ਹੁਣ ਤੱਕ ਕੁੱਲ 28 ਨਾਮਜ਼ਦਗੀ ਪੱਤਰ ਹੋ ਚੁੱਕੇ ਹਨ ਦਾਖਲ
ਦਲਜੀਤ ਕੌਰ
ਸੰਗਰੂਰ, 13 ਮਈ, 2024: ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਤਹਿਤ ਲੋਕ ਸਭਾ ਹਲਕਾ 12-ਸੰਗਰੂਰ ਤੋਂ ਹੁਣ ਤੱਕ ਕੁਲ 28 ਨਾਮਜ਼ਦਗੀ ਪੱਤਰ ਦਾਖਲ ਹੋ ਚੁੱਕੇ ਹਨ। ਅੱਜ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਕੋਲ ਉਮੀਦਵਾਰਾਂ ਵੱਲੋਂ 16 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਅੱਜ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਬਾਰੇ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਦਰਸ਼ਨ ਸਿੰਘ ਵੱਲੋਂ ਅਜ਼ਾਦ ਉਮੀਦਵਾਰ ਵਜੋਂ, ਬਲਵਿੰਦਰ ਸਿੰਘ ਵੱਲੋਂ ਅਜ਼ਾਦ ਉਮੀਦਵਾਰ ਵਜੋਂ, ਗੁਰਮੀਤ ਸਿੰਘ ਹੇਅਰ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਦੋ ਨਾਮਜ਼ਦਗੀ ਪੱਤਰ, ਹਰਿੰਦਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ, ਰੰਗੀ ਖਾਂ ਵੱਲੋਂ ਆਮ ਜਨਤਾ ਪਾਰਟੀ (ਇੰਡੀਆ) ਦੇ ਉਮੀਦਵਾਰ ਵਜੋਂ, ਅਰਵਿੰਦ ਖੰਨਾ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ, ਸ਼ਗੁਨ ਕੁਮਾਰੀ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ, ਕੇਹਰ ਸਿੰਘ ਵੱਲੋਂ ਲੋਕਤਾਂਤਰਿਕ ਲੋਕ ਰਾਜਯਮ ਪਾਰਟੀ ਦੇ ਉਮੀਦਵਾਰ ਵਜੋਂ, ਇਕਬਾਲ ਸਿੰਘ ਝੂੰਦਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਦੋ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਤਿਲਕ ਰਾਜ ਵੱਲੋਂ ਅਜ਼ਾਦ ਉਮੀਦਵਾਰ ਵਜੋਂ, ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਵਜੋਂ, ਗੀਤਇੰਦਰ ਕੌਰ ਕਾਹਲੋਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਵਰਿੰਗ ਉਮੀਦਵਾਰ ਵਜੋਂ, ਜਸਵੰਤ ਸਿੰਘ ਵੱਲੋਂ ਅਜ਼ਾਦ ਉਮੀਦਵਾਰ ਵਜੋਂ ਅਤੇ ਹਰਪ੍ਰੀਤ ਕੌਰ ਵੱਲੋਂ ਇੰਡੀਆ ਗ੍ਰੀਨਜ਼ ਪਾਰਟੀ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਅੰਤਿਮ ਮਿਤੀ 14 ਮਈ ਹੈ।