ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ “ਨੋ ਡਿਊ ਸਰਟੀਫਿਕੇਟ” ਜਾਂ “ਨੋ ਆਬਜੈਕਸ਼ਨ ਸਰਟੀਫਿਕੇਟ” ਸਬੰਧੀ ਹਦਾਇਤਾਂ ਜਾਰੀ
ਚੰਡੀਗੜ੍ਹ, 29 ਸਤੰਬਰ:
ਸੂਬੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ, 2024 ਸ਼ਾਮ 3 ਵਜੇ ਤੱਕ ਆਪਣੇ ਨਾਮਜ਼ਦਗੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਉਮੀਦਵਾਰਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਵੱਲੋਂ ਸਬੰਧਤ ਅਥਾਰਟੀਆਂ ਦੇ ਨਿਯਮਾਂ ਜਾਂ ਪ੍ਰਕਿਰਿਆਵਾਂ ਅਨੁਸਾਰ ਨਾਮਜ਼ਦਗੀ ਪੱਤਰਾਂ ਦੇ ਨਾਲ ਨੋ ਡਿਊ ਸਰਟੀਫ਼ਿਕੇਟ ਜਾਂ ਨੋ ਆਬਜੈਕਸ਼ਨ ਸਰਟੀਫ਼ਿਕੇਟ ਨੱਥੀ ਕਰਨਾ ਜ਼ਰੂਰੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕੋਸ਼ਿਸ਼ਾਂ ਦੇ ਬਾਵਜੂਦ ਉਕਤ ਸਰਟੀਫਿਕੇਟ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਇੱਕ ਹਲਫ਼ਨਾਮਾ, ਜਿਸ ਵਿੱਚ ਸਪਸ਼ਟ ਕੀਤਾ ਹੋਵੇ ਕਿ ਉਹ ਸਬੰਧਤ ਅਥਾਰਟੀ ਦੇ ਕਿਸੇ ਟੈਕਸ ਜਾਂ ਹੋਰ ਬਕਾਏ ਦਾ ਦੇਣਦਾਰ ਨਹੀਂ ਹੈ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 11 ਦੇ ਅਨੁਸਾਰ ਉਸ ਕੋਲ ਕਿਸੇ ਵੀ ਸਥਾਨਕ ਅਥਾਰਟੀ ਨਾਲ ਸਬੰਧਤ ਜਾਇਦਾਦ ਦਾ ਅਣਅਧਿਕਾਰਤ ਕਬਜ਼ਾ ਨਹੀਂ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਹਲਫ਼ੀਆ ਬਿਆਨ (ਐਫੀਡੇਵਿਡ) ਤਿਆਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਾਰਜਕਾਰੀ ਮੈਜਿਸਟ੍ਰੇਟ/ਓਥ ਕਮਿਸ਼ਨਰ ਵੱਲੋਂ ਤਸਦੀਕ ਉਪਰੰਤ ਜਾਰੀ ਕੀਤੇ ਜਾਂ ਨੋਟਰੀ ਤੋਂ ਤਸਦੀਕਸ਼ੁਦਾ ਐਫੀਡੇਵਿਟ ਹੀ ਪ੍ਰਵਾਨ ਕੀਤੇ ਜਾਣਗੇ। ਰਿਟਰਨਿੰਗ ਅਫ਼ਸਰ ਸਬੰਧਤ ਨਾਮਜ਼ਦਗੀ ਪੱਤਰਾਂ ਨੂੰ ਸਵੀਕਾਰ ਕਰੇਗਾ ਅਤੇ ਹਲਫ਼ੀਆ ਬਿਆਨ ਸਬੰਧਤ ਅਥਾਰਟੀ ਨੂੰ ਭੇਜਣ ਦੇ ਨਾਲ ਹੀ ਇਸ ਸਬੰਧੀ 24 ਘੰਟਿਆਂ ਦੇ ਅੰਦਰ-ਅੰਦਰ ਰਿਪੋਰਟ ਜਮ੍ਹਾਂ ਕਰਵਾਉਣ ਲਈ ਨਿਰਦੇਸ਼ ਜਾਰੀ ਕਰੇਗਾ ਅਤੇ ਕੋਈ ਰਿਪੋਰਟ ਨਾ ਆਉਣ ਦੀ ਸੂਰਤ ਵਿੱਚ ਇਹ ਮੰਨਿਆ ਜਾਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੇ ਅਨੁਸਾਰ ਸਬੰਧਤ ਉਮੀਦਵਾਰ ਡਿਫਾਲਟਰ ਜਾਂ ਅਣਅਧਿਕਾਰਤ ਕਬਜ਼ਾਧਾਰੀ ਨਹੀਂ ਹੈ।
ਉਨ੍ਹਾਂ ਅੱਗੇ ਕਿਹਾ ਕਿ ਉਪਰੋਕਤ ਤੋਂ ਇਲਾਵਾ ਕਮਿਸ਼ਨ ਵੱਲੋਂ ਇਹ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਕਿ ਬੀ.ਡੀ.ਪੀ.ਓ. ਦਫ਼ਤਰ ਦੇ ਰਿਕਾਰਡ ਅਨੁਸਾਰ ਜੇਕਰ ਗ੍ਰਾਮ ਪੰਚਾਇਤ ਜਾਂ ਸਬੰਧਤ ਅਥਾਰਟੀ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਬਕਾਇਆ ਵਸੂਲੀ ਯੋਗ ਹੈ ਤਾਂ ਇਸਦੀ ਪੰਚਾਇਤ-ਵਾਰ ਸੂਚੀ ਬੀ.ਡੀ.ਪੀ.ਓ. ਦਫ਼ਤਰ ਵੱਲੋਂ ਤਿਆਰ ਕਰਨ ਉਪਰੰਤ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਮੁਹੱਈਆ ਕਰਵਾਈ ਜਾਵੇ, ਜੋ ਨਾਮਜ਼ਦਗੀਆਂ ਸਵੀਕਾਰ ਕਰਨ ਸਮੇਂ ਉਕਤ ਸੂਚੀ ਨੂੰ ਹਵਾਲੇ ਲਈ ਆਪਣੇ ਕੋਲ ਰੱਖੇਗਾ। ਜੇਕਰ ਸੂਚੀ ਵਿੱਚ ਕਿਸੇ ਉਮੀਦਵਾਰ ਵਿਰੁੱਧ ਕੋਈ ਬਕਾਇਆ ਦਰਜ ਹੈ ਤਾਂ ਸਬੰਧਤ ਉਮੀਦਵਾਰ ਬਕਾਏ ਦੀ ਅਦਾਇਗੀ ਸਬੰਧੀ ਸਬੂਤ ਜਮ੍ਹਾ ਕਰਵਾ ਸਕਦਾ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਉਮੀਦਵਾਰ ਵੱਲੋਂ ਬਕਾਇਆ ਦੀ ਅਦਾਇਗੀ ਨਹੀਂ ਕੀਤੀ ਗਈ ਤਾਂ ਉਸ ਨੂੰ ਸਬੰਧਤ ਅਥਾਰਟੀ ਅੱਗੇ ਬਕਾਇਆ ਜਮ੍ਹਾਂ ਕਰਵਾਉਣ ਦਾ ਉਚਿਤ ਮੌਕਾ ਦਿੱਤਾ ਜਾਵੇਗਾ ਅਤੇ ਉਸਨੂੰ ਬਕਾਏ ਦੀ ਅਦਾਇਗੀ ਦਾ ਸਬੂਤ ਪੇਸ਼ ਕਰਨ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਸ਼ੁਰੂ ਹੋਣ ਭਾਵ 5 ਅਕਤੂਬਰ, 2024 ਸਵੇਰੇ 11 ਵਜੇ ਤੱਕ ਦਾ ਸਮਾਂ ਦਿੱਤਾ ਜਾਵੇਗਾ। ।ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਜਾਰੀ ਕੀਤੀਆਂ ਉਪਰੋਕਤ ਹਦਾਇਤਾਂ ਦੀ ਕਾਪੀ ਰਾਜ ਚੋਣ ਕਮਿਸ਼ਨ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀ ਗਈ ਹੈ।
———-