ਦਿੜ੍ਹਬਾ/ਸੰਗਰੂਰ, 5 ਜੂਨ, 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ’ਤੇ ਦਿੜ੍ਹਬਾ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਉਨ੍ਹਾਂ ਕਿਹਾ ਕਿ ਹਰਿਆਵਲ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜੋ ਟੀਚਾ ਮਿਥਿਆ ਗਿਆ ਹੈ ਉਸ ਵਿੱਚ ਹਰੇਕ ਨਾਗਰਿਕ ਨੂੰ ਪੂਰੀ ਜਿੰਮੇਵਾਰੀ ਦੀ ਭਾਵਨਾ ਨਾਲ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਅਤੇ ਆਲੇ ਦੁਆਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਸਿਰਫ਼ ਸਰਕਾਰ ਤੱਕ ਸੀਮਤ ਨਹੀਂ ਬਲਕਿ ਇਹ ਹਰੇਕ ਵਿਦਿਆਰਥੀ, ਹਰੇਕ ਦੁਕਾਨਦਾਰ, ਹਰੇਕ ਕਿੱਤੇ ਨਾਲ ਜੁੜੇ ਵਿਅਕਤੀ ਦਾ ਨੈਤਿਕ ਫਰਜ਼ ਹੈ ਕਿ ਕੁਦਰਤ ਨਾਲ ਨੇੜਿਓਂ ਜੁੜਨ ਦੀਆਂ ਕੋਸ਼ਿਸ਼ਾਂ ਨੂੰ ਸਾਕਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ ਅਤੇ ਜੇਕਰ ਅਸੀਂ ਨਾ ਸੰਭਲੇ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ, ਸਿਆਸੀ ਆਗੂਆਂ ਤੇ ਸਕੂਲੀ ਵਿਦਿਆਰਥਣਾਂ ਸਮੇਤ ਐਸ.ਡੀ.ਐਮ ਦਫ਼ਤਰ, ਨਗਰ ਪੰਚਾਇਤ ਦਫ਼ਤਰ ਤੇ ਆਲੇ ਦੁਆਲੇ 500 ਬੂਟੇ ਲਗਾਏ ਜਾਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਪ੍ਰਸ਼ਾਸਨਿਕ ਪੱਧਰ ’ਤੇ ਕਰਵਾਏ ਗਏ ਚਿੱਤਰ ਬਣਾਓ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੀਆਂ 6ਵੀਂ ਤੋਂ 10ਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਿਸ਼ਵ ਵਾਤਾਵਰਣ ਦਿਵਸ ਨੂੰ ਦਰਸਾਉਂਦੇ ਵੰਨ ਸੁਵੰਨੇ ਚਿੱਤਰ ਮੌਕੇ ’ਤੇ ਹੀ ਬਣਾਏ ਜਿਨ੍ਹਾਂ ਵਿੱਚੋਂ ਸਭ ਤੋਂ ਖੂਬਸੂਰਤ ਚਿੱਤਰ ਬਣਾਉਣ ਵਾਲੀਆਂ ਵਿਦਿਆਰਥਣਾਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿਦਿਆਰਥਣਾਂ ਨੂੰ ਲਗਾਤਾਰ ਵਾਤਾਵਰਣ ਦੀ ਸੰਭਾਲ ਲਈ ਜੁੜੇ ਰਹਿਣ ਲਈ ਪ੍ਰੇਰਿਆ ਅਤੇ ਆਪਣੇ ਪਰਿਵਾਰਾਂ ਵਿੱਚ ਵੀ ਇਹ ਸੰਦੇਸ਼ ਪਹੁੰਚਾਉਣ ਲਈ ਆਖਿਆ। ਇਸ ਮੌਕੇ ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਨਿਤੇਸ਼ ਕੁਮਾਰ ਜੈਨ (ਆਈ.ਏ.ਐਸ), ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।