ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ
ਚੰਡੀਗੜ, 21 ਅਕਤੂਬਰ:
ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ ਵਿਦਿਆਰਥੀਆਂ ਨੇ ਬੀਤੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ।
ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਦੇ 37,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਦੇ ਨੌਜਵਾਨਾਂ ਸੂਬੇ ‘ਚ ਬਿਹਤਰ ਰੋਜ਼ਗਾਰ ਮੁਹੱਈਆ ਕਰਵਾੳਣਾ ਹੈ ਤਾਂ ਜੋ ਪੰਜਾਬੀ ਨੌਜਵਾਨ ਸੂਬਾ ਛੱਡ ਕੇ ਬਾਹਰਲੇ ਮੁਲਕਾਂ ਵੱਲ ਨਾ ਜਾਣ ਸਗੋ ਆਪਣੇ ਪੰਜਾਬ ‘ਚ ਹੀ ਰੋਜ਼ਗਾਰ ਹਾਸਲ ਕਰਕੇ ਸੂਬੇ ਦੀ ਸੇਵਾ ਕਰਨ।
ਸ. ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸਦਨ ਦੀ ਕਾਰਵਾਈ ਵੇਖ ਕੇ ਜਿੱਥੇ ਵਿਦਿਆਰਥੀਆਂ ਨੂੰ ਸੂਬੇ ਦੀ ਵਿਧਾਨਕ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖਣ ਨੂੰ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਦੀ ਲਾਲਸਾ ਤਿਆਗਣ ਅਤੇ ਇੱਥੇ ਰਹਿ ਕੇ ਹੀ ਚੰਗਾ ਰੋਜ਼ਗਾਰ ਹਾਸਲ ਕਰਨ ਅਤੇ ਆਪਣੇ ਸਮਾਜ ਦੀ ਭਲਾਈ ਲਈ ਕੰਮ ਕਰਨ।
ਇਸ ਮੌਕੇ ਆਕਸਬ੍ਰਿਜ ਵਰਲਡ ਸਕੂਲ ਦੇ ਪ੍ਰਿੰਸੀਪਲ ਸਮੀਨਾ ਖੁਰਾਣਾ ਅਤੇ ਵਾਈਸ ਪ੍ਰਿੰਸੀਪਲ ਸਪਨਾ ਬਜਾਜ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਪੰਜਾਬ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਦਾ ਧੰਨਵਾਦ ਵੀ ਕੀਤਾ।