ਸ਼ਹੀਦ ਜਸਵਿੰਦਰ ਸਿੰਘ, ਮਨਦੀਪ ਸਿੰਘ ਅਤੇ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਲਈ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ

0
370

ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਸੈਨਾ ਮੈਡਲ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ ਜੋ ਪੁੰਛ ਸੈਕਟਰ (ਜੰਮੂ ਕਸ਼ਮੀਰ) ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਦੇਸ਼ ਸੇਵਾ ਵਿਚ ਆਪਣੀਆਂ ਜਾਨਾਂ ਨਿਛਾਵਰ ਕਰ ਗਏ। ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਸੂਰਬੀਰਾਂ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਗਈ ਸਮਰਪਣ ਭਾਵਨਾ ਅਤੇ ਇੱਥੋਂ ਤੱਕ ਕਿ ਆਪਣੀਆਂ ਜ਼ਿੰਦਗੀਆਂ ਖਤਰੇ ਵਿਚ ਪਾ ਦੇਣ ਦਾ ਸਾਹਸ ਬਾਕੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਸ਼ਿੱਦਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਹੇਗਾ। ਦੱਸਣਯੋਗ ਹੈ ਕਿ ਮੈਕਾਨਾਈਜ਼ਡ ਇਨਫੈਂਟਰੀ (1 ਸਿੱਖ) ਦੇ ਯੂਨਿਟ-4 ਦੇ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਕਪੂਰਥਲਾ ਜ਼ਿਲੇ ਵਿਚ ਸਥਿਤ ਪਿੰਡ ਮਾਨਾ ਤਲਵੰਡੀ ਦੇ ਵਾਸੀ ਸਨ ਜੋ ਆਪਣੇ ਪਿੱਛੇ ਪਤਨੀ ਸਰਦਾਰਨੀ ਰਾਜ ਕੌਰ ਅਤੇ ਧੀ ਸਿਮਰਜੀਤ ਕੌਰ ਛੱਡ ਗਏ। ਇਸੇ ਤਰਾਂ 11 ਸਿੱਖ ਦੇ ਨਾਇਕ ਮਨਦੀਪ ਸਿੰਘ ਜੋ ਗੁਰਦਾਸਪੁਰ ਜ਼ਿਲੇ ਵਿਚ ਘਣੀਕੇ ਬਾਂਗਰ (ਅਲੀਵਾਲ ਤੋਂ ਫਤਿਹਗੜ ਚੂੜੀਆਂ ਰੋਡ) ਨੇੜੇ ਪਿੰਡ ਚੱਠਾ ਸ਼ੀਰਾ ਦੇ ਸਨ, ਆਪਣੇ ਪਿੱਛੇ ਪਤਨੀ ਸਰਦਾਰਨੀ ਮਨਦੀਪ ਕੌਰ ਅਤੇ ਦੋ ਪੁੱਤਰ ਛੱਡ ਗਏ ਅਤੇ 23 ਸਿੱਖ ਦੇ ਸਿਪਾਹੀ ਗੱਜਣ ਸਿੰਘ ਰੋਪੜ ਜ਼ਿਲੇ ਵਿਚ ਪਿੰਡ ਪਛਰੰਦਾ ਦੇ ਵਾਸੀ ਸਨ, ਜਿਨਾਂ ਦਾ ਵਿਆਹ ਚਾਰ ਮਹੀਨੇ ਪਹਿਲਾਂ ਹੀ ਹੋਇਆ ਸੀ ਜੋ ਆਪਣੇ ਪਿੱਛੇ ਪਤਨੀ ਸਰਦਾਰਨੀ ਹਰਪ੍ਰੀਤ ਕੌਰ ਛੱਡ ਗਏ।

LEAVE A REPLY

Please enter your comment!
Please enter your name here