ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਫਰਵਰੀ ਮਹੀਨੇ ’ਚ ਪੰਜਾਬ ਭਰ ਵਿੱਚ 11600 ਕੈਂਪ ਲਾਏ ਜਾਣਗੇ, ਹਰੇਕ ਤਹਿਸੀਲ ਵਿੱਚ ਰੋਜ਼ਾਨਾ ਲੱਗਣਗੇ ਚਾਰ ਕੈਂਪ
ਭਾਂਖਰਪੁੁਰ (ਐਸ.ਏ.ਐਸ. ਨਗਰ), 6 ਫਰਵਰੀ
ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਸਕੀਮ ਦਾ ਆਗਾਜ਼ ਕੀਤਾ। ਇਸ ਸਕੀਮ ਤਹਿਤ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡ ਤੇ ਮੁੁਹੱਲਾ ਪੱਧਰ ਉਤੇ ਕੈਂਪ ਲਾਏ ਜਾਣਗੇ।
ਇੱਥੇ ਕੈਂਪ ਦੀ ਸ਼ੁੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਸੂਬੇ ਦੇ ਇਤਿਹਾਸ ਲਈ ਯਾਦਗਾਰੀ ਦਿਨ ਦੱਸਿਆ ਕਿਉਂਕਿ ਹੁੁਣ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਕੀ ਕਾਰਜਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣਾ ਪਵੇਗਾ, ਸਗੋਂ ਸਰਕਾਰੀ ਅਧਿਕਾਰੀ ਖ਼ੁੁਦ ਲੋਕਾਂ ਕੋਲ ਜਾ ਕੇ ਸੇਵਾਵਾਂ ਮੁੁਹੱਈਆ ਕਰਵਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਅਸਲ ਅਰਥਾਂ ਵਿੱਚ ਲੋਕਾਂ ਦੇ ਸਸ਼ਕਤੀਕਰਨ ਦਾ ਉਦੇਸ਼ ਪੂਰਾ ਕਰਦੀ ਹੈ, ਜਿੱਥੇ ਸਰਕਾਰ ਲੋਕਾਂ ਦੀ ਭਲਾਈ ਲਈ ਫਰਾਖ਼ਦਿਲੀ ਨਾਲ ਹੋਰ ਵੀ ਤਨਦੇਹੀ ਨਾਲ ਕੰਮ ਕਰੇਗੀ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਗਰਿਕ ਕੇਂਦਰ ਉਪਰਾਲੇ ਦੀ ਸ਼ੁੁਰੂਆਤ ਕਰ ਕੇ ਪੰਜਾਬ ਨੇ ਇਕ ਵਾਰ ਫੇਰ ਦੇਸ਼ ਭਰ ਵਿੱਚ ਬਾਜ਼ੀ ਮਾਰ ਲਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਖ-ਵੱਖ ਸੂਬੇ ਵੀ ਇਸ ਸਕੀਮ ਨੂੰ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਦਸੰਬਰ, 2023 ਵਿੱਚ ਲੋਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਦੀ ਸ਼ੁੁਰੂਆਤ ਕਰਕੇ ਪ੍ਰਮੁੱਖ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰ ਉਤੇ ਜਾ ਕੇ ਮੁੁਹੱਈਆ ਕਰਵਾਉਣ ਦੀ ਸਕੀਮ ਦਾ ਆਗਾਜ਼ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਕੋਈ ਵੀ ਨਾਗਰਿਕ 1076 ਨੰਬਰ ਉਤੇ ਕਾਲ ਕਰਕੇ ਆਪਣੀ ਸਹੂਲਤ ਮੁੁਤਾਬਕ ਸਮਾਂ ਤੈਅ ਕਰ ਸਕਦਾ ਹੈ ਜਿਸ ਤੋਂ ਬਾਅਦ ਮੁੁਲਾਜ਼ਮ ਉਸ ਨਾਗਰਿਕ ਦੇ ਘਰ ਜਾ ਕੇ ਸਬੰਧਤ ਸੇਵਾ ਦਾ ਪ੍ਰਮਾਣ ਪੱਤਰ ਮੁੁਹੱਈਆ ਕਰਵਾਏਗਾ।
ਮੁੱਖ ਮੰਤਰੀ ਨੇ ਕਿਹਾ ਕਿ ਹੁੁਣ ਸੂਬਾ ਸਰਕਾਰ ਨੇ ਇਸ ਤੋਂ ਵੀ ਵੱਡੀ ਪੁੁਲਾਂਘ ਪੁੱਟਦਿਆਂ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਸਕੀਮ ਦੀ ਸ਼ੁੁਰੂਆਤ ਕਰ ਦਿੱਤੀ ਹੈ ਤਾਂ ਕਿ ਪਿੰਡਾਂ-ਸ਼ਹਿਰਾਂ ਵਿੱਚ ਕੈਂਪ ਲਾ ਕੇ ਲੋਕਾਂ ਕੋਲ ਸਿੱਧੀ ਪਹੁੰਚ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ 11600 ਕੈਂਪ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹਰੇਕ ਤਹਿਸੀਲ ਵਿੱਚ ਹਰ ਰੋਜ਼ ਚਾਰ ਕੈਂਪ ਲਗਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪ ਦੇ ਸਥਾਨ, ਤਰੀਕ ਅਤੇ ਸਮੇਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਬਣਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕ ਹੁੁਣ ਅੱਜ ਦੇ ਕੈਂਪਾਂ ਜਾਂ ਆਉਣ ਵਾਲੇ ਕੈਂਪਾਂ ਬਾਰੇ ਪੋਰਟਲ ਰਾਹੀਂ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕੈਂਪ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫਸਰ, ਜ਼ਿਲ੍ਹਾ ਫੂਡ ਸਪਲਾਈ ਅਫਸਰ, ਐਸ.ਐਚ.ਓ., ਜ਼ਿਲ੍ਹਾ ਭਲਾਈ ਅਫਸਰ, ਕਾਨੂੰਨਗੋ, ਪਟਵਾਰੀ, ਐਸ.ਡੀ.ਓ., ਐਕਸੀਅਨ ਵਰਗੇ ਵੱਡੇ ਅਧਿਕਾਰੀ ਅਰਜ਼ੀਆਂ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਹਾਜ਼ਰ ਰਹਿਣਗੇ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਹਲਫੀਆ ਬਿਆਨ ਜਾਂ ਕੋਈ ਹੋਰ ਦਸਤਾਵੇਜ਼ ਵੀ ਤਸਦੀਕ ਕਰਵਾਉਣਾ ਚਾਹੁੰਦਾ ਹੈ ਤਾਂ ਅਫ਼ਸਰ ਕੈਂਪ ਵਿੱਚ ਬੈਠਾ ਹੋਵੇਗਾ ਅਤੇ ਉਹ ਉਸੇ ਵੇਲੇ ਤਸਦੀਕ ਕਰਕੇ ਮੌਕੇ ਉਤੇ ਹੀ ਸਬੰਧਤ ਵਿਅਕਤੀ ਨੂੰ ਸੌਂਪ ਦੇਵੇਗਾ। ਇਸ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਕਿਸੇ ਨੇ ਕਾਲਜ ਵਿੱਚ ਦਾਖ਼ਲਾ ਲੈਣ ਲਈ ਰਿਹਾਇਸ਼ੀ ਸਰਟੀਫਿਕੇਟ ਬਣਵਾਉਣਾ ਹੈ ਤਾਂ ਉਸ ਨੂੰ ਆਧਾਰ ਕਾਰਡ, ਵੋਟਰ ਕਾਰਡ ਅਤੇ ਹੋਰ ਲੋੜੀਂਦੇ ਅਸਲ ਦਸਤਾਵੇਜ਼ਾਂ ਨੂੰ ਕੈਂਪ ਵਿੱਚ ਅਪਲਾਈ ਕਰਨਾ ਹੋਵੇਗਾ ਅਤੇ ਇਸ ਦੀ ਤਸਦੀਕ ਲਈ ਕੈਂਪ ਵਿੱਚ ਪਟਵਾਰੀ ਮੌਜੂਦ ਹੋਵੇਗਾ ਅਤੇ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਮੌਕੇ ਉਤੇ ਉਸ ਦੀ ਤਸਦੀਕ ਕਰਕੇ ਸਰਟੀਫਿਕੇਟ ਸੌਂਪ ਦੇਣਗੇ।
ਮੁੱਖ ਮੰਤਰੀ ਨੇ ਕਿਹਾ ਕਿ 44 ਪ੍ਰਮੁੱਖ ਸੇਵਾਵਾਂ ਜਿਨ੍ਹਾਂ ਦੀ ਲੋਕਾਂ ਨੂੰ ਅਕਸਰ ਸਭ ਤੋਂ ਵੱਧ ਲੋੜ ਹੁੰਦੀ ਹੈ ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਫਰਦ, ਲੇਬਰ ਰਜਿਸਟਰੇਸ਼ਨ, ਪੈਨਸ਼ਨ, ਪੇਂਡੂ ਖੇਤਰ ਸਰਟੀਫਿਕੇਟ ਅਤੇ ਹੋਰ ਸੇਵਾਵਾਂ ਕੈਂਪਾਂ ਵਿੱਚ ਅਪਲਾਈ ਕਰਕੇ ਮੁੁਹੱਈਆ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਾਗਰਿਕ ਵੀ ਆਪਣੀਆਂ ਸ਼ਿਕਾਇਤਾਂ ਕੈਂਪਾਂ ਵਿੱਚ ਦੇ ਸਕਣਗੇ, ਜਿਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦਾ ਇਹ ਪਹਿਲਾ ਉਪਰਾਲਾ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਛੋਟੇ-ਮੋਟੇ ਮਸਲੇ ਮੌਕੇ ਉਤੇ ਹੱਲ ਕਰਨ ਲਈ ਲੋੜੀਂਦੇ ਫੰਡ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕੈਂਪ ਸਰਕਾਰ ਨੂੰ ਆਪਣੇ ਨਾਗਰਿਕਾਂ ਦੀਆਂ ਲੋੜਾਂ ਪ੍ਰਤੀ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰੀ ਕਾਰਜਾਂ ਵਿੱਚ ਹੋਰ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਵਿੱਚ ਵੀ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਕਦਮ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਜਾਂ ਮਸਲਿਆਂ ਬਾਰੇ ਆਪਣੀਆਂ ਚਿੰਤਾਵਾਂ, ਸ਼ਿਕਾਇਤਾਂ ਅਤੇ ਸੁੁਝਾਅ ਦੇਣ ਲਈ ਢੁੁਕਵਾਂ ਮੰਚ ਪ੍ਰਦਾਨ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੀ ਕਿਸੇ ਵੀ ਲੋਕ-ਪੱਖੀ ਪਹਿਲਕਦਮੀ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਲੋਕਾਂ ਨੂੰ ਅਖ਼ਤਿਆਰ ਦੇਣ ਲਈ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ, ਜਦੋਂ ਕਿ ਹੁਣ ਸਰਕਾਰ ਲੋਕਾਂ ਦੇ ਘਰਾਂ ਤੱਕ ਜਾਵੇਗੀ।
ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਉਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਇਸ ਢਕਵੰਜ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ 15 ਸਾਲ ਸੂਬੇ ਨੂੰ ਲੁੱਟਣ ਮਗਰੋਂ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਤੇ ਸੂਬੇ ਵਿੱਚ ਕਈ ਤਰ੍ਹਾਂ ਦੇ ਮਾਫ਼ੀਆ ਦੀ ਪੁਸ਼ਤਪਨਾਹੀ ਕਰ ਕੇ ਪੰਜਾਬੀਆਂ ਦੀ ਮਾਨਸਿਕਤਾ ਉਤੇ ਡੂੰਘੇ ਜ਼ਖ਼ਮ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀ ਆਗੂਆਂ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਵਾਕਫ਼ ਹਨ ਅਤੇ ਬਾਦਲ ਪਰਿਵਾਰ ਦੀਆਂ ਇਹ ਡਰਾਮੇਬਾਜ਼ੀਆਂ ਕੰਮ ਨਹੀਂ ਆਉਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚੋਂ ਤਕਰੀਬਨ ਇਕ ਕਰੋੜ ਲੋਕ ਇਲਾਜ ਸਹੂਲਤਾਂ ਹਾਸਲ ਕਰ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਹਤ ਸੰਭਾਲ ਖ਼ੇਤਰ ਵਿੱਚ ਨਵੀਂ ਕ੍ਰਾਂਤੀ ਹੈ ਅਤੇ ਇਸ ਖ਼ੇਤਰ ਦੀ ਕਾਇਆ-ਕਲਪ ਕਰਨ ਲਈ ਕੋਸ਼ਿਸ਼ਾਂ ਚੱਲ ਰਹੀਆਂ ਹਨ।
ਮੁੱਖ ਮੰਤਰੀ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਉਤੇ ਟਿੱਪਣੀ ਕਰਦਿਆਂ ਆਖਿਆ ਕਿ ਉਹ ਨੌਂ ਸਾਲਾਂ ਤੱਕ ਖ਼ਜ਼ਾਨਾ ਖ਼ਾਲੀ ਹੋਣ ਦੀ ਬਿਆਨਬਾਜ਼ੀ ਕਰਦੇ ਰਹੇ, ਜਿਸ ਕਾਰਨ ਸੂਬੇ ਦੇ ਵਿਕਾਸ ਨੂੰ ਵੱਡੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਾਗਡੋਰ ਸੰਭਾਲਣ ਦੇ ਬਾਅਦ ਤੋਂ ਇਕ-ਇਕ ਪੈਸਾ ਸੂਬੇ ਦੇ ਵਿਕਾਸ ਤੇ ਇਸ ਦੇ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਦੇ ਖ਼ਜ਼ਾਨੇ ਦੀ ਚੋਰੀ ਰੋਕੀ ਤਾਂ ਕਿ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਹੋਣੀ ਯਕੀਨੀ ਬਣੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਤੋਂ ਵੀ ਖ਼ਾਸ ਤੌਰ ਉਤੇ ਅੱਜ ਕੇਂਦਰ ਦੀ ਸੱਤਾ ਵਿੱਚ ਕਾਬਜ਼ ਵਿਅਕਤੀਆਂ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ 90 ਫੀਸਦੀ ਯੋਗਦਾਨ ਦੇ ਬਾਵਜੂਦ ਗਣਤੰਤਰ ਦਿਵਸ ਦੀ ਪਰੇਡ ਵਿੱਚੋਂ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੀ ਦੇਸ਼ ਭਗਤੀ ਦਿਖਾਉਣ ਵਾਲੀਆਂ ਝਾਕੀਆਂ ਰੱਦ ਕਰਨ ਦਾ ਇਨ੍ਹਾਂ ਨੂੰ ਕੋਈ ਹੱਕ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਤਬਾਹ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਇੱਛਾ ਪੂਰੀ ਹੋਵੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਣਗੇ। ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਵਤੀਰਾ ਅਪਨਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਪਰਿਵਾਰ ਨਾਲ ਸਬੰਧਤ ਹੋਣ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰਨ ਕਾਰਨ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਵੈਰ ਪਾਲ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਹਮੇਸ਼ਾ ਤੋਂ ਮੰਨਣਾ ਸੀ ਕਿ ਉਨ੍ਹਾਂ ਕੋਲ ਪੰਜਾਬ ਵਿੱਚ ਸ਼ਾਸਨ ਕਰਨ ਦਾ ਦੈਵੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਵਧੀਆ ਤਰੀਕੇ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਫਸਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਵਿੱਚ ਜਮਹੂਰੀਅਤ ਦਾ ਕਤਲ ਕੀਤਾ ਪਰ ਹੁਣ ਸੁਪਰੀਮ ਕੋਰਟ ਦੀ ਟਿੱਪਣੀ ਨਾਲ ਜਮਹੂਰੀਅਤ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਾਰੀਆਂ ਧੱਕੇਸ਼ਾਹੀਆਂ ਦਾ ‘ਆਪ’ ਵੱਲੋਂ ਢੁਕਵਾਂ ਜਵਾਬ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਜਮਹੂਰੀ ਪ੍ਰਕਿਰਿਆ ਦਾ ਘਾਣ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਟਿੱਪਣੀ ਲੋਕਾਂ ਅਤੇ ਜਮਹੂਰੀਅਤ ਦੀ ਜਿੱਤ ਹੈ।