬੋਧਨ ਕੀਤਾ।

LEAVE A REPLY

Please enter your comment!
Please enter your name here