ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ

0
37

ਵਿਜੀਲੈਂਸ ਬਿਊਰੋ ਪੰਜਾਬ
ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ
ਚੰਡੀਗੜ, 29 ਮਈ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ ਨਗਰ, ਲੁਧਿਆਣਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮਾਂ ਨੂੰ ਦਿਨੇਸ਼ ਕੁਮਾਰ ਵਾਸੀ ਪਿੰਡ ਫੁੱਲਾਂਵਾਲ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਨੂੰ ਪਤਾ ਲੱਗਾ ਸੀ ਕਿ ਈਐਸਆਈਸੀ ਹਸਪਤਾਲ, ਭਾਰਤ ਨਗਰ ਚੌਕ ਲੁਧਿਆਣਾ ਵਿੱਚ ਠੇਕੇ ਦੇ ਆਧਾਰ ’ਤੇ ਲੈਬਾਰਟਰੀ ਟੈਕਨੀਸ਼ੀਅਨ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ। ਇਸ ਸਬੰਧੀ ਉਹ ਈਐਸਆਈਸੀ ਹਸਪਤਾਲ ਦੀ ਐਚਆਰ ਸ਼ਾਖਾ ਦੇ ਸੁਖਬੀਰ ਸਿੰਘ ਨੂੰ ਮਿਲਿਆ, ਜਿਸ ਨੇ ਉਸ ਨੂੰ ਆਪਣੇ ਵਟਸਐਪ ਨੰਬਰ ’ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼ ਭੇਜਣ ਲਈ ਕਿਹਾ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਕੁਝ ਦਿਨਾਂ ਬਾਅਦ ਕਿਸੇ ਅਣਪਛਾਤੇ ਵਿਅਕਤੀ ਨੇ ਉਸਨੂੰ ਸਮਰਾਲਾ ਚੌਂਕ ਲੁਧਿਆਣਾ ਵਿਖੇ ਮਿਲਣ ਲਈ ਬੁਲਾਇਆ, ਜਿਸ ਨੇ ਉਸਨੂੰ ਦੱਸਿਆ ਕਿ ਉਕਤ ਸੁਖਬੀਰ ਸਿੰਘ ਨੇ ਹਸਪਤਾਲ ਵਿੱਚ ਨੌਕਰੀ ਦਿਵਾਉਣ ਲਈ 1,10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਨੇ ਵੀ ਉਸ ਨੂੰ ਕੰਮ ਕਰਵਾਉਣ ਲਈ 100000 ਰੁਪਏ ਦਾ ਪ੍ਰਬੰਧ ਕਰਨ ਦੀ ਗੱਲ ਵੀ ਆਖੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਸੁਖਬੀਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਮੁੱਖ ਮੁਲਜ਼ਮ ਸੁਖਬੀਰ ਸਿੰਘ ਦੇ ਇੱਕ ਸਾਥੀ ਨਵਨੀਤ ਕੁਮਾਰ ਨੂੰ ਵੀ ਸਮਰਾਲਾ ਚੌਕ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿੱਚ ਮੁਕੱਦਮਾ ਨੰਬਰ 23 ਮਿਤੀ 29.05.2024 ਨੂੰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
——–
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ
ਚੰਡੀਗੜ੍ਹ, 29 ਮਈ:
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ’ਤੇ ਸਖ਼ਤ ਪਾਬੰਦੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਅਤੇ ਉਸਾਰੂ ਮਾਹੌਲ ਯਕੀਨੀ ਬਣਾਉਣ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਖੇਤਰ ਘੋਸ਼ਿਤ ਕਰਨ ਦਾ ਮੰਤਵ ਤੰਬਾਕੂ ਦਾ ਸੇਵਨ ਨਾ ਕਰਨ ਵਾਲਿਆਂ ਨੂੰ ਇਸਦੇ ਧੂੰਏਂ ਦੇ ਸੰਪਰਕ ਤੋਂ ਬਚਾਉਣਾ ਅਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਗੰਭੀਰ ਰੋਗ ਅਤੇ ਅੰਨ੍ਹੇਪਣ ਆਦਿ ‘ਤੇ ਕਾਬੂ ਪਾਉਣ ਲਈ ਚਲਾਈਆਂ ਜਾ ਰਹੀਆਂ ਵਿਆਪਕ ਜਨਤਕ ਸਿਹਤ ਮੁਹਿੰਮਾਂ ਅਤੇ ਕਾਨੂੰਨੀ ਤੇ ਹੋਰ ਪੱਧਰਾਂ ‘ਤੇ ਕੀਤੇ ਜਾ ਰਹੇ ਯਤਨਾਂ ਦਾ ਵੀ ਹਿੱਸਾ ਹੈ।
——–
ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ
ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ ’ਤੇ ਕੱਸਿਆ ਸ਼ਿਕੰਜਾ
ਚੰਡੀਗੜ੍ਹ, 29 ਮਈ:
ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾ ਕੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਬਕਾਰੀ ਵਿਭਾਗ, ਪੰਜਾਬ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੀ ਯੋਗ ਅਗਵਾਈ ਹੇਠ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਉੱਚ ਅਧਿਕਾਰੀਆਂ ਦੀ ਟੀਮ ਨਾਲ ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ, ਪਟਿਆਲਾ ਦੀ ਇੱਕ ਬੀਅਰ ਨਿਰਮਾਣ ਯੂਨਿਟ ਅਤੇ ਮੋਹਾਲੀ ਦੇ ਇੱਕ ਸ਼ਰਾਬ ਥੋਕ ਡਿਸਟੀਬਿਊਟਰ ਦੀ ਅਚਨਚੇਤ ਚੈਕਿੰਗ ਕੀਤੀ।
ਉਨ੍ਹਾਂ ਨੇ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਝਰਮੜੀ ਬੈਰੀਅਰ ’ਤੇ ਸਥਿਤ ਅੰਤਰਰਾਜੀ ਨਾਕਿਆਂ ਦੀ ਵੀ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ ਵਿਖੇ ਕੀਤੀ ਚੈਕਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਆਬਕਾਰੀ ਅਦਾਰਿਆਂ ’ਤੇ ਸਖ਼ਤ ਨਜ਼ਰ ਰੱਖੀ ਜਾਵੇ ਅਤੇ ਆਉਣ ਵਾਲੇ ਦਿਨਾਂ ਦੌਰਾਨ ਸ਼ਰਾਬ ਦੀ ਕੋਈ ਵੀ ਨਜਾਇਜ਼ ਵਿਕਰੀ ਨਾ ਹੋਣ ਦਿੱਤੀ ਜਾਵੇ। ਸ਼ਰਾਬ ਨਿਰਮਾਣ ਯੂਨਿਟ ਮੈਸਰਜ਼ ਅਮਾਰਾ ਬਰੂਅਰੀ ਪ੍ਰਾਈਵੇਟ ਲਿਮਟਿਡ ਪਟਿਆਲਾ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਉਤਪਾਦਨ ਅਤੇ ਡਿਸਪੈਚ ਦੇ ਰਿਕਾਰਡਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸ਼ਰਾਬ ਦੇ ਪ੍ਰਵਾਹ ’ਤੇ ਤਕਨੀਕੀ ਕੰਟਰੋਲ ਰੱਖਣ ਲਈ ਸਾਰੀਆਂ ਸ਼ਰਾਬ ਨਿਰਮਾਣ ਇਕਾਈਆਂ ’ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਅਤੇ ਬੂਮ ਬੈਰੀਅਰਾਂ ਦੇ ਕੰਮਕਾਜ ਦੀ ਵੀ ਚੈਕਿੰਗ ਕੀਤੀ। ਇਸੇ ਤਰ੍ਹਾਂ ਥੋਕ ਡਿਸਟੀਬਿਊਟਰ ਮੈਸਰਜ਼ ਵਿਸ਼ਾਲ ਐਂਟਰਪ੍ਰਾਈਜ਼, ਜੇ.ਐਲ.ਪੀ.ਐਲ. ਇੰਡਸਟਰੀਅਲ ਏਰੀਆ ਸੈਕਟਰ 82, ਮੋਹਾਲੀ ਵਿਖੇ ਵੀ ਸੀਸੀਟੀਵੀ ਲਗਾਉਣ ਅਤੇ ਇਹਨਾਂ ਦੇ ਕੰਮਕਾਜ ਦੀ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਡਿਸਟੀਬਿਊਟਰ ਵੱਲੋਂ ਰੱਖੇ ਰਿਕਾਰਡ ਦੀ ਵੀ ਜਾਂਚ ਕੀਤੀ ਗਈ। ਆਬਕਾਰੀ ਕਮਿਸ਼ਨਰ ਪੰਜਾਬ ਨੇ ਕਿਹਾ ਕਿ ਹਾਲ ਹੀ ਵਿੱਚ ਬੋਟਲਿੰਗ ਪਲਾਂਟ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਪਾਇਆ ਗਿਆ ਕਿ ਇਸ ਪਲਾਂਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਗਈ ਹੈ, ਜਿਸ ਉਪਰੰਤ ਵਿਭਾਗ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਅੱਜ ਦੀ ਚੈਕਿੰਗ ਦੌਰਾਨ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ. ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਿਰਫ਼ ਆਦਰਸ਼ ਚੋਣ ਜ਼ਾਬਤਾ ਦੇ ਸਮੇਂ ਦੌਰਾਨ ਹੀ, ਆਬਕਾਰੀ ਵਿਭਾਗ ਨੇ ਲਗਭਗ 1229 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 1064 ਗ੍ਰਿਫਤਾਰੀਆਂ ਕੀਤੀਆਂ ਹਨ, 19557 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 3787283 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਹੈ, ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 111709 ਬੋਤਲਾਂ ਜ਼ਬਤ ਕੀਤੀਆਂ ਹਨ। ਇਸ ਜ਼ਬਤੀ ਦੀ ਅਨੁਮਾਨਿਤ ਕੀਮਤ 25.71 ਕਰੋੜ ਰੁਪਏ ਹੈ। ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ।
ਕਈ ਮਾਮਲਿਆਂ ਵਿੱਚ ਇਨ੍ਹਾਂ ਉਲੰਘਣਾ ਵਿੱਚ ਸ਼ਾਮਲ ਲਾਇਸੰਸਧਾਰਕਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਆਬਕਾਰੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ ’ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ।
———-

LEAVE A REPLY

Please enter your comment!
Please enter your name here