ਲੋਕਾਂ ਦੀ ਖੱਜਲ ਖ਼ੁਆਰੀ ਬੰਦ ਕਰਕੇ ਹਰੇਕ ਪੱਖੋਂ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਾਂ : ਨਰਿੰਦਰ ਕੌਰ ਭਰਾਜ ਇੰਤਕਾਲਾਂ ਦੇ 427 ਲੰਬਿਤ ਮਾਮਲਿਆਂ ਦਾ ਨਿਪਟਾਰਾ |
ਭਵਾਨੀਗੜ੍ਹ,
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸੂਬੇ ਭਰ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲਗਾਏ ਗਏ ਇੰਤਕਾਲਾਂ ਦੇ ਬਕਾਇਆ ਕੇਸਾਂ ਦੇ ਨਿਪਟਾਰੇ ਸਬੰਧੀ ਆਯੋਜਿਤ ਵਿਸ਼ੇਸ਼ ਕੈਂਪਾਂ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਤਹਿਸੀਲ ਵਿੱਚ ਲੱਗੇ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਕਾਰੀ ਵਿਭਾਗਾਂ ਵਿੱਚ ਖੱਜਲ ਖ਼ੁਆਰੀ ਨੂੰ ਮੁਕੰਮਲ ਤੌਰ ‘ਤੇ ਬੰਦ ਕਰਨ ਦਾ ਟੀਚਾ ਮਿੱਥ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਲੋਕਾਂ ਦੇ ਮਾਮਲੇ ਨਾਲੋਂ ਨਾਲ ਹੱਲ ਕਰਵਾਏ ਜਾ ਸਕਣ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਕੈਂਪ ਵਿੱਚ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੀਆਂ ਸਬ ਡਵੀਜ਼ਨਾਂ ਸੰਗਰੂਰ ਅਤੇ ਭਵਾਨੀਗੜ੍ਹ ਦੇ ਨਿਵਾਸੀਆਂ ਨੂੰ ਵੱਡੀ ਸੁਵਿਧਾ ਹਾਸਲ ਹੋਈ ਹੈ ਅਤੇ 427 ਬਕਾਇਆ ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਤਹਿਸੀਲਦਾਰ, ਕਾਨੂੰਗੋ ਤੇ ਪਟਵਾਰੀ ਵੀ ਮੌਜੂਦ ਹਨ ਅਤੇ ਲੋਕਾਂ ਦੇ ਕੀਮਤੀ ਸਮੇਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੰਤਕਾਲ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਇਆ ਜਾ ਰਿਹਾ ਹੈ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਅਤੇ ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ ਵੀ ਮੌਜੂਦ ਸਨ।