ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਮਨਾਇਆ ਗਿਆ

0
258

ਚੰਡੀਗੜ੍ਹ, (ਦਲਜੀਤ ਕੌਰ ਭਵਾਨੀਗੜ੍ਹ) -ਕੌਮੀ ਆਜ਼ਾਦੀ ਖਾਤਰ ਸਾਮਰਾਜ-ਵਿਰੋਧੀ ਆਪਾ-ਵਾਰੂ ਗ਼ਦਰ ਲਹਿਰ ਦੇ ਆਕਾਸ਼ ਵਿੱਚ ਸੀਸ ਤਲ਼ੀ ਧਰ ਜੂਝਣ ਵਾਲੇ 7 ਚਮਕਦੇ ਸਿਤਾਰਿਆਂ ਕਰਤਾਰ ਸਿੰਘ ਸਰਾਭਾ, ਵਿਸ਼ਨੂੰ ਗਣੇਸ਼ ਪਿੰਗਲੇ, ਹਰਨਾਮ ਸਿੰਘ ਸਿਆਲਕੋਟੀ, ਜਗਤ ਸਿੰਘ ਸੁਰਸਿੰਘ, ਸੁਰੈਣ ਸਿੰਘ ਵੱਡਾ ਤੇ ਸੁਰੈਣ ਸਿੰਘ ਛੋਟਾ ਗਿੱਲਵਾਲੀ ਅਤੇ ਬਖਸ਼ੀਸ਼ ਸਿੰਘ ਗਿੱਲਵਾਲੀ ਨੂੰ ਜ਼ਾਲਮ ਸਾਮਰਾਜੀ ਬਰਤਾਨਵੀ ਹਕੂਮਤ ਦੁਆਰਾ 1915 ‘ਚ ਅੱਜ ਦੇ ਦਿਨ ਫਾਂਸੀ ਲਟਕਾਇਆ ਗਿਆ ਸੀ। ਇਨ੍ਹਾਂ ਸਿਰਲੱਥ ਯੋਧਿਆਂ ਦਾ 106ਵਾਂ ਸ਼ਹੀਦੀ ਦਿਹਾੜਾ ਲੰਘੇ ਦਿਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸ਼ਰਧਾਂਜਲੀ ਸਮਾਗਮ ਵਜੋਂ ਸਾਮਰਾਜੀ ਭਾਜਪਾ ਗੱਠਜੋੜ ਵਿਰੁੱਧ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਚੱਲ ਰਹੇ ਮੁਲਕ ਪੱਧਰੇ ਸਾਂਝੇ ਜਾਨ-ਹੂਲਵੇਂ ਸਾਮਰਾਜ ਵਿਰੋਧੀ ਘੋਲ਼ ਵਿੱਚ ਦਿੱਲੀ ਟਿਕਰੀ ਬਾਰਡਰ ਸਮੇਤ ਪੰਜਾਬ ਵਿਚਲੇ 40 ਪੱਕੇ ਮੋਰਚਿਆਂ ਵਿੱਚ ਸ਼ਰਧਾ ਤੇ ਜੋਸ਼ ਨਾਲ ਮਨਾਇਆ ਗਿਆ। ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਥਾਂ ਥਾਂ ਸ਼ਰਧਾਂਜਲੀ ਸਮਾਗਮਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਸੂਬਾਈ ਅਤੇ ਜਿਲ੍ਹਾ/ਬਲਾਕ ਪੱਧਰੇ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਇਨ੍ਹਾਂ ਸ਼ਹੀਦਾਂ ਦੀ ਲੋਕ ਹਿਤਾਂ ਲਈ ਘਾਲਣਾ ਤੇ ਕੁਰਬਾਨੀ ਨੂੰ ਸਿਜਦਾ ਕੀਤਾ ਅਤੇ ਉਨ੍ਹਾਂ ਦੇ ਸਤਿਕਾਰ ਹਿਤ ਦੋ ਮਿੰਟ ਦਾ ਮੌਨ ਧਾਰ ਕੇ ਹਰ ਇਕ ਪੰਡਾਲ ਵਿੱਚ ਸ਼ਰਧਾਂਜਲੀ ਭੇਂਟ ਕੀਤੀ ਗਈ। ਥਾਂ ਥਾਂ ਭਾਰੀ ਗਿਣਤੀ ਵਿੱਚ ਔਰਤਾਂ ਸਮੇਤ ਸੈਂਕੜੇ ਅਤੇ ਕੁੱਝ ਥਾਂਈਂ ਤਾਂ ਹਜ਼ਾਰ ਤੋਂ ਵੱਧ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਲ ਹੋਏ। ਬੁਲਾਰਿਆਂ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਸਮੇਤ ਬਰਤਾਨਵੀ ਸਾਮਰਾਜ ਵਿਰੋਧੀ ਕੌਮੀ ਲਹਿਰ ਦੇ ਸਮੂਹ ਸ਼ਹੀਦਾਂ ਦੀਆਂ ਕੁਰਬਾਨੀਆਂ ਮੁਲਕ ਭਰ ਦੇ ਮੋਰਚਿਆਂ ਵਿੱਚ ਡਟੇ ਹੋਏ ਕਿਸਾਨਾਂ ਮਜ਼ਦੂਰਾਂ ਤੇ ਆਮ ਕਿਰਤੀ ਲੋਕਾਂ ਲਈ ਅੱਜ ਵੀ ਚਾਨਣਮੁਨਾਰੇ ਬਣੀਆਂ ਹੋਈਆਂ ਹਨ। ਇਸ ਲਈ ਮੌਜੂਦਾ ਸਾਮਰਾਜ ਵਿਰੋਧੀ ਕਿਸਾਨ ਘੋਲ਼ ਦੀ ਹੋਰ ਮਜ਼ਬੂਤੀ ਲਈ ਸ਼ਹੀਦਾਂ ਦੀ ਮਹਾਨ ਕੁਰਬਾਨੀ ਅਤੇ ਖਰੀ ਲੋਕ ਪੱਖੀ ਸੋਚ ਤੋਂ ਪ੍ਰੇਰਨਾ ਲੈਂਦਿਆਂ ਦਿੱਲੀ ਬਾਰਡਰਾਂ ਸਮੇਤ ਮੌਜੂਦਾ ਕਿਸਾਨ ਘੋਲ਼ ਦੇ ਹਰ ਮੋਰਚੇ ਵਿੱਚ ਪੂਰੇ ਜੋਸ਼-ਓ-ਖਰੋਸ਼ ਨਾਲ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਕਿਸਾਨ ਆਗੂਆਂ ਵੱਲੋਂ 26 ਨਵੰਬਰ ਨੂੰ ਦਿੱਲੀ ਮੋਰਚਿਆਂ ਦੀ ਪਹਿਲੀ ਵਰ੍ਹੇਗੰਢ ਮੌਕੇ ਔਰਤਾਂ ਸਮੇਤ ਵਹੀਰਾਂ ਘੱਤ ਕੇ ਦਿੱਲੀ ਪਹੁੰਚਣ ਤੇ ਮੋਦੀ ਭਾਜਪਾ ਹਕੂਮਤ ਦੇ ਅੜੀਖੋਰ ਵਤੀਰੇ ਵਿਰੁੱਧ ਜ਼ੋਰਦਾਰ ਰੋਹਲੀ ਆਵਾਜ਼ ਬੁਲੰਦ ਕਰਨ ਅਤੇ ਪੰਜਾਬ ਵਿੱਚ ਵੀ ਪੱਕੇ ਮੋਰਚੇ ਜਾਰੀ ਰੱਖਣ ਦਾ ਸੰਯੁਕਤ ਕਿਸਾਨ ਮੋਰਚੇ ਦਾ ਸੱਦਾ ਜ਼ੋਰ ਸ਼ੋਰ ਨਾਲ ਲਾਗੂ ਕਰਨ ਦਾ ਸੱਦਾ ਦਿੱਤਾ ਗਿਆ।

LEAVE A REPLY

Please enter your comment!
Please enter your name here