ਚੰਡੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ) -ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਦੇ ਵਫਦ ਨੇ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬਾਠ ਨੇ ਦੱਸਿਆ ਕਿ ਜੱਥੇਬੰਦੀ ਦੇ ਵਫ਼ਦ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਕੋਲ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ‘ਚ ਰੈਗੂਲਰ ਕਰਨ ਸਬੰਧੀ ਆਪਣੀ ਮੰਗ ਰੱਖੀ। ਜੱਥੇਬੰਦੀ ਦੇ ਵਫ਼ਦ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ 2018 ਵਿੱਚ ਸਿੱਖਿਆ ਵਿਭਾਗ ਵੱਲੋੰ ਸਮੂਹ ਐੱਸਐੱਸਏ/ਰਮਸਾ ਵਿਭਾਗ ਚ ਰੈਗੂਲਰ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਤਹਿਤ ਇਹਨਾਂ ਸਕੂਲਾਂ ਦੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਚ ਰੈਗੂਲਰ ਹੋਣ ਸਬੰਧੀ ਬੇਸਿਕ ਤਨਖਾਹ ਵਾਲੀ ਪਾਲਿਸ ਨੂੰ ਸਵੀਕਾਰ ਕੀਤਾ ਸੀ। ਜੱਥੇਬੰਦੀ ਵੱਲੋਂ ਰੱਖੀ ਇਸ ਮੰਗ ਸਬੰਧੀ ਸਿੱਖਿਆ ਮੰਤਰੀ ਜੀ ਨੇ ਮੌਕੇ ਦੇ ਸਿੱਖਿਆ ਸਕੱਤਰ ਜੀ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਇਸ ਕੇਸ ਸਬੰਧੀ ਜਾਣਕਾਰੀ ਦੇਣ ਲਈ ਕਿਹਾ ਤਾਂ ਸਿੱਖਿਆ ਸਕੱਤਰ ਸਮੇਤ ਸਾਰੇ ਉੱਚ ਅਧਿਕਾਰੀਆਂ ਨੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਦੀ ਸਿੱਖਿਆ ਵਿਭਾਗ ਚ ਰੈਗੂਲਰ ਦੀ ਮੰਗ ਨੂੰ ਜਾਇਜ਼ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਸਾਹਿਬ ਨੇ ਮੌਕੇ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਚ ਰੈਗੂਲਰ ਕਰਨ ਸਬੰਧੀ ਵਿਭਾਗੀ ਪ੍ਰਕਿਰਿਆ ਜਲਦੀ ਪੂਰੀ ਕਰਨ ਲਈ ਕਿਹਾ ਹੈ। ਇਸ ਮੌਕੇ ਡੀਪੀਆਈਜ਼ ਸਮੇਤ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਹਾਜਿਰ ਸਨ। ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਦੇ ਮੈਂਬਰ ਹਰਪ੍ਰੀਤ ਸਿੰਘ ਮੁੱਖ ਬੁਲਾਰਾ, ਵਿਪਨੀਤ ਕੌਰ ਸੰਯੁਕਤ ਸਕੱਤਰ, ਅਮ੍ਰਿਤਾ ਸਿੰਘ ਜਥੇਬੰਦਕ ਸਕੱਤਰ ਤੇ ਵਿਕਾਸ ਪੁਰੀ ਸੰਯੁਕਤ ਸਕੱਤਰ ਹਾਜਿਰ ਸਨ।
Boota Singh Basi
President & Chief Editor