ਲੌਂਗੋਵਾਲ ਦੇ ਪ੍ਰਾਇਮਰੀ ਹੈਲਥ ਸੈਂਟਰ ‘ਚ ਡਾਕਟਰਾਂ ਦੀ ਘਾਟ ਪੂਰੀ ਕਰਵਾਉਣ ਲਈ ਪੱਕਾ ਮੋਰਚਾ ਲਾਉਣ ਦਾ ਐਲਾਨ

0
294

ਦਲਜੀਤ ਕੌਰ

ਲੌਂਗੋਵਾਲ, 8 ਅਪ੍ਰੈਲ, 2023: ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਵਿਖੇ ਹੋਈ। ਜਿਸ ਵਿੱਚ ਵਿਚਾਰ ਚਰਚਾ ਕਰਦਿਆਂ ਲੌਂਗੋਵਾਲ ਦੇ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਡਾਕਟਰਾਂ ਦੀ ਘਾਟ ਪੂਰੀ ਕਰਨ ਦਾ ਵਾਅਦਾ ਪੂਰਾ ਨਾ ਕਰਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਆਲੋਚਨਾ ਕੀਤੀ ਗਈ ਅਤੇ ਇਸ ਮਸਲੇ ਨੂੰ ਲੈ ਕੇ 2 ਮਈ ਤੋਂ ਪੱਕਾ ਮੋਰਚਾ ਲਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸੇ ਤਰਾਂ ਖਰਾਬ ਮੌਸਮ ਕਰਕੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਉਣ ਵਾਲੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਇਲਾਕੇ ਦੀਆਂ ਮੰਡੀਆਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਅਤੇ ਇਲਾਕੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਹਰੇਕ ਮੰਗਲਵਾਰ ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਵਿਖੇ ‘ਕਿਸਾਨ ਸਹਾਇਤਾ ਕੈਂਪ’ ਲਾਉਣ ਦਾ ਵੀ ਫੈਸਲਾ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਅਤੇ ਬਲਾਕ ਸਕੱਤਰ ਮਲਕੀਤ ਸਿੰਘ ਨੇ ਦੱਸਿਆ ਕਿ ਆਲੇ ਦੁਆਲੇ ਦੇ 25 ਪਿੰਡਾਂ ਲਈ ਲੌਂਗੋਵਾਲ ਦੇ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਡਾਕਟਰਾਂ ਦੀ ਘਾਟ ਪੂਰੀ ਕਰਨ ਅਤੇ ਐਮਰਜੈਂਸੀ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਇਲਾਕਾ ਵਾਸੀਆਂ ਵੱਲੋਂ ਸੰਘਰਸ਼ ਕੀਤਾ ਗਿਆ ਸੀ ਜਿਸ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਇਕ ਹਫਤੇ ਵਿਚ ਇਹ ਮਸਲਾ ਹੱਲ ਕਰ ਦਿੱਤਾ ਜਾਵੇਗਾ, ਪਰ ਹਸਪਤਾਲ ਦਾ ਉਹੀ ਹਾਲ ਹੈ ਅਜੇ ਤੱਕ ਨਾ ਤਾਂ ਐਮਰਜੈਂਸੀ ਚਾਲੂ ਹੋਈ ਹੈ ਨਾ ਐਕਸਰੇ ਮਸ਼ੀਨ ਚਾਲੂ ਹੋਈ ਹੈ ਨਾ ਹੀ ਮਾਹਰ ਡਾਕਟਰਾਂ ਦੀਆਂ ਅਸਾਮੀਆਂ ਭਰੀਆਂ ਗਈਆਂ ਹਨ ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਪ੍ਰਾਈਵੇਟ ਜਾਂ ਦੂਰ ਦੁਰਾਡੇ ਦੇ ਹਸਪਤਾਲਾਂ ਵਿੱਚ ਧੱਕੇ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਸਬੰਧੀ ਮੀਟਿੰਗ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜੇਕਰ ਇਹ ਮਸਲਾ ਹੱਲ ਨਾ ਹੋਇਆ ਤਾਂ 2 ਮਈ ਤੋਂ ਹਸਪਤਾਲ ਦੇ ਗੇਟ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਵਿਚਾਰ ਚਰਚਾ ਹੋਈ ਕਿ ਖਰਾਬ ਮੌਸਮ ਕਾਰਨ ਫਸਲਾਂ ਦੀ ਕੁਆਲਟੀ ਅਤੇ ਝਾੜ ਤੇ ਮਾੜਾ ਅਸਰ ਪਿਆ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਖੱਜਲ ਖੁਆਰ ਹੋਣਾ ਪੈ ਸਕਦਾ ਹੈ। ਕਿਸਾਨਾਂ ਦੀਆਂ ਦਿੱਕਤਾਂ ਦੂਰ ਕਰਨ ਲਈ ਜਥੇਬੰਦੀ ਵੱਲੋਂ 10 ਅਪਰੈਲ ਤੋਂ ਮੰਡੀਆਂ ਦਾ ਦੌਰਾ ਸ਼ੁਰੂ ਕੀਤਾ ਜਾਵੇਗਾ।

ਇਸ ਸਮੇਂ ਸਰਕਾਰ ਤੋਂ ਮੰਗ ਕੀਤੀ ਕਿ ਖਰੀਦ ਸ਼ਰਤਾਂ ਵਿੱਚ ਢਿੱਲ ਦਿੱਤੀ ਜਾਵੇ ਅਤੇ ਕਣਕ ਦੀ ਤੁਲਾਈ ਕੰਪਿਊਟਰ ਕੰਡਿਆਂ ਨਾਲ ਕਰਨੀ ਲਾਜ਼ਮੀ ਕੀਤੀ ਜਾਵੇ। ਵੱਧ ਤੋਲਣ ਵਾਲੇ ਆੜ੍ਹਤੀਏ ਤੇ 420 ਦਾ ਮੁਕੱਦਮਾ ਦਰਜ ਕੀਤਾ ਜਾਵੇ। ਇਸ ਤੋਂ ਬਿਨਾਂ ਇਹ ਵੀ ਦੇਖਿਆ ਗਿਆ ਹੈ ਤੇ ਕਿਸਾਨਾਂ ਨੂੰ ਬਿਜਲੀ ਮਹਿਕਮੇ, ਬੈਂਕ, ਕਚਿਹਰੀ ਸਮੇਤ ਹੋਰ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਖੱਜਲ ਖੁਆਰ ਹੋਣਾ ਪੈਂਦਾ ਹੈ। ਇਸ ਲਈ ਜਥੇਬੰਦੀ ਵੱਲੋਂ ਢਾਬ ਬਾਬਾ ਆਲਾ ਸਿੰਘ ਵਿਖੇ “ਕਿਸਾਨ ਸਹਾਇਤਾ ਕੈਂਪ” ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਜਿਸ ਵਿਚ ਜਥੇਬੰਦੀ ਦੇ ਆਗੂ ਬੈਠ ਕੇ ਕਿਸਾਨਾਂ ਦੇ ਮਸਲੇ ਹੱਲ ਕਰਵਾਉਣਗੇ। ਉਪਰੋਕਤ ਫੈਸਲੇ ਸਰਬ-ਸੰਮਤੀ ਨਾਲ ਕੀਤੇ ਗਏ।

LEAVE A REPLY

Please enter your comment!
Please enter your name here