ਡਿਪਟੀ ਕਮਿਸ਼ਨਰ ਨੇ ਸਾਲ 2023-24 ਖਰੀਫ ਮੰਡੀਕਰਨ ਲਈ ਐਵਾਰਡ ਮਿਲਣ ’ਤੇ ਕਿਸਾਨਾਂ ਸਮੇਤ ਮੰਡੀਆਂ ਨਾਲ ਜੁੜੇ ਹਰ ਵਰਗ ਨੂੰ ਮੁਬਾਰਕਬਾਦ ਦਿੱਤੀ
ਮਾਨਸਾ, 10 ਜਨਵਰੀ
ਲੰਘੇ ਝੋਨੇ ਦੀ ਖਰੀਦ ਸੀਜਨ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਮਾਨਸਾ ਜ਼ਿਲ੍ਹਾ ਸੂਬੇ ਅੰਦਰ ਪਹਿਲੇ ਸਥਾਨ ’ਤੇ ਰਿਹਾ। ਡਿਪਟੀ ਕਮਿਸ਼ਨਰ ਸ੍ਰ ਪਰਮਵੀਰ ਸਿੰਘ ਨੇ ਮਾਨਸਾ ਜ਼ਿਲ੍ਹੇ ਨੂੰ ਐਵਾਰਡ ਮਿਲਣ ’ਤੇ ਕਿਸਾਨ, ਮਜ਼ਦੂਰ, ਆੜਤੀਆਂ, ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਬੰਧਤਾਂ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਇਕ ਸਮਾਗਮ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਸੀਜਨ 2023—24 ਦੌਰਾਨ ਬਿਹਤਰੀਨ ਕਾਰਗੁਜਾਰੀ ਦਿਖਾਉਣ ਬਦਲੇ ਜ਼ਿਲਿ੍ਹਆਂ ਨੂੰ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਵਿਚ ਮਾਨਸਾ ਜ਼ਿਲ੍ਹੇ ਨੂੰ ਪਹਿਲਾ ਸਥਾਨ ਹਾਸਲ ਹੋਇਆ ਹੈ। ਇਸ ਸਮਾਗਮ ਮੌਕੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਸ੍ਰ ਗੁਰਕੀਰਤ ਕਿਰਪਾਲ ਸਿੰਘ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਲਈ ਮੰਡੀਆਂ ਵਿਖੇ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਸਨ ਤਾਂ ਜ਼ੋ ਕਿਸਾਨਾਂ ਨੂੰ ਮੰਡੀਆਂ ਵਿਖੇ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸਾਨਾਂ ਦੀ ਫਸਲ ਦੀ ਨਾਲੋ ਨਾਲ ਖਰੀਦ ਉਪਰੰਤ ਲਿਫਟਿੰਗ ਅਤੇ ਅਦਾਇਗੀ ਸਮਾਂਬੱਧ ਢੰਗ ਨਾਲ ਕਰਨੀ ਯਕੀਨੀ ਬਣਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੇ ਖਰੀਦ ਸੀਜਨ 2023—24 ਦੌਰਾਨ ਜ਼ਿਲ੍ਹੇ ਦੇ 70,916 ਕਿਸਾਨਾਂ ਪਾਸੋਂ ਕੁੱਲ 8,58,735 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਅਤੇ ਕਿਸਾਨਾਂ ਨੂੰ 1892 ਕਰੋੜ ਦੀ ਅਦਾਇਗੀ ਵੀ ਨਿਰਧਾਰਤ ਸਮੇਂ ਅੰਦਰ ਕੀਤੀ ਗਈ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਹੱਥੋਂ ਅਵਾਰਡ ਪ੍ਰਾਪਤ ਕਰਨ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਮਨਦੀਪ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਪਰਮਵੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਬਾਖੂਬੀ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕਿਆ ਹੈ।