ਸਕੂਲੀ ਵਾਹਨਾਂ ਦੀ ਜਾਂਚ ਦੌਰਾਨ ਅਨਿਯਮਤਾਵਾਂ ਪਾਏ ਜਾਣ ‘ਤੇ ਸਕੂਲੀ ਵਾਹਨ ਹੋਣਗੇ ਜ਼ਬਤ: ਡਿਪਟੀ ਕਮਿਸ਼ਨਰ

0
41
ਸਕੂਲੀ ਵਾਹਨਾਂ ਦੀ ਜਾਂਚ ਦੌਰਾਨ ਅਨਿਯਮਤਾਵਾਂ ਪਾਏ ਜਾਣ ‘ਤੇ ਸਕੂਲੀ ਵਾਹਨ ਹੋਣਗੇ ਜ਼ਬਤ: ਡਿਪਟੀ ਕਮਿਸ਼ਨਰ
ਜਿਲ੍ਹਾ ਸੰਗਰੂਰ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼
ਵਿਦਿਆਰਥੀਆਂ ਦੀ ਜਾਨ ਨੂੰ ਜੋਖਮ ਵਿੱਚ ਪਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਸੰਗਰੂਰ, 23 ਅਪ੍ਰੈਲ, 2024: ਜਿਲ੍ਹਾ ਸੰਗਰੂਰ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਵਿਭਾਗੀ ਪੱਧਰ ‘ਤੇ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਕੂਲੀ ਵਾਹਨਾਂ ਦੀ ਜਾਂਚ ਦੌਰਾਨ ਅਨਿਯਮਤਾਵਾਂ ਪਾਏ ਜਾਣ ਦੀ ਸੂਰਤ ਵਿੱਚ ਸਕੂਲੀ ਵਾਹਨਾਂ ਨੂੰ ਜ਼ਬਤ ਕੀਤੇ ਜਾਣ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਵਿਦਿਆਰਥੀਆਂ ਦੀ ਜਾਨ ਨੂੰ ਜੋਖਮ ਵਿੱਚ ਨਹੀਂ ਪਾਇਆ ਜਾ ਸਕਦਾ ਅਤੇ ਜਿਹੜੇ ਸਕੂਲਾਂ ਦੇ ਮੁਖੀ ਵਾਰ ਵਾਰ ਕੀਤੀਆਂ ਜਾ ਰਹੀਆਂ ਪ੍ਰਸ਼ਾਸ਼ਨਿਕ ਅਪੀਲਾਂ ਦੇ ਬਾਵਜੂਦ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਦੇ ਪਾਏ ਜਾਣਗੇ ਉਨ੍ਹਾਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੀ ਇਨ ਬਿਨ ਪਾਲਣਾ ਲਈ ਸੁਚੇਤ ਕੀਤਾ ਜਾਵੇ। ਉਨ੍ਹਾਂ ਨੇ ਸਮੂਹ ਐਸ. ਡੀ. ਐਮ., ਆਰ. ਟੀ. ਓ. ਅਤੇ ਪੁਲਿਸ ਅਧਿਕਾਰੀਆਂ ਨੂੰ ਸਕੂਲੀ ਵਾਹਨਾਂ ਦੀ ਨਿਯਮਿਤ ਜਾਂਚ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਵੱਖ-ਵੱਖ ਥਾਈਂ ਵਾਪਰੀਆਂ ਸੜਕ ਦੁਰਘਟਨਾਵਾਂ ਦੌਰਾਨ ਵਾਹਨ ਚਾਲਕਾਂ ਦੀ ਅਣਗਹਿਲੀ ਕਾਰਨ ਸਕੂਲੀ ਵਿਦਿਆਰਥੀਆਂ ਦੀ ਜਾਨ ਖਤਰੇ ਵਿੱਚ ਪਈ ਜਿਸ ਦੇ ਮੱਦੇਨਜ਼ਰ ਜਿਲ੍ਹਾ ਸੰਗਰੂਰ ਦੇ ਸਮੂਹ ਸਕੂਲਾਂ ਵਿੱਚ ਸਕੂਲੀ ਵਾਹਨਾਂ ਦੇ ਡਰਾਈਵਰਾਂ ਲਈ ਲਾਜ਼ਮੀ ਤੌਰ ਤੇ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ ਤਾਂ ਕਿ ਭਵਿੱਖ ਵਿੱਚ ਕਿਸੇ ਅਣਗਹਿਲੀ ਦੀ ਗੁੰਜਾਇਸ਼ ਨਾ ਰਹੇ। ਉਨ੍ਹਾਂ ਸਕੂਲੀ ਵਾਹਨਾਂ ਵਿੱਚ ਫਸਟ ਏਡ ਬਾਕਸ, ਅੱਗ ਨਿਯੰਤ੍ਰਣ ਯੰਤਰਾਂ, ਐਮਰਜੈਸੀ ਦਰਵਾਜਾ, ਪਰਮਿਟ, ਮਹਿਲਾ ਸਹਾਇਕ, ਸੀਟਾਂ ਦੀ ਸਮਰੱਥਾ ਆਦਿ ਮਾਪਦੰਡਾਂ ਦੀ ਚੈਕਿੰਗ ਵੀ ਕਰਦੇ ਰਹਿਣ ਦੇ ਆਦੇਸ਼ ਦਿੱਤੇ।
ਮੀਟਿੰਗ ਦੌਰਾਨ ਏ. ਡੀ. ਸੀ. (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ. ਡੀ. ਐਮ. ਸੁਨਾਮ ਪ੍ਰਮੋਦ ਸਿੰਗਲਾ, ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ. ਡੀ. ਐਮ. ਲਹਿਰਾ ਸੂਬਾ ਸਿੰਘ, ਐਸ. ਡੀ. ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਐਸ. ਡੀ. ਐਮ. ਧੂਰੀ ਅਮਿਤ ਕੁਮਾਰ, ਡੀ. ਐਸ.ਪੀ. ਗੁਰਦੇਵ ਸਿੰਘ ਧਾਲੀਵਾਲ, ਆਰ.ਟੀ.ਓ. ਕੁਲਦੀਪ ਬਾਵਾ, ਟਰੈਫਿਕ ਇੰਚਾਰਜ ਪਵਨ ਸ਼ਰਮਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਫੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਜਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ।

LEAVE A REPLY

Please enter your comment!
Please enter your name here