ਯੂਥ ਕਲੱਬਾਂ ਨੂੰ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਨਿਰੰਤਰ ਸਰਗਰਮ ਰਹਿਣ ਦੀ ਲੋੜ: ਨਰਿੰਦਰ ਕੌਰ ਭਰਾਜ
ਸੰਗਰੂਰ,
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੂਥ ਕਲੱਬਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਾਰਥਕ ਕਦਮ ਪੁੱਟੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਯੂਥ ਕਲੱਬਾਂ ਨਾਲ ਜੁੜੇ ਨੌਜਵਾਨਾਂ ਨੂੰ ਖੇਡਾਂ ਨਾਲ ਵਿਆਪਕ ਪੱਧਰ ’ਤੇ ਜੋੜਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਅੱਜ 9 ਪਿੰਡਾਂ ਵਿੱਚ ਕਾਰਜਸ਼ੀਲ ਯੂਥ ਕਲੱਬਾਂ ਨੂੰ ਖੇਡ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਵਿੱਤੀ ਮਦਦ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡ ਨੂਰਪੁਰਾ, ਝਨੇੜੀ, ਬਟੜਿਆਣਾ, ਰਾਜਪੁਰਾ, ਫਤਿਹਗੜ੍ਹ ਛੰਨਾ, ਥਲੇਸ, ਰੂਪਾਹੇੜੀ, ਨਦਾਮਪੁਰ ਤੇ ਰੇਤਗੜ੍ਹ ਦੇ ਯੂਥ ਕਲੱਬਾਂ ਨੂੰ ਅੱਜ ਪਹਿਲੇ ਪੜਾਅ ਤਹਿਤ 3 ਲੱਖ 15 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈਕ ਸੌਂਪੇ ਗਏ ਹਨ ਤਾਂ ਜੋ ਉਹ ਆਪਣੀ ਜ਼ਰੂਰਤ ਅਨੁਸਾਰ ਖੇਡਾਂ ਦੇ ਸਮਾਨ ਦੀ ਖਰੀਦ ਕਰ ਸਕਣ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਕਲੱਬਾਂ ਨੂੰ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਨਿਰੰਤਰ ਸਰਗਰਮ ਰਹਿਣ ਦੀ ਲੋੜ ਹੈ ਅਤੇ ਸਾਡੇ ਅਗਾਂਹਵਧੂ ਨੌਜਵਾਨ ਹਰ ਉਸ ਖੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਬਣਨੇ ਚਾਹੀਦੇ ਹਨ ਜਿਸ ਨਾਲ ਸਮਾਜ ਦਾ ਸੁਧਾਰ ਯਕੀਨੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਲਕਾ ਸੰਗਰੂਰ ਦੇ ਅਜਿਹੇ ਯੂਥ ਕਲੱਬਾਂ ਦੀ ਨਿਰੰਤਰ ਹੌਂਸਲਾ ਅਫਜਾਈ ਕਰਨ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ ਜਿਹੜੇ ਕਲੱਬ ਜ਼ਮੀਨੀ ਪੱਧਰ ’ਤੇ ਲੋਕ ਸੇਵਾ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਵਾਤਾਵਰਣ ਸੰਭਾਲਣ ਦੀ ਮੁਹਿੰਮ ਤੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਵੀ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।