ਖਰੜ, (ਦਲਜੀਤ ਕੌਰ ਭਵਾਨੀਗੜ੍ਹ) -ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਸ਼ੁੱਕਰਵਾਰ ਨੂੰ ਖਰੜ ਵਿਖੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਦੀ ਕੋਸ਼ਿਸ਼ ਕੀਤੀ। ਆਪਣੇ ਉਲੀਕੇ ਪ੍ਰੋਗਰਾਮ ਮੁਤਾਬਿਕ ਜਦੋਂ ਬੇਰੁਜ਼ਗਾਰ ਅਧਿਆਪਕ ਦੇਸੂਮਾਜਰਾ ਟੈਂਕੀ ਤੋਂ ਸੀਐੱਮ ਹਾਊਸ ਖਰੜ ਤੱਕ ਪਹੁੰਚੇ ਤਾਂ ਪੁਲੀਸ ਵੱਲੋਂ ਭਾਰੀ ਗਿਣਤੀ ਵਿੱਚ ਫੋਰਸ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ, ਪਰੰਤੂ ਬੇਰੁਜ਼ਗਾਰ ਅਧਿਆਪਕਾਂ ਨੇ ਬੇਰੀਗੇਡ ਟੱਪ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਮੁਲਾਜ਼ਮਾਂ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾ-ਮੁੱਕੀ ਕੀਤੀ ਅਤੇ ਹਲਕਾ ਲਾਠੀਚਾਰਜ ਵੀ ਕੀਤਾ ਗਿਆ। ਇਸ ਲਾਠੀਚਾਰਜ ਦੌਰਾਨ ਬੇਰੁਜ਼ਗਾਰ ਅਧਿਆਪਕ ਬਲਵਿੰਦਰ ਨਾਭਾ, ਸੁਖਜੀਤ ਨਾਭਾ ਪਿੰਕੀ ਮਾਨਸਾ, ਪ੍ਰਦੀਪ ਨਾਭਾ, ਪਰਗਟ ਮਾਨਸਾ, ਦਵਿੰਦਰ ਅਬੋਹਰ ਆਦਿ ਦੇ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਖਰੜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿਕਰਯੋਗ ਹੈ ਕਿ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਰਮ ਫ਼ਾਜਿਲਕਾ ਤੇ ਅਮਨ ਫ਼ਾਜਿਲਕਾ ਪਿਛਲੇ ਲਗਾਤਾਰ 43 ਦਿਨਾਂ ਤੋਂ ਟੈਂਕੀ ਦੇ ਉੱਪਰ ਡਟੇ ਹੋਏ ਹਨ। ਲਗਾਤਾਰ ਡੇਢ ਮਹੀਨੇ ਦੇ ਕਰੀਬ ਟੈਂਕੀ ਤੇ ਬੈਠਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ। ਪਰ ਪ੍ਰਸ਼ਾਸਨ ਵਲੋਂ ਬੇਰੁਜ਼ਗਾਰ ਅਧਿਆਪਕਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਹੈ।
Boota Singh Basi
President & Chief Editor