ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੰਗਰੂਰ ਤੇ ਭਵਾਨੀਗੜ੍ਹ ਮੰਡੀਆਂ ਦਾ ਦੌਰਾ

0
168

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ: ਨਰਿੰਦਰ ਕੌਰ ਭਰਾਜ

ਦਲਜੀਤ ਕੌਰ

ਸੰਗਰੂਰ, 10 ਅਪ੍ਰੈਲ, 2023: ਹਾੜ੍ਹੀ ਦੇ ਖਰੀਦ ਸੀਜ਼ਨ ਸਬੰਧੀ ਸੰਗਰੂਰ ਹਲਕੇ ਅੰਦਰ ਕੀਤੇ ਗਏ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਅਤੇ ਭਵਾਨੀਗੜ੍ਹ ਅਨਾਜ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦੀ ਗਈ ਸੁੱਕੀ ਫ਼ਸਲ ਨੂੰ ਜਲਦ ਤੋਂ ਜਲਦ ਖਰੀਦਿਆ ਜਾਵੇ।

ਇਸ ਮੌਕੇ ਵਿਧਾਇਕ ਭਰਾਜ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਾਰ ਕਣਕ ਦੀ ਖਰੀਦ ਲਈ ਬਣਾਈਆਂ ਗਈਆਂ ਮੰਡੀਆਂ ਵਿਚ ਹਰ ਲੋੜੀਂਦੀ ਸਹੂਲਤ ਉਪਲਬਧ ਕਰਵਾਈ ਜਾਵੇ ਅਤੇ ਨਾਲ ਹੀ ਲੋੜੀਂਦੇ ਬਾਰਦਾਨੇ ਦਾ ਵੀ ਇੰਤਜ਼ਾਮ ਪਹਿਲਾਂ ਹੀ ਕਰਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਸਮੁੱਚੇ ਸੀਜ਼ਨ ਦੌਰਾਨ ਫੜ੍ਹਾਂ ਦੀ ਨਿਰੰਤਰ ਸਾਫ਼-ਸਫ਼ਾਈ ਤੋਂ ਇਲਾਵਾ ਮੰਡੀਆਂ ਵਿਚ ਕਿਸਾਨਾਂ, ਮਜ਼ਦੂਰਾਂ ਆਦਿ ਲਈ ਲਾਇਟਾਂ, ਸਾਫ਼ ਪੀਣਯੋਗ ਪਾਣੀ ਅਤੇ ਪਖਾਨਿਆਂ ਦਾ ਢੁੱਕਵਾਂ ਪ੍ਰਬੰਧ ਯਕੀਨੀ ਬਣਾਉਣ ਵਾਸਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।

ਵਿਧਾਇਕ ਭਰਾਜ ਨੇ ਕਿਹਾ ਕਿ ਬੀਤੇ ਦਿਨਾਂ ‘ਚ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਹਲਕੇ ‘ਚ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ੇ ਲਈ ਗਿਰਦਾਵਰੀ ਕਰਵਾਈ ਗਈ ਹੈ ਅਤੇ ਜਲਦ ਹੀ ਯੋਗਤਾ ਦੇ ਆਧਾਰ ‘ਤੇ ਮੁਆਵਜ਼ਾ ਕਿਸਾਨਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਮੌਕੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ।

LEAVE A REPLY

Please enter your comment!
Please enter your name here