ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬੀਆਂ ਦੇ ਰੂਬਰੂ ਕਰਨਾ ਮਾਨ ਸਰਕਾਰ ਦਾ ਸ਼ਲਾਘਾਯੋਗ ਉਦਮ – ਵਿਧਾਇਕ ਨਰਿੰਦਰ ਕੌਰ ਭਰਾਜ
ਵੱਡੀ ਗਿਣਤੀ ਲੋਕਾਂ ਅਤੇ ਬੱਚਿਆਂ ਨੇ ਝਾਕੀਆਂ ਨਾਲ ਤਸਵੀਰਾਂ ਖਿੱਚ ਕੇ ਸਦੀਵੀ ਯਾਦ ਦਾ ਹਿੱਸਾ ਬਣਾਇਆ
ਭਵਾਨੀਗੜ੍ਹ,
ਪੰਜਾਬ ਸਰਕਾਰ ਵੱਲੋਂ ‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ’, ‘ਨਾਰੀ ਸ਼ਕਤੀ’ ਅਤੇ ‘ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਰੂਪਮਾਨ’ ਕਰਦੀਆਂ ਤਿੰਨ ਝਾਕੀਆਂ ਦਾ ਅੱਜ ਦਾਣਾ ਮੰਡੀ ਭਵਾਨੀਗੜ੍ਹ ਵਿਖੇ ਪੁੱਜਣ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਮਹੱਤਵਪੂਰਨ ਝਾਕੀਆਂ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਇੱਕ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ ਹੈ ਤਾਂ ਜੋ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਸਾਜ਼ਿਸ਼ਾਂ ਦਾ ਪਰਦਾਫ਼ਾਸ਼ ਕੀਤਾ ਜਾ ਸਕੇ। ਵਿਧਾਇਕ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਮਹਾਨ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਅਤੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੇ ਹਿੱਸੇ ਆਈਆਂ ਹਨ ਜਿਸ ਉੱਤੇ ਸਾਨੂੰ ਸਭ ਨੂੰ ਮਾਣ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਨ੍ਹਾਂ ਝਾਕੀਆਂ ਨੂੰ ਦੇਖਣ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਸੌੜੀ ਸੋਚ ਤੋਂ ਲੋਕ ਭਲੀ ਭਾਂਤ ਜਾਣੂ ਹੋ ਗਏ ਹਨ । ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬੀ ਹੋਣ ਉਤੇ ਮਾਣ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਵੱਡੇ ਪੱਧਰ ਉਤੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਭ ਨੂੰ ਪਾਰਟੀ ਪੱਧਰ ਦੇ ਵਖਰੇਵੇਂ ਛੱਡ ਕੇ ਇਕਜੁੱਟ ਹੋ ਕੇ ਇਨ੍ਹਾਂ ਝਾਕੀਆਂ ਦਾ ਸਵਾਗਤ ਕਰਨਾ ਚਾਹੀਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਇਤਿਹਾਸ ਅਤੇ ਦੇਸ਼ਭਗਤਾਂ ਦੀਆਂ ਮਹਾਨ ਕੁਰਬਾਨੀਆਂ ਬਾਰੇ ਜਾਗਰੂਕ ਕਰਨ ਲਈ ਇਹ ਝਾਕੀਆਂ ਸਫ਼ਲ ਜ਼ਰੀਆ ਸਾਬਤ ਹੋਣਗੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਬੱਚਿਆਂ ਨੇ ਝਾਕੀਆਂ ਨਾਲ ਤਸਵੀਰਾਂ ਖਿਚਵਾਈਆਂ ਅਤੇ ਆਪਣੀ ਸਦੀਵੀ ਯਾਦ ਦਾ ਹਿੱਸਾ ਬਣਾਇਆ। ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ਦੇ ਉਦਮ ਦੀ ਸ਼ਲਾਘਾ ਕੀਤੀ।
ਇਸ ਦੌਰਾਨ ਉਪ ਮੰਡਲ ਮੈਜਿਸਟਰੇਟ ਵਿਨੀਤ ਕੁਮਾਰ, ਆਰ.ਟੀ.ਓ ਕੁਲਦੀਪ ਬਾਵਾ, ਡੀਈਓ ਸੰਗਰੂਰ ਸੈਕੰਫਰੀ ਸ੍ਰ. ਮੇਵਾ, ਬੀਐੱਨਓ ਸ੍ਰੀ ਕੁਲਵੀਰ ਸ਼ਰਮਾ, ਪ੍ਰਿੰਸੀਪਲ ਬਲਵਿੰਦਰ ਸਿੰਘ ਬੋਪਾਰਾਏ, ਪ੍ਰਿੰਸੀਪਲ ਤਰਵਿੰਦਰ ਕੌਰ, ਲੈਕਚਰਾਰ ਹਰਵਿੰਦਰਪਾਲ ਸਿੰਘ ਮੋਤੀ, ਗੁਰਪ੍ਰਗਟ ਸਿੰਘ, ਮਨਜੀਤ ਸਿੰਘ, ਮਨਦੀਪ ਕੌਰ, ਹਰਵਿੰਦਰ ਸਿੰਘ ਟੋਨੀ, ਸਮੇਤ ਹੋਰ ਅਧਿਕਾਰੀ, ਆਗੂ ਅਤੇ ਵੱਡੀ ਗਿਣਤੀ ਲੋਕ ਵੀ ਹਾਜ਼ਰ ਸਨ।