ਖੇਤੀ ਅਧਿਕਾਰੀਆਂ ਨੇ ਪਰਾਲੀ ਨੂੰ ਅੱਗ ਲਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਬਾਰੇ ਕਰਵਾਇਆ ਜਾਣੂੰ
ਕਪੂਰਥਲਾ,ਸੁਖਪਾਲ ਸਿੰਘ ਹੁੰਦਲ,
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਡਾ: ਐਚ.ਪੀ.ਐਸ ਭਰੋਤ, ਬਲਾਕ ਖੇਤੀਬਾੜੀ ਅਫਸਰ ਕਪੂਰਥਲਾ ਦੀ ਅਗਵਾਈ ਹੇਠ ਪਿੰਡ ਲੱਖਣ ਖੁਰਦ ਅਤੇ ਖਾਲੂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਖੇਤੀਬਾੜੀ ਅਧਿਕਾਰੀਆਂ ਨੇ ਕਿਸਾਨਾਂ ਨੂੰ ਜਾਣੂੰ ਕਰਵਾਇਆ। ਡਾ. ਭਰੋਤ ਨੇ ਦੱਸਿਆ ਕਿ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਹਿਰੀਲੀ ਗੈਸ ਵੀ ਹਵਾ ਵਿੱਚ ਮਿਲਦੀ ਹੈ, ਜਿਸ ਦੇ ਪ੍ਰਦੂਸ਼ਣ ਤੋਂ ਦਮਾ, ਅੱਖਾਂ ਵਿੱਚ ਜਲਨ ਅਤੇ ਚਮੜੀ ਰੋਗ ਆਦਿ ਵਿੱਚ ਵਾਧਾ ਹੋ ਸਕਦਾ ਹੈ।
ਉਨਾਂ ਦਸਿਆ ਕਿ ਪਰਾਲੀ ਪ੍ਰਬੰਧਨ ਹੇਠ ਪੰਜਾਬ ਸਰਕਾਰ ਵਲੋਂ ਸਬਸਿਡੀ ’ਤੇ ਮਸ਼ੀਨਰੀ ਮੁਹੱਇਆ ਕਰਵਾਈ ਜਾ ਰਹੀ ਹੈ ਅਤੇ ਅਪੀਲ ਕੀਤੀ ਕਿ ਕਿਸਾਨ ਵੀਰ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਆਪਣੇ ਖੇਤਾਂ ਦੀ ਉਪਜਾਊ ਸ਼ਕਤੀ ਵਧਾਉਣ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।ਡਾ: ਸੁਖਦੇਵ ਸਿੰਘ, ਖੇਤੀਬਾੜੀ ਸੂਚਨਾ ਅਫਸਰ, ਕਪੂਰਥਲਾ ਵਲੋਂ ਝੋਨੇ ਅਤੇ ਬਾਸਮਤੀ ਦੇ ਕੀੜੇ-ਮਕੌੜੇ ਅਤੇ ਬੀਮਾਰੀਆਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੂੰ ਰੋਜ਼ਾਨਾ ਖੇਤਾਂ ਵਿੱਚ ਨਿਰੀਖਣ ਕਰਨ ਲਈ ਸੁਚੇਤ ਕੀਤਾ। ਸੁਰਜੀਤ ਸਿੰਘ, ਖੇਤੀਬਾੜੀ ਵਿਸਥਾਰ ਅਫਸਰ, ਖਾਲੂ ਵਲੋਂ ਇੰਨ-ਸੀਟੂ ਸੀ.ਆਰ.ਐਮ ਸਕੀਮ ਅਧੀਨ ਮਸ਼ੀਨਰੀ ਸਬੰਧੀ ਜਾਣਕਾਰੀ ਦਿੱਤੀ ਗਈ। ਕੈਂਪ ਵਿਚ ਜਗਜੀਤ ਸਿੰਘ, ਏ.ਟੀ.ਐਮ ,ਕੁਲਦੀਪ ਸਿੰਘ, ਗੁਰਚਰਨ ਸਿੰਘ, ਅਮਰੀਕ ਸਿੰਘ, ਜਸਵਿੰਦਰ ਸਿੰਘ, ਦਲੇਰ ਸਿੰਘ ਆਦਿ ਕਿਸਾਨ ਹਾਜ਼ਰ ਸਨ।