ਦਿੜ੍ਹਬਾ,
ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੀ ਸੁਵਿਧਾ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ 43 ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਾਹੀਂ ਰਵਾਨਾ ਹੋਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਦਿੜ੍ਹਬਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਵੱਡੀ ਗਿਣਤੀ ਸ਼ਰਧਾਲੂ ਇਸ ਸਕੀਮ ਤਹਿਤ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਚੁੱਕੇ ਹਨ। ਜਥੇ ਵਿਚ ਸ਼ਾਮਿਲ ਸੰਗਤਾਂ ਵਿੱਚ ਠੰਢ ਦੇ ਬਾਵਜੂਦ ਭਾਰੀ ਉਤਸ਼ਾਹ ਨਜ਼ਰ ਆਇਆ ਅਤੇ ਜਥੇ ਵਿਚ ਸ਼ਾਮਿਲ ਸ਼ਰਧਾਲੂਆਂ ਨੇ ਇਸ ਵਿਸ਼ੇਸ਼ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਐਸ.ਡੀ.ਐਮ ਰਾਜੇਸ਼ ਸ਼ਰਮਾ ਦੀ ਤਰਫ਼ੋਂ ਦਫ਼ਤਰੀ ਨੁਮਾਇੰਦਿਆਂ ਨੇ ਸ਼ਰਧਾਲੂਆਂ ਨੂੰ ਸੁਰੱਖਿਅਤ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਸ਼ਾਸਨ ਦੀ ਤਰਫ਼ੋਂ ਸਮੂਹ ਸ਼ਰਧਾਲੂਆਂ ਨੂੰ ਸਫ਼ਰ ਦੌਰਾਨ ਸਹੂਲਤ ਲਈ ਸਵਾਗਤੀ ਕਿੱਟ ਵੀ ਮੁਫ਼ਤ ਪ੍ਰਦਾਨ ਕੀਤੀ ਗਈ ।