‘ਮੈਡੀਕਲ ਕਾਲਜ ਅਤੇ ਹਸਪਤਾਲ ਸੰਘਰਸ਼ ਕਮੇਟੀ’ ਵੱਲੋਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸੰਯੁਕਤ ਅਕਾਲੀ ਦਲ (ਢੀਂਡਸਾ)‌ ਖ਼ਿਲਾਫ਼ ਵਿਸ਼ਾਲ ਕਾਨਫ਼ਰੰਸ

0
148

ਦਲਜੀਤ ਕੌਰ

ਸੰਗਰੂਰ/ਲੌਂਗੋਵਾਲ, 20 ਅਗਸਤ, 2023: ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 48ਵੀਂ ਬਰਸੀ ਦੇ ਮੌਕੇ ’ਤੇ, ‘ਮੈਡੀਕਲ ਕਾਲਜ ਅਤੇ ਹਸਪਤਾਲ ਸੰਘਰਸ਼ ਕਮੇਟੀ ਮਸਤੂਆਣਾ ਸਾਹਿਬ’ ਵੱਲੋਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸੰਯੁਕਤ ਅਕਾਲੀ ਦਲ (ਢੀਂਡਸਾ) ਦੇ ਖ਼ਿਲਾਫ਼ ਲੌਂਗੋਵਾਲ ਦੀ ਦਾਣਾ ਮੰਡੀ ਵਿੱਚ ਵਿਸ਼ਾਲ ਕਾਨਫ਼ਰੰਸ ਕੀਤੀ ਗਈ ਅਤੇ ਇਨ੍ਹਾਂ ਖ਼ਿਲਾਫ਼ ਆਪਣੇ ਰੋਸ ਅਤੇ ਗੁੱਸੇ ਨੂੰ ਕਾਲੀਆਂ ਝੰਡੀਆਂ ਲਹਿਰਾ ਕੇ ਪ੍ਰਗਟ ਕੀਤਾ ਗਿਆ।

ਇਸ ਮੌਕੇ ‘ਮੈਡੀਕਲ ਕਾਲਜ ਅਤੇ ਹਸਪਤਾਲ ਸੰਘਰਸ਼ ਕਮੇਟੀ ਮਸਤੂਆਣਾ ਸਾਹਿਬ’ ਦੇ ਕਨਵੀਨਰ ਅਤੇ ਬੀਕੇਯੂ (ਡਕੌਂਦਾ-ਧਨੇਰ) ਦੇ ਸੂਬਾ ਕਮੇਟੀ ਮੈਂਬਰ ਸਾਹਿਬ ਸਿੰਘ ਬਡਬਰ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਬੀਕੇਯੂ (ਉਗਰਾਹਾਂ) ਦੇ ਆਗੂ ਦਰਸ਼ਨ ਸਿੰਘ ਬੱਗੂਆਣਾ ਨੇ ਹਾਜ਼ਰ ਸੰਗਤਾਂ ਅਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸੰਯੁਕਤ ਅਕਾਲੀ ਦਲ (ਢੀਂਡਸਾ) ਵੱਲੋਂ ਸੰਤ ਬਾਬਾ ਅਤਰ ਸਿੰਘ ਜੀ ਦੀ ਯਾਦ ਵਿੱਚ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਉਸਾਰੀ ਦੇ ਰਾਹ ਵਿੱਚ ਜਾ ਰਹੇ ਅੜਿੱਕੇ ਡਾਹੇ ਜਾ ਰਹੇ ਹਨ। ਜਿਸ ਕਾਰਨ ਇਲਾਕੇ ਦੀਆਂ ਸੰਗਤਾਂ ਵੱਲੋਂ ਇਨ੍ਹਾਂ ਖ਼ਿਲਾਫ਼ ਆਪਣੇ ਮਨਾਂ ਵਿਚ ਲਗਾਤਾਰ ਵਧਦੇ ਜਾ ਰਹੇ ਗੁੱਸੇ ਅਤੇ ਰੋਸ ਨੂੰ ਕਾਲੀਆਂ ਝੰਡੀਆਂ ਲਹਿਰਾ ਕੇ ਪ੍ਰਗਟ ਕੀਤਾ ਜਾ ਰਿਹਾ ਹੈ। ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸੰਯੁਕਤ ਅਕਾਲੀ ਦਲ (ਢੀਂਡਸਾ) ਆਗੂਆਂ ਤੇ ਵਰਕਰਾਂ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਨ੍ਹਾਂ ਨੇ ਇਲਾਕੇ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਨਾਂ ਕਰਦਿਆਂ ਹੋਇਆਂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਬਣਨ ਦੇ ਰਾਹ ਵਿੱਚ ਅੜਿੱਕੇ ਲਾਉਣੇ ਬੰਦ ਨਾਂ ਕੀਤੇ ਤਾਂ ਇਨ੍ਹਾਂ ਸਭ ਦਾ ਪਿੰਡਾਂ ਵਿੱਚ ਵੜਨਾ ਮੁਹਾਲ ਕਰ ਦਿੱਤਾ ਜਾਵੇਗਾ।

ਇਸ ਮੌਕੇ ਜਸਵਿੰਦਰ ਸਿੰਘ ਲੌਂਗੋਵਾਲ, ਕਰਮਜੀਤ ਸਿੰਘ ਛੰਨਾਂ, ਭੁਪਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਦੁੱਗਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਸੀਂ ਇਲਾਕੇ ਦੇ ਸਭ ਪਿੰਡਾਂ ਵਿੱਚ ਵੱਡੇ ਇਕੱਠ ਕਰਕੇ ਲੋਕਾਂ ਨੂੰ ਅਪੀਲ ਕਰਾਂਗੇ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸੰਯੁਕਤ ਅਕਾਲੀ ਦਲ ਢੀਂਡਸਾ ਦੇ ਆਗੂਆਂ ਨੂੰ ਪਿੰਡਾਂ ਵਿੱਚ ਨਾ ਵੜਨ ਦਿੱਤਾ ਜਾਵੇ ਅਤੇ ਜਿਹੜਾ ਵੀ ਬੰਦਾ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਹੱਕ ਵਿੱਚ ਸਪਸ਼ਟ ਸਟੈਂਡ ਨਹੀਂ ਲੈਂਦਾ ਅਤੇ ਮਸਤੂਆਣਾ ਸਾਹਿਬ ਦੇ ਬੱਸ ਸਟੈਂਡ ’ਤੇ ਲੱਗੇ ਹੋਏ ਪੱਕੇ ਮੋਰਚੇ ਵਿੱਚ ਲਗਾਤਾਰ ਹਾਜ਼ਰੀ ਨਹੀਂ ਭਰਦਾ, ਉਸ ਨੂੰ ਆਉਣ ਵਾਲੀਆਂ ਪੰਚਾਇਤੀ ਚੋਣਾਂ ਸਮੇਂ ਪੂਰੀ ਤਰ੍ਹਾਂ ਨਕਾਰ ਦਿੱਤਾ ਜਾਵੇ।

ਅੱਜ ਦੀ ਕਾਨਫ਼ਰੰਸ ਨੂੰ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਕਮੋ ਮਾਜਰਾ, ਕਰਨੈਲ ਸਿੰਘ ਜੱਸੇਕਾ, ਬਲਜੀਤ ਕੌਰ ਕਿਲਾ ਭਰੀਆਂ, ਕਰਮਜੀਤ ਸਿੰਘ ਗੰਡੇਵਾਲ, ਜਸਦੀਪ ਸਿੰਘ ਬਹਾਦਰਪੁਰ, ਕੁਲਦੀਪ ਜੋਸੀ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

LEAVE A REPLY

Please enter your comment!
Please enter your name here