ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਰੋਸ ਰੈਲੀ

0
121
ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਦੀ ਰਿਹਾਇਸ਼ ਤੱਕ ਕੀਤਾ ਗਿਆ ਰੋਸ ਮਾਰਚ
ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ: ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ
ਪਟਿਆਲਾ,
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨਜ਼ਰ ਅੰਦਾਜ਼ ਕੀਤੇ ਜਾਣ ਦੇ ਵਿਰੋਧ ਸਥਾਨਕ ਨਹਿਰੂ ਪਾਰਕ ਵਿਖੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਰੈਲੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਦੇ ਘਰ ਤੱਕ ਰੋਸ ਮਾਰਚ ਕੀਤਾ ਗਿਆ।
ਇਸ ਮੌਕੇ ਪਟਿਆਲਾ ਜਿਲ੍ਹੇ ਦੇ ਸੈਂਕੜੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲਾ ਪ੍ਰਧਾਨ ਗੁਰਜੀਤ ਘੱਗਾ, ਸਕੱਤਰ ਹਰਿੰਦਰ ਪਟਿਆਲਾ ਅਤੇ ਮੀਤ ਪ੍ਰਧਾਨ ਬਿਨਾਂ ਘੱਗਾ ਅਤੇ ਪਿੰਕੀ ਖਰਾਬਗੜ ਨੇ ਆਖਿਆ ਕਿ ਪੰਜਾਬ ਵਿੱਚ ਕੰਮ ਕਰ ਰਹੀਆਂ ਮਾਣਭੱਤਾ ਵਰਕਰਾਂ (ਆਸ਼ਾ, ਮਿੱਡ-ਡੇ-ਮੀਲ ਅਤੇ ਆਂਗਨਵਾੜੀ ਹੈਲਪਰ) ਦੀਆਂ ਤਨਖਾਹਾਂ ਵਿੱਚ ਵਾਧਾ ਕਰਵਾਉਣ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ, ਸਕੂਲਾਂ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸੰਮਿਲਤ ਕਰਵਾਉਣ, 01-01-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ 1972 ਦੇ ਨਿਯਮਾਂ ਮੁਤਾਬਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਪਰਖ ਸਮੇਂ ਦੌਰਾਨ ਮੁੱਢਲੀ ਤਨਖਾਹ ਦੇਣ ਸੰਬੰਧੀ 15-01-2015 ਅਤੇ 09-07-2016 ਦੇ ਨੋਟੀਫਿਕੇਸ਼ਨਾਂ ਨੂੰ ਰੱਦ ਕਰਵਾਉਣ, 17-07-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਕੇਂਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ, ਪੇਂਡੂ ਅਤੇ ਬਾਰਡਰ ਏਰੀਏ ਸਮੇਤ ਬੰਦ ਕੀਤੇ ਸਮੁੱਚੇ 37 ਭੱਤੇ ‘ਤੇ ਏ.ਸੀ.ਪੀ. ਸਕੀਮ ਲਾਗੂ ਕਰਵਾਉਣ ਲਈ ਪੰਜਾਬ ਦੇ ਮੁਲਾਜ਼ਮ ਅਤੇ ਮਾਣਭੱਤਾ ਵਰਕਰ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਇਸਦੇ ਬਾਵਜੂਦ ਪੰਜਾਬ ਸਰਕਾਰ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਹਰਵਿੰਦਰ ਰੱਖੜਾ, ਪਰਮਵੀਰ ਸਿੰਘ, ਜਸਪਾਲ ਕੌਰ ਪਟਿਆਲਾ ਅਤੇ ਮਨਜੀਤ ਕਲਿਆਣ ਨੇ ਆਖਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਨਾਲ ਅਨੇਕਾਂ ਕਿਸਮ ਦੇ ਵਾਅਦੇ ਕੀਤੇ ਗਏ ਸਨ ਪਰ ਸਰਕਾਰ ਬਣਨ ਤੋਂ ਬਾਅਦ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਸਗੋਂ ਝੂਠੀ ਇਸ਼ਤਿਹਾਰਬਾਜ਼ੀ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਮ ਆਦਮੀ ਪਾਰਟੀ ਨੂੰ ਇਸਦੀ ਸਿਆਸੀ ਕੀਮਤ ਦੇਣੀ ਪਵੇਗੀ।

LEAVE A REPLY

Please enter your comment!
Please enter your name here