ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨਾਲ ਮੀਟਿੰਗ
ਵੱਖ-ਵੱਖ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜਾ
ਚੰਡੀਗੜ੍ਹ, 7 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਦੱਸਿਆ ਕਿ ਸ਼ਹਿਰਾਂ ਵਿਖੇ ਚੱਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ।
ਅੱਜ ਇੱਥੇ ਮਿਉਸੀਂਪਲ ਭਵਨ ਚੰਡੀਗੜ੍ਹ ਵਿਖੇ ਵਿਭਿੰਨ ਨਹਿਰੀ ਜਲ ਸਪਲਾਈ ਪ੍ਰਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਚਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ।
ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜਰੀ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਨਹਿਰੀ ਜਲ ਸਪਲਾਈ ਦੀ ਸੁਵਿਧਾ ਅੰਮ੍ਰਿਤਸਰ ਅਤੇ ਜਲੰਧਰ ਦੇ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕਾਂ ਨੂੰ ਵੀ 24×7 ਨਹਿਰੀ ਜਲ ਸਪਲਾਈ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਪ੍ਰਾਜੈਕਟ ਪ੍ਰਗਤੀ ਅਧੀਨ ਹੈ।
ਉਨ੍ਹਾਂ ਨੇ ਐਲ ਐਂਡ ਟੀ ਕੰਪਨੀ ਦੇ ਇੰਡੀਆ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਨਵੇਂ ਨਵੀਨਤਾਕਾਰੀ ਵਿਚਾਰਾਂ ਨੂੰ ਅਮਲ ਵਿੱਚ ਲਿਆਂਉਂਦੇ ਹੋਏ ਉਸਾਰੀ ਕੀਤੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਘੱਟ ਤੋ ਘੱਟ ਪਰੇਸ਼ਾਨੀ ਹੋਵੇ।
ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।