ਮਾਨਸਾ, 13 ਜੁਲਾਈ: ਵਾਤਾਵਰਣ ਦੀ ਸ਼ੁੱਧਤਾ ਲਈ ਜ਼ਿਲ੍ਹੇ ਭਰ ’ਚ 10 ਲੱਖ ਪੌਦੇ ਲਗਾਏ ਜਾਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਸਬੰਧਤ ਵਿਭਾਗ ਨੂੰ ਨਿਰਧਾਰਤ ਟੀਚੇ ਅਨੁਸਾਰ ਪੌਦੇ ਜੰਗਲਾਤ ਵਿਭਾਗ ਪਾਸੋਂ ਪ੍ਰਾਪਤ ਕਰਕੇ ਜਲਦੀ ਤੋਂ ਜਲਦੀ ਸ਼ਹਿਰ ਅਤੇ ਪਿੰਡਾਂ ਦੀਆਂ ਵੱਖ ਵੱਖ ਢੁਕਵੀਆਂ ਥਾਵਾਂ ’ਤੇ ਲਗਾਏ ਜਾਣ।
ਵਧੀਕ ਡਿਪਟੀ ਕਮਿਸ਼ਨਰ ਨੇ ਰੁੱਖਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆ ਕਿਹਾ ਕਿ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਜਿੱਥੇ ਸਾਡੀ ਸਾਰਿਆਂ ਦੀ ਜਿੰਮੇਵਾਰੀ ਵੱਧ ਤੋਂ ਵੱਧ ਰੁੱਖ ਲਗਾਉਣਾ ਹੈ ਉਥੇ ਹੀ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਸਾਡਾ ਮੁੱਢਲਾ ਫਰਜ਼ ਹੈ। ਹਰ ਨਾਗਰਿਕ ਨੂੰ ਵਾਤਾਵਰਣ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਦੇ ਨਾਲ ਨਾਲ ਉਨ੍ਹਾਂ ਦੀ ਸਾਂਭ ਸੰਭਾਲ ਵੀ ਯਕੀਨੀ ਬਣਾਈ ਜਾਵੇ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕੁਸੁਮ, ਜ਼ਿਲ੍ਹਾ ਜੰਗਲਾਤ ਅਫ਼ਸਰ ਹਰਦਿਆਲ ਸਿੰਘ, ਵਣ ਰੇਂਜ ਅਫ਼ਸਰ ਸੁਖਦੇਵ ਸਿੰਘ ਤੋਂ ਇਲਾਵਾ ਬੀ.ਡੀ.ਪੀ.ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Boota Singh Basi
President & Chief Editor