ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ: ਜਿੰਪਾ

0
113

ਚੰਡੀਗੜ੍ਹ, 15 ਜੁਲਾਈ:
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰਕੇ ਪਿੰਡਾਂ ਨੂੰ ਸਾਫ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਬਦਲਵੇਂ ਪ੍ਰਬੰਧਾਂ ਰਾਹੀਂ ਹੜ੍ਹ ਪੀੜਤਾਂ ਤੱਕ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾ ਰਹੀ ਹੈ ਪਰ ਜਿਹੜੀਆਂ ਪਾਈਪਾਂ, ਮੋਟਰਾਂ ਜਾਂ ਟਿਊਬਵੈੱਲਾਂ ਨੂੰ ਭਾਰੀ ਨੁਕਸਾਨ ਪੁੱਜਿਆ ਹੈ ਉਨ੍ਹਾਂ ਦੀ ਮੁਰੰਮਤ ਇਸ ਰਾਸ਼ੀ ਨਾਲ ਕਰਵਾਈ ਜਾਵੇਗੀ ਤਾਂ ਜੋ ਪਾਣੀ ਸਪਲਾਈ ਹੋਰ ਬੇਹਤਰ ਢੰਗ ਨਾਲ ਕੀਤਾ ਜਾ ਸਕੇ। ਇਹ ਰਾਸ਼ੀ ਐਸਡੀਆਰ ਫੰਡ ਵਿਚੋਂ ਦਿੱਤੀ ਗਈ ਹੈ।
ਜਿੰਪਾ ਨੇ ਕਿਹਾ ਕਿ ਇਸ ਵੇਲੇ ਸੂਬੇ ਦਾ ਵੱਡਾ ਹਿੱਸਾ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਅਤੇ ਪੀਣ ਵਾਲੇ ਪਾਣੀ ਦੀ ਦਿੱਕਤ ਨਾਲ ਜੂਝ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਪਰੇਸ਼ਾਨੀ ਨੂੰ ਘੱਟ ਕੀਤਾ ਜਾ ਸਕੇ। ਇਹ ਰਾਸ਼ੀ ਜਾਰੀ ਕਰਨ ਲਈ ਜਿੰਪਾ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ।
ਕਾਬਿਲੇਗੌਰ ਹੈ ਇਸ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਨਿਰਦੇਸ਼ ਦਿੱਤੇ ਸਨ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਜਾਣ।
ਜਿੰਪਾ ਨੇ ਹਦਾਇਤ ਕੀਤੀ ਸੀ ਕਿ ਪੰਜਾਬ ਵਿਚ ਪਾਣੀ ਸਪਲਾਈ ਦੀਆਂ ਜਿੰਨੀਆਂ ਵੀ ਸਕੀਮਾਂ ਹੜ੍ਹਾਂ ਦੀ ਮਾਰ ਹੇਠ ਆਈਆਂ ਹਨ ਜਦੋਂ ਤੱਕ ਉਹ ਪੂਰੀ ਤਰ੍ਹਾਂ ਕਾਰਜਸ਼ੀਲ ਨਹੀਂ ਹੁੰਦੀਆਂ ਉਦੋਂ ਤੱਕ ਉਨ੍ਹਾਂ ਦੇ ਲਾਭਪਾਤਰੀਆਂ ਨੂੰ ਬਦਲਵੇਂ ਤਰੀਕਿਆਂ ਰਾਹੀਂ ਪਾਣੀ ਸਪਲਾਈ ਕੀਤਾ ਜਾਵੇ।

LEAVE A REPLY

Please enter your comment!
Please enter your name here