ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ

0
86
ਸਥਾਨਕ ਸਰਕਾਰਾਂ ਮੰਤਰੀ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜੀ ਲਿਆਉਣ  ਦੇ ਨਿਰਦੇਸ਼ ਦਿੱਤੇ

 

ਮੰਤਰੀ  ਵੱਲੋਂ ਵਿਧਾਇਕਾਂ ਦੀ ਹਾਜ਼ਰੀ ਵਿੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਵਿੱਚ ਵਿਧਾਇਕਾਂ ਨੂੰ ਵੱਖ ਵੱਖ ਸਕੀਮਾਂ ਅਧੀਨ ਅਲਾਟ ਕੀਤੇ ਫੰਡਾਂ ਦੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਗਈ

 

ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ

 

ਚੰਡੀਗੜ੍ਹ, 9 ਜਨਵਰੀ:

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ।

 

ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ, ਮਾਨਸਾ, ਬੋਹਾ, ਬੁਢਲਾਡਾ, ਬਰੇਟਾ, ਭੀਖੀ, ਜੋਗਾ, ਸਰਦੂਲਗੜ੍ਹ, ਮਲੋਟ, ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਬਰੀਵਾਲਾ, ਫਰੀਦਕੋਟ ਅਤੇ ਜੈਤੋ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਕੰਮਾਂ ਨੂੰ ਤੇਜੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਗਏ।

 

ਸਥਾਨਕ ਸਰਕਾਰਾਂ ਮੰਤਰੀ ਨੇ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਾਜੈਕਟਾਂ, ਕੰਮਾਂ ਸਬੰਧੀ ਅਲਾਟ ਹੋਏ ਫੰਡਾਂ ਅਤੇ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਅਸੀਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਆਦੇਸ਼ ਦਿੱਤੇ।

 

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ- ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਖਰਚ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਖਰਚ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

 

ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ   ਆਪੋ-ਆਪਣੇ ਖੇਤਰ ਵਿੱਚ ਸੀਵਰੇਜ ਦੀ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਇਲਾਕੇ ਵਿੱਚ ਵਿਰਾਸਤੀ ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਇਆ ਜਾਵੇ ਤਾਂ ਜੋ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ।

 

ਉਨ੍ਹਾਂ ਨੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜੇਕਰ ਵਿਕਾਸ ਕਾਰਜਾਂ ਲਈ ਕਿਸੇ ਨੂੰ ਹੋਰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਇਸ ਸਬੰਧੀ ਮੁਕੰਮਲ ਐਕਸ਼ਨ ਪਲਾਨ  ਮੁੱਖ ਦਫ਼ਤਰ ਨੂੰ ਭੇਜਿਆ ਜਾਵੇ।

 

ਇਸ ਦੌਰਾਨ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਹਲਕੇ ਦੇ ਵਿਧਾਇਕਾਂ ਨੂੰ  ਵੱਖ-ਵੱਖ ਸਕੀਮਾਂ  ਅਧੀਨ ਆਉਂਦੇ ਵੱਖ-ਵੱਖ ਕੰਮਾਂ ਅਤੇ ਇਸ ਸਬੰਧੀ ਜਾਰੀ ਕੀਤੇ ਫੰਡਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ।  ਉਨ੍ਹਾਂ ਵੱਲੋਂ  ਵਿਧਾਇਕਾਂ ਨਾਲ ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਕਿ ਕਿਹੜੀ ਸਕੀਮ ਅਧੀਨ ਕਿੰਨਾ ਬਜਟ ਅਲਾਟ ਕੀਤਾ ਗਿਆ ਹੈ ਤਾਂ ਜੋ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾ ਸਕੇ।  ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸੂਬੇ ਦਾ ਵਿਆਪਕ ਵਿਕਾਸ ਕਰਨਾ ਹੈ।

 

ਉਨ੍ਹਾਂ  ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਦੀ ਜ਼ਰੂਰਤ ਅਨੁਸਾਰ ਇਲਾਕਾ ਵਾਸੀਆਂ ਦੇ ਲਈ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਦਾ ਨਿਪਟਾਰਾ ਸਬੰਧਤ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਕੇ ਤੁਰੰਤ ਕਰਵਾਇਆ ਜਾਵੇ।

 

ਮੰਤਰੀ ਵੱਲੋਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ।

 

ਇਸ ਮੌਕੇ ਵਿਧਾਇਕਾਂ ਵਿੱਚ ਬੁੱਧ ਰਾਮ , ਅਮੋਲਕ ਸਿੰਘ,    ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਦੀਪ ਸਿੰਘ ਕਾਕਾ ਬਰਾੜ, ਵਿਧਾਇਕਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਪੀ.ਐਮ.ਆਈ.ਡੀ.ਸੀ.  ਦੀ ਸੀ.ਈ.ਓ. ਦੀਪਤੀ ਉੱਪਲ, ਮਿਉਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here