ਮਾਨਸਾ, 13 ਅਗਸਤ: ਆਜ਼ਾਦੀ ਦੀ 77ਵੀਂ ਵਰ੍ਹੇਗੰਢ ਮੌਕੇ 15 ਅਗਸਤ 2024 ਨੂੰ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਵਿੱਚ ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ, ਬਾਗ਼ਬਾਨੀ ਖਣਨ ਤੇ ਭੂ ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ੍ਰ. ਚੇਤਨ ਸਿੰਘ ਜੌੜਾਮਾਜਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਪਰਮਵੀਰ ਸਿੰਘ ਨੇ ਅੱਜ ਬਹੁਮੰਤਵੀ ਖੇਡ ਸਟੇਡੀਅਮ, ਮਾਨਸਾ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਦਿੱਤੀ। ਇਸ ਮੌਕੇ ਡੀ.ਆਈ.ਜੀ. ਰਾਜਪਾਲ ਸਿੰਘ, ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਫੁੱਲ ਡਰੈੱਸ ਰਿਹਰਸਲ ਮੌਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ 15 ਅਗਸਤ ਮੌਕੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸ਼ਹਿਰ ਵਾਸੀਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪਰੇਡ ਤੋਂ ਇਲਾਵਾ ਵੱਖ ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਅਤੇ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਮੌਕੇ 15 ਅਗਸਤ ਨੂੰ ਹੋਣ ਵਾਲੀ ਪਰੇਡ ਵਿੱਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ, ਐਨ.ਸੀ.ਸੀ. ਸਕਾਊਟ ਅਤੇ ਗਾਈਡ ਦੀਆਂ ਟੁੱਕੜੀਆਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੀਆਂ। ਸਮਾਗਮ ਮੌਕੇ ਵੱਖ ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਅਤੇ ਸੁਤੰਤਰ ਸੈਨਾਨੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਜਾਵੇਗੀ।
Boota Singh Basi
President & Chief Editor