ਸਿੱਖਿਆ ਦੇ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਭਗਵੰਤ ਮਾਨ ਸਰਕਾਰ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ
ਸੰਗਰੂਰ, 26 ਮਈ, 2023: ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸਥਾਨਕ ਸਰਕਾਰੀ ਰਣਬੀਰ ਕਾਲਜ ‘ਚ ਰੂਸਾ ਬਲਾਕ ਦੀ ਪਹਿਲੀ ਮੰਜ਼ਿਲ ਦਾ ਉਦਘਾਟਨ ਕਰਨ ਦੇ ਨਾਲ-ਨਾਲ ਪੀ.ਜੀ. ਬਲਾਕ ‘ਚ ਕਾਮਨ ਰੂਮਜ਼ ਅਤੇ ਵਰਾਂਡੇ ਦੀ ਉਸਾਰੀ ਦੀ ਨੀਂਹ ਵੀ ਰੱਖੀ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਤਕਰੀਬਨ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਸਿੱਖਿਆ ਬਲਾਕ ਦੀ ਪਹਿਲੀ ਮੰਜ਼ਿਲ ਦਾ ਉਦਘਾਟਨ ਕੀਤਾ ਗਿਆ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਰਕਾਰੀ ਰਣਬੀਰ ਕਾਲਜ ‘ਚ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਲਗਭਗ 28.81 ਲੱਖ ਰੁਪਏ ਦੀ ਲਾਗਤ ਨਾਲ ਕਾਮਨ ਰੂਮ ਦੀ ਅਪਗ੍ਰੇਡੇਸ਼ਨ ਅਤੇ 32.84 ਲੱਖ ਰੁਪਏ ਦੀ ਲਾਗਤ ਨਾਲ ਪੀ.ਜੀ. ਬਲਾਕ ਦੇ ਅੱਗੇ ਵਰਾਂਡੇ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤਾਂ ਜੋ ਉਹ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਸਮਾਜ ‘ਚ ਉਸਾਰੂ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਦੇ ਖੇਤਰ ‘ਚ ਸੁਧਾਰ ਲਿਆਉਣ ਨਾਲ ਹੀ ਸਮਾਜ ‘ਚ ਸਾਰਥਕ ਸੁਧਾਰ ਲਿਆਉਣ ਦੇ ਸੁਪਨੇ ਨੂੰ ਹਕੀਕਤ ‘ਚ ਬਦਲਿਆ ਜਾ ਸਕਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਕਾਲਜ ਪ੍ਰਿੰਸੀਪਲ ਸੁਖਬੀਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਕੇ.ਐਸ. ਸੰਧੂ, ਕਾਲਜ ਦਾ ਸਟਾਫ ਤੇ ਪਤਵੰਤੇ ਹਾਜ਼ਰ ਸਨ।