ਮੁੱਖ ਮੰਤਰੀ ਨੇ ਦੀਨਾਨਗਰ ’ਚ ਤਹਿਸੀਲ ਕੰਪਲੈਕਸ ਅਤੇ ‘ਮਹਾਰਾਜਾ ਰਣਜੀਤ ਸਿੰਘ ਪਾਰਕ’ ਦਾ ਨੀਂਹ ਪੱਥਰ ਰੱਖਿਆ

0
302

* ਕਮਿਊਨਿਟੀ ਹੈਲਥ ਸੈਂਟਰ ਨੂੰ ਅਪਗ੍ਰੇਡ ਕਰਨ ਅਤੇ ਬੱਸ ਸਟੈਂਡ ਬਣਾਉਣ ਦਾ ਐਲਾਨ ਵੀ ਕੀਤਾ

ਦੀਨਾਨਗਰ, (ਸਰਬਜੀਤ ਸਾਗਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੀਨਾਨਗਰ ਫੇਰੀ ਦੌਰਾਨ ਇਲਾਕੇ ਲਈ ਮੀਲ ਪੱਥਰ ਸਾਬਤ ਹੋਣ ਵਾਲੇ ਦੋ ਅਹਿਮ ਪ੍ਰੋਜੈਕਟਾਂ ਮਹਾਰਾਜਾ ਰਣਜੀਤ ਸਿੰਘ ਪਾਰਕ ਅਤੇ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਦੀਨਾਨਗਰ ਇੱਕ ਇਤਿਹਾਸਕ ਸ਼ਹਿਰ ਹੈ ਜਿੱਥੇ ਮਹਾਰਾਜਾ ਰਣਜੀਤ ਸਿੰਘ ਗਰਮੀਆਂ ਦੇ ਦਿਨਾਂ ’ਚ ਆਇਆ ਕਰਦੇ ਸਨ। ਜਿਨ੍ਹਾਂ ਦੇ ਨਾਂ ’ਤੇ ਸ਼ਹਿਰ ਦੇ ਮੇਨ ਰੋਡ ’ਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਇੱਕ ਬਹੁਤ ਹੀ ਖੂਬਸੂਰਤ ਪਾਰਕ ਉਸਾਰੀ ਜਾਵੇਗੀ, ਜਿਸਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਇਸੇ ਤਰ੍ਹਾਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ, ਜਿਸਨੂੰ ਜਲਦ ਬਣਾ ਕੇ ਲੋਕਾਂ ਨੂੰ ਇੱਕੋ ਛੱਤ ਹੇਠਾਂ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸਦਾ ਸਿਹਰਾ ਹਲਕਾ ਵਿਧਾਇਕਾ ਤੇ ਪੰਜਾਬ ਦੀ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੂੰ ਜਾਂਦਾ ਹੈ, ਜਿਨ੍ਹਾਂ ਦੀ ਮਿਹਨਤ ਸਦਕਾ ਦੋਨੋਂ ਪ੍ਰੋਜੈਕਟ ਸ਼ੁਰੂ ਹੋ ਰਹੇ ਹਨ। ਮੁੱਖ ਮੰਤਰੀ ਨੇ ਇਸ ਤੋਂ ਇਲਾਵਾ ਦੀਨਾਨਗਰ ਦੇ ਸਿੰਘੋਵਾਲ ’ਚ ਸਥਿਤ ਕਮਿਊਨਿਟੀ ਹੈਲਥ ਸੈਂਟਰ ਨੂੰ ਸਬ ਡਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕਰਨ ਅਤੇ 2.80 ਕਰੋੜ ਰੁਪਏ ਦੀ ਲਾਗਤ ਨਾਲ ਬੱਸ ਸਟੈਂਡ ਦੀ ਖ਼ਸਤਾ ਹਾਲਤ ਸੁਧਾਰੇ ਜਾਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਬਲਾਕ ਦੋਰਾਂਗਲਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਉੱਥੇ ਸਬ ਤਹਿਸੀਲ ਵੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦੀਨਾਨਗਰ ਵਿਧਾਨ ਸਭਾ ਹਲਕਾ ਉਨ੍ਹਾਂ ਦੇ ਦਿਲ ਦੇ ਬਹੁਤ ਕਰੀਬ ਹੈ ਅਤੇ ਉਹ ਇਸਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਕਾਂਗਰਸੀ ਵਰਕਰਾਂ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਦਾ ਇੱਕ ਨਵਾਂ ਯੁੱਗ ਆਇਆ ਹੈ ਅਤੇ ਸੂਬੇ ਵਿੱਚ ਹੁਣ ਚੁਣੇ ਹੋਏ ਨੁਮਾਇੰਦਿਆਂ ਦਾ ਰਾਜ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦਾ ਸਭ ਤੋਂ ਵੱਧ ਧਿਆਨ ਕਾਂਗਰਸੀ ਵਰਕਰਾਂ ਦੇ ਮਾਣ-ਸਤਿਕਾਰ ਨੂੰ ਬਹਾਲ ਕਰਵਾਉਣ ਵੱਲ ਹੋਵੇਗਾ। ਉਨ੍ਹਾਂ ਕਿਹਾ ਕਿ ਹਰੇਕ ਕਾਂਗਰਸੀ ਵਰਕਰ ਹੀ ਹੁਣ ਪੰਜਾਬ ਦਾ ਮੁੱਖ ਮੰਤਰੀ ਹੇੈ ਕਿਉਂਕਿ ਉਨ੍ਹਾਂ ਨੇ ਸੂਬੇ ਵਿੱਚ ਸਾਰੀਆਂ ਤਾਕਤਾਂ ਦਾ ਵਿਕੇਂਦਰੀਕਰਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਰੁਨਾ ਚੌਧਰੀ ਅਤੇ ਸੀਨੀਅਰ ਕਾਂਗਰਸ ਨੇਤਾ ਅਸ਼ੋਕ ਚੌਧਰੀ ਨੇ ਮੁੱਖ ਮੰਤਰੀ ਦਾ ਆਪਣੇ ਗ੍ਰਹਿ ਵਿਖੇ ਪੁੱਜਣ ’ਤੇ ‘ਜੀ ਆਇਆਂ ਨੂੰ’ ਆਖਿਆ ਜਦਕਿ ਰਸਤੇ ਵਿੱਚ ਕਾਂਗਰਸੀ ਵਰਕਰਾਂ ਨੇ ਉਨ੍ਹਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ, ਯੂਥ ਆਗੂ ਅਭਿਨਵ ਚੌਧਰੀ, ਨਗਰ ਕੌਂਸਲ ਪ੍ਰਧਾਨ ਨੀਟੂ ਚੌਹਾਨ, ਸ਼ਹਿਰੀ ਪ੍ਰਧਾਨ ਸਤਿੰਦਰ ਬਿੱਲਾ, ਡਾ. ਹਰੀਦੇਵ ਅਗਨੀਹੋਤਰੀ, ਜਿੰਮੀ ਬਰਾੜ, ਬਲਕਾਰ ਚੰਦ ਅਵਾਂਖਾ, ਵਿਜੇ ਚਾਂਡਲ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here